Wednesday, July 29Punjabi People

‘ਯੁੱਧ ਨਸ਼ਿਆਂ ਵਿਰੁੱਧ’: ਸੂਬੇ ਭਰ ਦੇ 426 ਡਰੱਗ ਹਾਟਸਪੌਟਸ ‘ਤੇ ਛਾਪੇ, 248 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 19 ਮਾਰਚ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਜਾਰੀ ਸਖ਼ਤ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ ਆਪਣੀ ਨਸ਼ਾ ਵਿਰੋਧੀ ਕਾਰਵਾਈ ਦੇ 383ਵੇਂ ਦਿਨ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ। ਇਹ ਕਾਰਵਾਈ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ, ਅਰਥਾਤ ਨਸ਼ਿਆਂ ਦੀ ਖਰੀਦ-ਫਰੋਖ਼ਤ ਵਾਲੀਆਂ ਥਾਵਾਂ, ‘ਤੇ ਕੀਤੀ ਗਈ।

ਇਹ ਮੁਹਿੰਮ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਅੰਜ਼ਾਮ ਦਿੱਤੀ ਗਈ। ਮੁਹਿੰਮ ਦੀ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ।

ਦਿਨ ਭਰ ਚੱਲੀ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਸੂਬੇ ਭਰ ਦੇ 426 ਡਰੱਗ ਹੌਟਸਪੌਟਸ ‘ਤੇ ਛਾਪੇ ਮਾਰੇ। ਇਸ ਦੌਰਾਨ 200 ਐਫਆਈਆਰ ਦਰਜ ਕਰਕੇ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 710 ਗ੍ਰਾਮ ਹੈਰੋਇਨ, 20 ਕਿਲੋ ਭੁੱਕੀ, 2655 ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 14,150 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ 1 ਮਾਰਚ 2025 ਤੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਹੁਣ ਤੱਕ ਸੂਬੇ ਭਰ ਵਿੱਚ 38,119 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 54,190 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਬਰਾਮਦਗੀ ਵਿੱਚ 2384 ਕਿਲੋਗ੍ਰਾਮ ਹੈਰੋਇਨ, 715 ਕਿਲੋਗ੍ਰਾਮ ਅਫੀਮ, 303 ਕੁਇੰਟਲ ਭੁੱਕੀ, 834 ਕਿਲੋਗ੍ਰਾਮ ਗਾਂਜਾ, 51.35 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, 36 ਕਿਲੋਗ੍ਰਾਮ ਆਈਸ ਅਤੇ 17 ਕਰੋੜ ਰੁਪਏ ਦੀ ਡਰੱਗ ਮਨੀ ਸ਼ਾਮਲ ਹੈ।

ਉਨ੍ਹਾਂ ਹੋਰ ਦੱਸਿਆ ਕਿ ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ 1.21 ਲੱਖ ਲੋਕਾਂ ਨੂੰ ਨਸ਼ਾ ਛੁਡਾਊ ਅਤੇ ਓਟ ਕੇਂਦਰਾਂ ਵਿੱਚ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ ਗਿਆ ਹੈ।

ਇਸਦੇ ਨਾਲ ਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 58ਵੇਂ ਦਿਨ ਪੁਲਿਸ ਨੇ 207 ਵਿਅਕਤੀਆਂ ਨੂੰ ਚਾਰ ਹਥਿਆਰਾਂ ਸਮੇਤ ਕਾਬੂ ਕੀਤਾ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 15,458 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 101 ਵਿਅਕਤੀਆਂ ਨੂੰ ਜਾਂਚ ਤੋਂ ਬਾਅਦ ਰਿਹਾ ਕਰ ਦਿੱਤਾ ਗਿਆ। ਕਾਰਵਾਈ ਦੌਰਾਨ ਪੁਲਿਸ ਨੇ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ।

Leave a Reply

Your email address will not be published. Required fields are marked *