
ਚੰਡੀਗੜ੍ਹ, 17 ਜੂਨ 2026: ਚੰਡੀਗੜ੍ਹ ਪ੍ਰਸ਼ਾਸਨ ਨੇ ਪੰਚਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਤਿਕਾਰ ਵਜੋਂ 18 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਾਲ 2026 ਦੇ ਛੁੱਟੀਆਂ ਵਾਲੇ ਕੈਲੰਡਰ ਵਿੱਚ ਇਹ ਦਿਨ ਪਹਿਲਾਂ ਰਾਖਵੀਂ ਛੁੱਟੀ ਵਜੋਂ ਦਰਜ ਸੀ, ਪਰ ਹੁਣ ਇਸ ਨੂੰ ਪੂਰੀ ਜਨਤਕ ਛੁੱਟੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਇਸ ਫ਼ੈਸਲੇ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਨਿਗਮ, ਸਰਕਾਰੀ ਵਿਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਉਦਯੋਗਿਕ ਇਕਾਈਆਂ ਵਿੱਚ ਵੀ ਛੁੱਟੀ ਰਹੇਗੀ।
ਗ੍ਰਹਿ ਸਕੱਤਰ ਦੀਪਰਾਵਾ ਲਾਕਰਾ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੁੱਟੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ ਅਤੇ ਇਸ ਦਿਨ ਚੰਡੀਗੜ੍ਹ ਵਿੱਚ ਸਰਕਾਰੀ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ।
