Saturday, September 12Punjabi People

CM ਭਗਵੰਤ ਮਾਨ ਨਾਲ ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦੀ ਮੁਲਾਕਾਤ, ਪੰਜਾਬ ਤੇ ਪ੍ਰਵਾਸੀ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ, 12 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਯੂਨਾਈਟਿਡ ਕਿੰਗਡਮ ਦੇ ਸੰਸਦ ਮੈਂਬਰ ਅਤੇ ਬ੍ਰਿਟਿਸ਼ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਵਿਚਾਲੇ ਬੁੱਧਵਾਰ ਨੂੰ ਪੰਜਾਬ, ਪ੍ਰਵਾਸੀ ਪੰਜਾਬੀਆਂ ਅਤੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਹੋਇਆ। ਮੁਲਾਕਾਤ ਦੌਰਾਨ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਤੋਂ ਲੈ ਕੇ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਨਿਵੇਸ਼ ਵਧਾਉਣ ਤੱਕ ਕਈ ਮਾਮਲੇ ਵਿਚਾਰੇ ਗਏ।

ਇਹ ਮੁਲਾਕਾਤ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਵਿਧਾਨ ਸਭਾ ਕੰਪਲੈਕਸ ਸਥਿਤ ਮੁੱਖ ਮੰਤਰੀ ਦਫ਼ਤਰ ਵਿੱਚ ਹੋਈ। ਤਨਮਨਜੀਤ ਸਿੰਘ ਢੇਸੀ ਨੂੰ ਵਿਸ਼ੇਸ਼ ਤੌਰ ‘ਤੇ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਸੱਦਾ ਦਿੱਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਪੰਜਾਬ ਅਤੇ ਪੰਜਾਬੀ ਭਾਈਚਾਰੇ ਲਈ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਪ੍ਰਵਾਸੀ ਪੰਜਾਬੀਆਂ ਦੀਆਂ ਜਾਇਦਾਦੀ ਸਮੱਸਿਆਵਾਂ ‘ਤੇ ਚਰਚਾ

ਮੁਲਾਕਾਤ ਦੌਰਾਨ ਤਨਮਨਜੀਤ ਸਿੰਘ ਢੇਸੀ ਨੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਦਰਪੇਸ਼ ਸਮੱਸਿਆਵਾਂ ਦਾ ਮੁੱਦਾ ਵਿਸ਼ੇਸ਼ ਤੌਰ ‘ਤੇ ਉਠਾਇਆ। ਉਨ੍ਹਾਂ ਕਿਹਾ ਕਿ ਜ਼ਮੀਨ ਅਤੇ ਜਾਇਦਾਦ ਨਾਲ ਸਬੰਧਤ ਵਿਵਾਦ ਪ੍ਰਵਾਸੀ ਪੰਜਾਬੀਆਂ ਲਈ ਵੱਡੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਅਜਿਹੇ ਮਾਮਲਿਆਂ ਦੇ ਨਿਰਧਾਰਤ ਸਮੇਂ ਅੰਦਰ ਨਿਪਟਾਰੇ ਲਈ ਇੱਕ ਪ੍ਰਭਾਵਸ਼ਾਲੀ ਪ੍ਰਣਾਲੀ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਢੇਸੀ ਨੇ ਕਿਹਾ ਕਿ ਜੇਕਰ ਪ੍ਰਵਾਸੀ ਪੰਜਾਬੀਆਂ ਦੇ ਜਾਇਦਾਦੀ ਮਾਮਲਿਆਂ ਦਾ ਤੇਜ਼ੀ ਨਾਲ ਨਿਪਟਾਰਾ ਹੋਵੇ ਤਾਂ ਉਨ੍ਹਾਂ ਨੂੰ ਵਾਰ-ਵਾਰ ਪੰਜਾਬ ਆਉਣ ਜਾਂ ਸਾਲਾਂ ਤੱਕ ਅਦਾਲਤੀ ਕਾਰਵਾਈ ਵਿੱਚ ਫਸੇ ਰਹਿਣ ਦੀ ਮੁਸ਼ਕਲ ਤੋਂ ਰਾਹਤ ਮਿਲ ਸਕਦੀ ਹੈ। ਇਸ ਨਾਲ ਪ੍ਰਵਾਸੀ ਭਾਈਚਾਰੇ ਦਾ ਪੰਜਾਬ ਵਿੱਚ ਸਰਕਾਰੀ ਪ੍ਰਬੰਧ ਅਤੇ ਨਿਆਂ ਪ੍ਰਣਾਲੀ ਪ੍ਰਤੀ ਭਰੋਸਾ ਵੀ ਹੋਰ ਮਜ਼ਬੂਤ ਹੋਵੇਗਾ।

ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ਨੂੰ ਮਜ਼ਬੂਤ ਕਰਨ ‘ਤੇ ਜ਼ੋਰ

ਮੀਟਿੰਗ ਦੌਰਾਨ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਹੋਰ ਬਿਹਤਰ ਬਣਾਉਣ ‘ਤੇ ਵੀ ਵਿਸਥਾਰ ਨਾਲ ਵਿਚਾਰ ਹੋਇਆ। ਤਨਮਨਜੀਤ ਸਿੰਘ ਢੇਸੀ ਨੇ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਨੂੰ ਪੂਰੇ ਉੱਤਰੀ ਭਾਰਤ ਲਈ ਪ੍ਰਮੁੱਖ ਹਵਾਈ ਕੇਂਦਰਾਂ ਵਜੋਂ ਵਿਕਸਤ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਲੰਡਨ, ਬਰਮਿੰਘਮ ਸਮੇਤ ਦੁਨੀਆ ਦੇ ਹੋਰ ਪ੍ਰਮੁੱਖ ਸ਼ਹਿਰਾਂ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਬਿਹਤਰ ਹਵਾਈ ਸੰਪਰਕ ਨਾਲ ਨਾ ਸਿਰਫ਼ ਪ੍ਰਵਾਸੀ ਪੰਜਾਬੀਆਂ ਨੂੰ ਸਹੂਲਤ ਮਿਲੇਗੀ, ਸਗੋਂ ਪੰਜਾਬ ਵਿੱਚ ਸੈਰ-ਸਪਾਟਾ, ਵਪਾਰ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਵੀ ਵੱਡਾ ਹੁਲਾਰਾ ਮਿਲ ਸਕਦਾ ਹੈ।

ਕਾਰਗੋ ਸੇਵਾਵਾਂ ਅਤੇ ਨਿਵੇਸ਼ ਨੂੰ ਮਿਲੇਗਾ ਹੁਲਾਰਾ

ਵਿਚਾਰ-ਵਟਾਂਦਰੇ ਦੌਰਾਨ ਅੰਤਰਰਾਸ਼ਟਰੀ ਹਵਾਈ ਮਾਲ ਢੋਆ-ਢੁਆਈ ਅਤੇ ਵਪਾਰਕ ਹਵਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ। ਢੇਸੀ ਨੇ ਕਿਹਾ ਕਿ ਪੰਜਾਬ ਵਿੱਚ ਮਜ਼ਬੂਤ ਕਾਰਗੋ ਬੁਨਿਆਦੀ ਢਾਂਚਾ ਸਥਾਪਤ ਹੋਣ ਨਾਲ ਸੂਬੇ ਦੇ ਵਪਾਰ ਅਤੇ ਉਦਯੋਗ ਨੂੰ ਨਵੇਂ ਬਾਜ਼ਾਰਾਂ ਤੱਕ ਪਹੁੰਚ ਮਿਲ ਸਕਦੀ ਹੈ।

ਉਨ੍ਹਾਂ ਕਿਹਾ ਕਿ ਬਿਹਤਰ ਹਵਾਈ ਸੰਪਰਕ ਅਤੇ ਕਾਰਗੋ ਸਹੂਲਤਾਂ ਪੰਜਾਬ ਵਿੱਚ ਪ੍ਰਵਾਸੀ ਪੰਜਾਬੀਆਂ ਵੱਲੋਂ ਨਿਵੇਸ਼ ਨੂੰ ਵੀ ਉਤਸ਼ਾਹਿਤ ਕਰ ਸਕਦੀਆਂ ਹਨ। ਇਸ ਨਾਲ ਉਦਯੋਗ, ਵਪਾਰ, ਸੈਰ-ਸਪਾਟਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੇਗੀ।

ਧਮਕੀਆਂ ਅਤੇ ਫਿਰੌਤੀ ਦੇ ਮਾਮਲਿਆਂ ‘ਤੇ ਚਿੰਤਾ

ਤਨਮਨਜੀਤ ਸਿੰਘ ਢੇਸੀ ਨੇ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਕਾਰੋਬਾਰੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ਦਾ ਮੁੱਦਾ ਵੀ ਮੁੱਖ ਮੰਤਰੀ ਕੋਲ ਰੱਖਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪ੍ਰਵਾਸੀ ਪੰਜਾਬੀ ਭਾਈਚਾਰੇ ਵਿੱਚ ਸੁਰੱਖਿਆ ਅਤੇ ਭਰੋਸੇ ਨਾਲ ਜੁੜੀਆਂ ਚਿੰਤਾਵਾਂ ਪੈਦਾ ਕਰਦੀਆਂ ਹਨ।

ਉਨ੍ਹਾਂ ਭਾਰਤ, ਯੂਕੇ, ਕੈਨੇਡਾ, ਆਸਟ੍ਰੇਲੀਆ ਅਤੇ ਅਮਰੀਕਾ ਦੀਆਂ ਸਰਕਾਰਾਂ ਵਿਚਾਲੇ ਬਿਹਤਰ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ, ਤਾਂ ਜੋ ਸਰਹੱਦਾਂ ਤੋਂ ਪਾਰ ਹੋ ਰਹੀਆਂ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਦੇ ਕਾਰੋਬਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਅਮਨ ਦਾ ਸੰਦੇਸ਼

ਮੁਲਾਕਾਤ ਦੌਰਾਨ ਖੇਤਰ ਵਿੱਚ ਅਮਨ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੀ ਵੱਧ ਤੋਂ ਵੱਧ ਵਰਤੋਂ ਦੇ ਮੁੱਦੇ ‘ਤੇ ਵੀ ਵਿਚਾਰ ਹੋਇਆ। ਦੋਵਾਂ ਆਗੂਆਂ ਨੇ ਖੇਤਰੀ ਸ਼ਾਂਤੀ, ਧਾਰਮਿਕ ਯਾਤਰਾ ਅਤੇ ਲੋਕਾਂ ਵਿਚਕਾਰ ਆਪਸੀ ਸੰਪਰਕ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਅਤੇ ਪ੍ਰਵਾਸੀ ਪੰਜਾਬੀ ਭਾਈਚਾਰੇ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ‘ਤੇ ਭਵਿੱਖ ਵਿੱਚ ਵੀ ਮਿਲ ਕੇ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਮੁਲਾਕਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।

Leave a Reply

Your email address will not be published. Required fields are marked *