
ਚੰਡੀਗੜ੍ਹ, 29 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ, ਜਿਸ ਨਾਲ ਇਸ ਯੋਜਨਾ ਦੀ ਸ਼ੁਰੂਆਤ ਦਾ ਰਾਹ ਸਾਫ ਹੋ ਗਿਆ ਹੈ। ਇਸ ਯੋਜਨਾ ਅਧੀਨ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਹੋਰ ਸਾਰੀਆਂ ਮਹਿਲਾਵਾਂ ਨੂੰ 1000 ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਸੂਬੇ ਦੀਆਂ 97 ਫੀਸਦ ਤੋਂ ਵੱਧ ਮਹਿਲਾਵਾਂ ਨੂੰ ਲਾਭ ਪਹੁੰਚਾਏਗੀ।
ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਖੁਦਮੁਖਤਿਆਰ ਅਤੇ ਸਸ਼ਕਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਸ ਨਾਲ ਮਹਿਲਾਵਾਂ ਨੂੰ ਬਚਤ ਅਤੇ ਨਿਵੇਸ਼ ਕਰਨ ਦੇ ਮੌਕੇ ਮਿਲਣਗੇ ਅਤੇ ਉਹ ਆਪਣੇ ਪਰਿਵਾਰਕ ਲੋੜਾਂ ਨੂੰ ਪੂਰਾ ਕਰਨ ਦੇ ਯੋਗ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਹਾਲਾਂਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਅਤੇ ਮਨੁੱਖੀ ਵਿਕਾਸ ਦੇ ਖੇਤਰ ਵਿੱਚ ਕਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ, ਫਿਰ ਵੀ ਕਈ ਮਹਿਲਾਵਾਂ, ਖਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸੰਬੰਧਿਤ, ਵਿੱਤੀ ਸੁਰੱਖਿਆ ਤੋਂ ਵਾਂਝੀਆਂ ਹਨ। ਇਸ ਪ੍ਰਸੰਗ ਵਿੱਚ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨਾ ਪਰਿਵਾਰਕ ਭਲਾਈ ਨੂੰ ਸੁਧਾਰਨ, ਲਿੰਗ ਸਮਾਨਤਾ ਨੂੰ ਵਧਾਉਣ ਅਤੇ ਸਮਾਜਿਕ-ਆਰਥਿਕ ਫੈਸਲਿਆਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਦਫ਼ਤਰ ਨੇ ਇਹ ਵੀ ਦੱਸਿਆ ਕਿ ਇਹ ਯੋਜਨਾ ਦੇਸ਼ ਦੀਆਂ ਸਭ ਤੋਂ ਵੱਡੀਆਂ ਮਹਿਲਾ-ਕੇਂਦਰਿਤ ਸਮਾਜਿਕ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਹੋਵੇਗੀ, ਜਿਸ ਨਾਲ 97 ਫੀਸਦ ਤੋਂ ਵੱਧ ਮਹਿਲਾਵਾਂ ਨੂੰ ਸਿੱਧਾ ਲਾਭ ਮਿਲੇਗਾ। ਇਹ ਮਹਿਲਾਵਾਂ ਲਈ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਵੱਲ ਇਕ ਅਹਿਮ ਕਦਮ ਹੈ।
ਇਸ ਯੋਜਨਾ ਤਹਿਤ ਰਕਮ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ। ਇੱਕ ਪਰਿਵਾਰ ਵਿੱਚ ਯੋਗ ਮਹਿਲਾਵਾਂ ਦੀ ਗਿਣਤੀ ‘ਤੇ ਕੋਈ ਸੀਮਾ ਨਹੀਂ ਹੋਵੇਗੀ ਅਤੇ ਇਕੋ ਪਰਿਵਾਰ ਦੀਆਂ ਕਈ ਮਹਿਲਾਵਾਂ ਇਸ ਦਾ ਲਾਭ ਲੈ ਸਕਣਗੀਆਂ। ਮੌਜੂਦਾ ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਵੀ ਆਪਣੀ ਪੈਨਸ਼ਨ ਤੋਂ ਇਲਾਵਾ ਇਸ ਯੋਜਨਾ ਦੇ ਪੂਰੇ ਲਾਭ ਮਿਲਣਗੇ।
