
ਚੰਡੀਗੜ੍ਹ, 16 ਸਤੰਬਰ 2026: ਚੰਡੀਗੜ੍ਹ ਵਿੱਚ ਕਾਂਗਰਸ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਕਈ ਪਾਰਟੀ ਆਗੂਆਂ ਅਤੇ ਵਰਕਰਾਂ ਦੇ ਮੋਬਾਈਲ ਫੋਨ ਅਤੇ ਪਰਸ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਰੀਬ 60 ਕਾਂਗਰਸੀ ਆਗੂਆਂ ਨੇ ਆਪਣੇ ਮੋਬਾਈਲ ਫੋਨ ਗੁੰਮ ਹੋਣ ਦੀ ਸ਼ਿਕਾਇਤ ਕੀਤੀ ਹੈ। ਇਸ ਤੋਂ ਇਲਾਵਾ ਕੁਝ ਆਗੂਆਂ ਦੀਆਂ ਜੇਬ੍ਹਾਂ ਵਿੱਚੋਂ ਪਰਸ ਵੀ ਗਾਇਬ ਹੋਣ ਦੀ ਗੱਲ ਸਾਹਮਣੇ ਆਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰਦਰਸ਼ਨ ਚੰਡੀਗੜ੍ਹ ਦੇ ਸੈਕਟਰ-15 ਵਿੱਚ ਵਿੱਤ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨ ਵਿੱਚ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ। ਭੀੜ ਜ਼ਿਆਦਾ ਹੋਣ ਕਾਰਨ ਇਸ ਦੌਰਾਨ ਕਈ ਆਗੂਆਂ ਨੂੰ ਆਪਣੇ ਨਿੱਜੀ ਸਮਾਨ ਦੇ ਗੁੰਮ ਹੋਣ ਦਾ ਪਤਾ ਬਾਅਦ ਵਿੱਚ ਲੱਗਾ।
ਪ੍ਰਦਰਸ਼ਨ ਨੂੰ ਦੇਖਦੇ ਹੋਏ ਮੌਕੇ ‘ਤੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਮੋਬਾਈਲ ਫੋਨ ਅਤੇ ਪਰਸ ਗੁੰਮ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ।
ਕਈ ਕਾਂਗਰਸੀ ਆਗੂਆਂ ਨੇ ਆਪਣੇ ਗੁੰਮ ਹੋਏ ਮੋਬਾਈਲ ਫੋਨਾਂ ਅਤੇ ਹੋਰ ਸਮਾਨ ਸਬੰਧੀ ਪੁਲਿਸ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਪੁਲਿਸ ਵੱਲੋਂ ਸ਼ਿਕਾਇਤਾਂ ਦੇ ਆਧਾਰ ‘ਤੇ ਗੁੰਮ ਹੋਏ ਮੋਬਾਈਲ ਫੋਨਾਂ ਅਤੇ ਪਰਸਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਸਮਾਨ ਕਿਸ ਹਾਲਾਤ ਵਿੱਚ ਗੁੰਮ ਹੋਇਆ।
ਪ੍ਰਦਰਸ਼ਨ ਵਾਲੀ ਥਾਂ ‘ਤੇ ਮੌਜੂਦ ਭੀੜ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਜੁੜੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ਿਕਾਇਤਕਰਤਾਵਾਂ ਤੋਂ ਗੁੰਮ ਹੋਏ ਸਮਾਨ ਦੀ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ, ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ।
