
ਮੋਹਾਲੀ, 16 ਜੂਨ 2026 : ਪੰਜਾਬ ਵਿੱਚ ਨਸ਼ਾ ਤਸਕਰੀ ਦੇ ਨਵੇਂ ਤਰੀਕੇ ਸਾਹਮਣੇ ਆ ਰਹੇ ਹਨ। ਜਾਣਕਾਰੀ ਅਨੁਸਾਰ ਤਸਕਰ ਫ਼ੋਨ ‘ਤੇ ਆਰਡਰ ਲੈ ਕੇ ਘਰਾਂ ਤੱਕ ਨਸ਼ੇ ਦੀ ਸਪਲਾਈ ਕਰ ਰਹੇ ਹਨ। ਇਸੇ ਕੜੀ ਤਹਿਤ ਮੋਹਾਲੀ ਦੇ ਪਿੰਡ ਝੰਜੇੜੀ ਵਿੱਚ ਚਿੱਟਾ ਸਪਲਾਈ ਕਰਨ ਆਏ ਦੋ ਨੌਜਵਾਨਾਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ।
ਮੁੱਢਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਕਾਰ ਵਿੱਚ ਸਵਾਰ ਹੋ ਕੇ ਨਸ਼ੇ ਦੀ ਡਿਲਿਵਰੀ ਦੇਣ ਲਈ ਪਿੰਡ ਵਿੱਚ ਪਹੁੰਚੇ ਸਨ। ਘਟਨਾ ਤੋਂ ਬਾਅਦ ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਵਾਸੀ ਅਮਿਤ ਖਾਨ ਨੇ ਦੱਸਿਆ ਕਿ ਇਹ ਵਿਅਕਤੀ ਪਿਛਲੇ ਕਰੀਬ ਦੋ ਸਾਲਾਂ ਤੋਂ ਪਿੰਡ ਵਿੱਚ ਨਸ਼ਾ ਸਪਲਾਈ ਕਰਨ ਦੇ ਸ਼ੱਕ ਹੇਠ ਸਨ। ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਰੰਗੇ ਹੱਥੀਂ ਫੜਨ ਲਈ ਯੋਜਨਾ ਬਣਾਈ।
ਮੰਗਲਵਾਰ ਨੂੰ ਜਦੋਂ ਦੋਵੇਂ ਮੁਲਜ਼ਮ ਆਪਣੀ ਕਾਰ ਰਾਹੀਂ ਨਸ਼ਾ ਸਪਲਾਈ ਕਰਨ ਲਈ ਪਿੰਡ ਵਿੱਚ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕਰਕੇ ਕਾਬੂ ਕਰ ਲਿਆ। ਇਸ ਉਪਰੰਤ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਦੋਵਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਖਰੜ ਸਦਰ ਥਾਣੇ ਦੇ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਨਸ਼ਾ ਕਿੱਥੋਂ ਲਿਆਉਂਦੇ ਸਨ ਅਤੇ ਇਸ ਗਿਰੋਹ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।