ਪੰਜਾਬ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਉਹ ਮਹਿਲਾਵਾਂ ਜੋ ਵੋਟਰ ਵਜੋਂ ਰਜਿਸਟਰਡ ਹਨ, ਜਿਨ੍ਹਾਂ ਕੋਲ ਪੰਜਾਬ ਦਾ ਰਿਹਾਇਸ਼ੀ ਆਧਾਰ ਕਾਰਡ ਅਤੇ ਚੋਣ ਕਮਿਸ਼ਨ ਵੱਲੋਂ ਜਾਰੀ ਵੋਟਰ ਕਾਰਡ ਹੈ, ਇਸ ਯੋਜਨਾ ਲਈ ਯੋਗ ਹੋਣਗੀਆਂ।
ਸਰਕਾਰ ਵੱਲੋਂ ਯਕੀਨੀ ਬਣਾਇਆ ਜਾਵੇਗਾ ਕਿ ਹਰ ਯੋਗ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚੇ। ਇਸ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ, ਜਿਨ੍ਹਾਂ ਰਾਹੀਂ ਦਸਤਾਵੇਜ਼ੀ ਕਾਰਵਾਈ, ਬੈਂਕ ਖਾਤਿਆਂ ਦੀ ਸਰਗਰਮੀ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਮਹਿਲਾਵਾਂ ਦੀ ਮਦਦ ਕੀਤੀ ਜਾਵੇਗੀ, ਖਾਸ ਕਰਕੇ ਪੇਂਡੂ ਅਤੇ ਪਿੱਛੜੇ ਖੇਤਰਾਂ ਵਿੱਚ।
ਇਸ ਯੋਜਨਾ ਨੂੰ ਹੋਰ ਮਜ਼ਬੂਤ ਕਰਨ ਲਈ ਵਿੱਤੀ ਸਾਲ 2026-27 ਦੇ ਬਜਟ ਵਿੱਚ 9300 ਕਰੋੜ ਰੁਪਏ ਦੀ ਰਕਮ ਰਾਖਵੀਂ ਕੀਤੀ ਗਈ ਹੈ, ਜਿਸ ਨਾਲ ਇਹ ਪੰਜਾਬ ਸਰਕਾਰ ਦੀਆਂ ਸਭ ਤੋਂ ਵੱਡੀਆਂ ਮਹਿਲਾ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਬਣੇਗੀ।
ਇਸ ਤੋਂ ਇਲਾਵਾ, ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ 70 ਅਸਾਮੀਆਂ ਭਰਨ ਦੀ ਮਨਜ਼ੂਰੀ ਦਿੱਤੀ ਹੈ।
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟ੍ਰਾਂਸਕੋ) ਦੇ ਸੀ.ਐਮ.ਡੀ. ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਯੋਗਤਾਵਾਂ ਅਤੇ ਤਜਰਬੇ ਸਬੰਧੀ ਸ਼ਰਤਾਂ ਵਿੱਚ ਸੋਧ ਕਰਨ ਨੂੰ ਵੀ ਮਨਜ਼ੂਰੀ ਮਿਲੀ ਹੈ।
ਝਾਰਖੰਡ ਦੇ ਪਾਕੁੜ ਜ਼ਿਲ੍ਹੇ ਵਿੱਚ ਸਥਿਤ ਪਛਵਾੜਾ ਕੇਂਦਰੀ ਕੋਲਾ ਖਾਣ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਠੇਕੇ ਦੇ ਆਧਾਰ ‘ਤੇ ਮਨੁੱਖੀ ਸ਼ਕਤੀ ਅਤੇ ਸਹਾਇਕ ਸਟਾਫ ਦੀ ਭਰਤੀ ਲਈ ਵੀ ਹਰੀ ਝੰਡੀ ਦਿੱਤੀ ਗਈ ਹੈ।
ਮੰਤਰੀ ਮੰਡਲ ਨੇ ਲੀਜ਼ਹੋਲਡ ਉਦਯੋਗਿਕ ਪਲਾਟਾਂ ਨੂੰ ਫ੍ਰੀਹੋਲਡ ਵਿੱਚ ਤਬਦੀਲ ਕਰਨ ਸਬੰਧੀ ਨੀਤੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਬੈਂਕਾਂ ਕੋਲ ਗਿਰਵੀ ਪਲਾਟ ਵੀ ਨਿਰਧਾਰਤ ਸ਼ਰਤਾਂ ਅਧੀਨ ਤਬਦੀਲ ਕੀਤੇ ਜਾ ਸਕਣਗੇ।
ਇਸ ਦੇ ਨਾਲ ਹੀ, ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ-2026 ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ, ਜਿਸ ਨਾਲ ਉਦਯੋਗਿਕ ਖੇਤਰਾਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਜਾਵੇਗਾ।
ਅੰਤ ਵਿੱਚ, ਮੰਤਰੀ ਮੰਡਲ ਨੇ ਐਨ.ਐਚ.ਏ.ਆਈ. ਦੇ ਹਾਈਵੇ ਪ੍ਰਾਜੈਕਟਾਂ ਲਈ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਨੂੰ ਵੀ ਮਨਜ਼ੂਰੀ ਦਿੱਤੀ ਹੈ, ਤਾਂ ਜੋ ਦਰਿਆ ਪ੍ਰਬੰਧਨ ਅਤੇ ਹੜ੍ਹਾਂ ਦੇ ਖਤਰੇ ਨੂੰ ਘਟਾਇਆ ਜਾ ਸਕੇ।
