
ਚੰਡੀਗੜ੍ਹ, 13 ਸਤੰਬਰ 2026: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐੱਮ.ਏ. ਇਤਿਹਾਸ ਦੇ ਪੋਸਟ-ਗ੍ਰੈਜੂਏਟ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਅਹਿਮ ਪੇਪਰ ਹਟਾਏ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਇਸ ਫੈਸਲੇ ਨੂੰ ਚਿੰਤਾਜਨਕ ਅਤੇ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਇਸ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਇਤਿਹਾਸਕ ਅਤੇ ਪ੍ਰਮੁੱਖ ਅਕਾਦਮਿਕ ਸੰਸਥਾ ਵੱਲੋਂ ਪੰਜਾਬ ਦੇ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਪਿੱਛੇ ਕਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਕਿਸੇ ਇੱਕ ਖਿੱਤੇ ਜਾਂ ਭਾਈਚਾਰੇ ਤੱਕ ਸੀਮਤ ਨਹੀਂ ਹੈ, ਸਗੋਂ ਇਹ ਭਾਰਤ ਦੇ ਸਮੁੱਚੇ ਇਤਿਹਾਸ ਦਾ ਅਹਿਮ ਅਤੇ ਅਟੁੱਟ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਗੁਰੂ ਸਾਹਿਬਾਨ ਦੀਆਂ ਮਹਾਨ ਜੀਵਨ-ਯਾਤਰਾਵਾਂ, ਖ਼ਾਲਸਾ ਪੰਥ ਦੀ ਸਾਜਨਾ, ਸਿੱਖ ਸੰਘਰਸ਼, ਸਿੱਖ ਰਾਜ ਅਤੇ ਕਈ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਨੂੰ ਆਪਣੇ ਅੰਦਰ ਸਮੋਇਆ ਹੋਇਆ ਹੈ। ਇਨ੍ਹਾਂ ਇਤਿਹਾਸਕ ਘਟਨਾਵਾਂ ਨੇ ਨਾ ਸਿਰਫ਼ ਪੰਜਾਬ ਸਗੋਂ ਭਾਰਤ ਦੇ ਸਮਾਜਿਕ, ਰਾਜਨੀਤਿਕ ਅਤੇ ਸੱਭਿਆਚਾਰਕ ਵਿਕਾਸ ’ਤੇ ਵੀ ਡੂੰਘਾ ਪ੍ਰਭਾਵ ਪਾਇਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਐੱਮ.ਏ. ਪੱਧਰ ਦੀ ਉੱਚ ਸਿੱਖਿਆ ਵਿੱਚ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਵਿਸ਼ਿਆਂ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ, ਕਿਉਂਕਿ ਇਸ ਪੱਧਰ ’ਤੇ ਵਿਦਿਆਰਥੀਆਂ ਨੂੰ ਇਤਿਹਾਸਕ ਘਟਨਾਵਾਂ ਅਤੇ ਵਿਰਾਸਤ ਦਾ ਖੋਜਪੂਰਨ ਤੇ ਡੂੰਘਾਈ ਨਾਲ ਅਧਿਐਨ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਸ਼ਿਆਂ ਨੂੰ ਸਿਲੇਬਸ ਵਿੱਚੋਂ ਹਟਾਉਣ ਨਾਲ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ, ਵਿਰਸੇ ਅਤੇ ਇਤਿਹਾਸਕ ਚੇਤਨਾ ਨਾਲ ਜੋੜਨ ਦੇ ਮੌਕੇ ਘਟ ਸਕਦੇ ਹਨ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਦੀ ਜ਼ਿੰਮੇਵਾਰੀ ਸਿਰਫ਼ ਨਵੇਂ ਵਿਸ਼ਿਆਂ ਨੂੰ ਪਾਠਕ੍ਰਮ ਵਿੱਚ ਸ਼ਾਮਲ ਕਰਨਾ ਨਹੀਂ, ਬਲਕਿ ਇਤਿਹਾਸਕ ਵਿਰਾਸਤ ਨੂੰ ਤੱਥਾਂ, ਖੋਜ ਅਤੇ ਅਕਾਦਮਿਕ ਦ੍ਰਿਸ਼ਟੀਕੋਣ ਦੇ ਆਧਾਰ ’ਤੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਵੀ ਹੈ। ਉਨ੍ਹਾਂ ਅਨੁਸਾਰ ਇਤਿਹਾਸ ਨੂੰ ਸਮਝਣ ਲਈ ਵੱਖ-ਵੱਖ ਖੇਤਰਾਂ, ਸਮਾਜਾਂ ਅਤੇ ਇਤਿਹਾਸਕ ਧਾਰਾਵਾਂ ਦਾ ਸੰਤੁਲਿਤ ਅਧਿਐਨ ਜ਼ਰੂਰੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਇਤਿਹਾਸ, ਪੰਜਾਬੀ ਭਾਸ਼ਾ, ਸੱਭਿਆਚਾਰ ਅਤੇ ਵਿਰਾਸਤ ਨਾਲ ਡੂੰਘਾ ਇਤਿਹਾਸਕ ਸਬੰਧ ਰਿਹਾ ਹੈ। ਇਸ ਲਈ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਪੰਜਾਬ ਨਾਲ ਸਬੰਧਤ ਇਤਿਹਾਸਕ ਵਿਸ਼ਿਆਂ ਨੂੰ ਸਿਲੇਬਸ ਵਿੱਚ ਉਚਿਤ ਅਤੇ ਮਹੱਤਵਪੂਰਨ ਸਥਾਨ ਦਿੱਤਾ ਜਾਵੇ।
ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਅਤੇ ਸਬੰਧਤ ਅਕਾਦਮਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਹਟਾਏ ਗਏ ਚਾਰ ਪੇਪਰਾਂ ਦੇ ਫੈਸਲੇ ’ਤੇ ਮੁੜ ਵਿਚਾਰ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪੇਪਰਾਂ ਨੂੰ ਪਹਿਲਾਂ ਦੀ ਤਰ੍ਹਾਂ ਸਿਲੇਬਸ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਵਿਦਿਆਰਥੀਆਂ ਨੂੰ ਪੰਜਾਬ ਦੇ ਇਤਿਹਾਸਕ ਵਿਰਸੇ ਦਾ ਅਕਾਦਮਿਕ ਅਤੇ ਖੋਜਪੂਰਨ ਅਧਿਐਨ ਕਰਨ ਦਾ ਮੌਕਾ ਦਿੱਤਾ ਜਾਵੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਅਜਿਹੇ ਕਿਸੇ ਵੀ ਕਦਮ ਤੋਂ ਬਚਣਾ ਚਾਹੀਦਾ ਹੈ, ਜਿਸ ਨਾਲ ਪੰਜਾਬ ਦੀ ਇਤਿਹਾਸਕ ਵਿਰਾਸਤ ਜਾਂ ਸਿੱਖ ਇਤਿਹਾਸ ਦੀ ਅਕਾਦਮਿਕ ਮਹੱਤਤਾ ਨੂੰ ਘਟਾਉਣ ਦਾ ਪ੍ਰਭਾਵ ਪੈਦਾ ਹੋਵੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਤੱਥਾਂ ਅਤੇ ਖੋਜ ਦੇ ਆਧਾਰ ’ਤੇ ਅਕਾਦਮਿਕ ਪੱਧਰ ’ਤੇ ਪੜ੍ਹਾਇਆ ਜਾਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਮਹੱਤਵਪੂਰਨ ਹੈ।
