
ਜਲੰਧਰ, 25 ਮਾਰਚ 2026: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਭਾਰੀ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਬਲਾਕ ਕੋਆਰਡੀਨੇਟਰਾਂ ਦੇ ਟ੍ਰੇਨਿੰਗ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਜਲੰਧਰ ਪਹੁੰਚੇ। ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਖਿਲਾਫ਼ ਇਕ ਵਿਸ਼ਾਲ ਅਤੇ ਨਿਰਣਾਇਕ ਜੰਗ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਂਝੀ ਇਕਜੁੱਟਤਾ ਅਤੇ ਮਿਲਜੁਲ ਕੇ ਕੀਤੇ ਯਤਨਾਂ ਨਾਲ ਹੀ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਮਿਟਾਇਆ ਜਾ ਸਕਦਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਟਾਂਡਾ ਤੋਂ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ, ਦਸੂਹਾ ਤੋਂ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਸਮੇਤ ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਦੇ ਹਲਕਾ ਇੰਚਾਰਜ ਅਤੇ ਵੱਡੀ ਗਿਣਤੀ ਵਿੱਚ ਬਲਾਕ ਕੋਆਰਡੀਨੇਟਰ ਮੌਜੂਦ ਰਹੇ।
ਨਸ਼ਿਆਂ ਦੇ ਖਿਲਾਫ਼ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਪਿੰਡਾਂ ਅਤੇ ਵਾਰਡ ਪੱਧਰ ’ਤੇ ਜਾ ਕੇ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇ ਤਾਂ ਜੋ ਉਨ੍ਹਾਂ ’ਤੇ ਕੜੀ ਤੋਂ ਕੜੀ ਕਾਰਵਾਈ ਹੋ ਸਕੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਮੁਹਿੰਮ ਚਲਾ ਰਹੀ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਨਸ਼ੇ ਦੇ ਆਦੀ ਲੋਕਾਂ ਨੂੰ ਇਲਾਜ ਰਾਹੀਂ ਮੁਕਤ ਕੀਤਾ ਜਾ ਰਿਹਾ ਹੈ, ਉੱਥੇ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਸੰਪਤੀਆਂ ’ਤੇ ਬੁਲਡੋਜ਼ਰ ਕਾਰਵਾਈ ਵੀ ਕੀਤੀ ਜਾ ਰਹੀ ਹੈ ਤਾਂ ਜੋ ਅਗਲੇ ਸਮੇਂ ਵਿੱਚ ਕੋਈ ਵੀ ਅਜਿਹੀ ਗੈਰਕਾਨੂੰਨੀ ਹਰਕਤ ਕਰਨ ਤੋਂ ਪਹਿਲਾਂ ਸੋਚੇ।
ਬਲਾਕ ਕੋਆਰਡੀਨੇਟਰਾਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਿਰਫ਼ ਇਕ ਕਾਰਵਾਈ ਨਹੀਂ, ਸਗੋਂ ਇਕ ਯੁੱਧ ਵਜੋਂ ਲਿਆ ਜਾਵੇ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣਾ ਯੋਗਦਾਨ ਪਾਇਆ ਜਾਵੇ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਜ਼ਿਲ੍ਹਿਆਂ ਵਿੱਚ ਟ੍ਰੇਨਿੰਗ ਸੈਸ਼ਨਾਂ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪੱਧਰ ’ਤੇ ਹੋਰ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੀ ਇਕਜੁੱਟਤਾ ਨਾਲ ਪੰਜਾਬ ਜਲਦ ਹੀ ਨਸ਼ਾ-ਮੁਕਤ ਅਤੇ ਖੁਸ਼ਹਾਲ ਸੂਬਾ ਬਣੇਗਾ।
ਉਨ੍ਹਾਂ ਹਲਕਾ ਵਿਧਾਇਕਾਂ ਅਤੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਉਹ ਮੈਦਾਨੀ ਪੱਧਰ ’ਤੇ ਖੁਦ ਸਰਗਰਮ ਰਹਿਣ ਅਤੇ ਬਲਾਕ ਕੋਆਰਡੀਨੇਟਰਾਂ ਦੀ ਕਾਰਗੁਜ਼ਾਰੀ ’ਤੇ ਨਿਗਰਾਨੀ ਰੱਖਣ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੜੇ ਰੁਖ਼ ਕਾਰਨ ਅੱਜ ਨਸ਼ਾ ਕਾਰੋਬਾਰ ਨਾਲ ਜੁੜੇ ਕਈ ਲੋਕ ਜੇਲ੍ਹਾਂ ਵਿੱਚ ਹਨ ਜਾਂ ਸੂਬਾ ਛੱਡ ਚੁੱਕੇ ਹਨ।
ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੋਆਬਾ ਜ਼ੋਨ ਦੇ ਕੋਆਰਡੀਨੇਟਰ ਨਯਨ ਛਾਬੜਾ ਵੱਲੋਂ ਬਲਾਕ ਕੋਆਰਡੀਨੇਟਰਾਂ ਲਈ ਟ੍ਰੇਨਿੰਗ ਸੈਸ਼ਨ ਕਰਵਾਇਆ ਗਿਆ, ਜਿਸ ਵਿੱਚ ਕਈ ਕੋਆਰਡੀਨੇਟਰ ਆਨਲਾਈਨ ਵੀ ਸ਼ਾਮਲ ਹੋਏ।
ਇਸ ਮੌਕੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਪ੍ਰਿੰ. ਪ੍ਰੇਮ ਕੁਮਾਰ, ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਦਿਨੇਸ਼ ਢੱਲ, ਫਗਵਾੜਾ ਦੇ ਹਲਕਾ ਇੰਚਾਰਜ ਹਰਜੀ ਮਾਨ, ਨਸ਼ਾ ਮੁਕਤੀ ਮੋਰਚਾ ਦੋਆਬਾ ਜ਼ੋਨ ਦੇ ਵਾਈਸ ਕੋਆਰਡੀਨੇਟਰ ਅਤਿਨ ਅਗਨੀਹੋਤਰੀ ਅਤੇ ਹੋਰ ਜ਼ਿਲ੍ਹਾ ਤੇ ਹਲਕਾ ਇੰਚਾਰਜਾਂ ਸਮੇਤ ਬਲਾਕ ਕੋਆਰਡੀਨੇਟਰ ਵੀ ਹਾਜ਼ਰ ਸਨ।
