ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾਉਣ ’ਤੇ ਜ਼ੋਰ, 36,792 ਮਕਾਨਾਂ ਨੂੰ ਮਨਜ਼ੂਰੀ
ਚੰਡੀਗੜ੍ਹ, 23 ਅਗਸਤ 2026: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਸੁਰੱਖਿਅਤ, ਮਜ਼ਬੂਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੱਚੇ ਘਰਾਂ ਜਾਂ ਅਸੁਰੱਖਿਅਤ ਹਾਲਾਤਾਂ ਵਿੱਚ ਰਹਿ ਰਹੇ ਕਿਸੇ ਵੀ ਯੋਗ ਪਰਿਵਾਰ ਨੂੰ ਸਰਕਾਰੀ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲਣ ਤੋਂ ਵਾਂਝਾ ਨਾ ਰਹਿਣਾ ਪਵੇ।
ਸ੍ਰੀ ਸੌਂਦ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਅਜੇ ਵੀ ਬੁਨਿਆਦੀ ਰਿਹਾਇਸ਼ੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਅਜਿਹੇ ਪਰਿਵਾਰਾਂ ਲਈ ਪੱਕਾ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਸੁਰੱਖਿਆ, ਸਨਮਾਨ ਅਤੇ ਬਿਹਤਰ ਜੀਵਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਰਿਹਾਇਸ਼ੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
...









