
ਚੰਡੀਗੜ੍ਹ, 7 ਅਗਸਤ, 2026: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਇਸ ਮਸਲੇ ਨੂੰ ਬੇਹੱਦ ਗੰਭੀਰ ਦੱਸਦਿਆਂ ਭਰੋਸਾ ਦਿੱਤਾ ਕਿ ਪ੍ਰਭਾਵਿਤ ਵਿਦਿਆਰਥੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਪ੍ਰੈੱਸ ਕਾਨਫਰੰਸ ਅਤੇ ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਰੀਬ 1,500 ਪੰਜਾਬੀ ਵਿਦਿਆਰਥੀ ਇਸ ਸੰਕਟ ਨਾਲ ਪ੍ਰਭਾਵਿਤ ਹਨ। ਸਰਕਾਰ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਯਤਨਸ਼ੀਲ ਹੈ।
0ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਗਿਆ ਹੈ। ਨਾਲ ਹੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ, ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ਨੂੰ ਜਲਦ ਰਾਹਤ ਮਿਲ ਸਕੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਹ ਨੌਜਵਾਨ ਹਨ ਜਿਨ੍ਹਾਂ ਨੇ ਆਪਣੇ ਅਤੇ ਆਪਣੇ ਪਰਿਵਾਰ ਦੇ ਚੰਗੇ ਭਵਿੱਖ ਦੀ ਆਸ ਨਾਲ ਲੱਖਾਂ ਰੁਪਏ ਖਰਚ ਕਰਕੇ ਕੈਨੇਡਾ ਵਿੱਚ ਪੜ੍ਹਾਈ ਕੀਤੀ। ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਗਿਆ ਸੀ ਕਿ ਦੋ ਸਾਲਾ ਕੋਰਸ ਪੂਰਾ ਕਰਨ ਤੋਂ ਬਾਅਦ ਉਹ ਵਰਕ ਪਰਮਿਟ ਲਈ ਯੋਗ ਹੋਣਗੇ, ਪਰ ਮੌਜੂਦਾ ਸਥਿਤੀ ਕਾਰਨ ਕਈ ਵਿਦਿਆਰਥੀ ਮਾਨਸਿਕ, ਆਰਥਿਕ ਅਤੇ ਕਾਨੂੰਨੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।
0ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਕਈ ਪ੍ਰਭਾਵਿਤ ਵਿਦਿਆਰਥੀਆਂ ਨੇ ਸਿੱਧੇ ਤੌਰ ‘ਤੇ ਉਨ੍ਹਾਂ ਨਾਲ ਸੰਪਰਕ ਕਰਕੇ ਮਦਦ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਪੂਰੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਸੁਣ ਰਹੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਕਈ ਵਿਦਿਆਰਥੀਆਂ ਨੇ ਫੈਡਰਲ ਕੋਰਟ ਆਫ ਕੈਨੇਡਾ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜੇ ਲੋੜ ਪਈ ਤਾਂ ਪੰਜਾਬ ਸਰਕਾਰ ਯੋਗ ਵਕੀਲਾਂ ਦੀ ਸਹਾਇਤਾ ਉਪਲਬਧ ਕਰਵਾਉਣ ਦੇ ਵਿਕਲਪ ‘ਤੇ ਵੀ ਵਿਚਾਰ ਕਰੇਗੀ, ਤਾਂ ਜੋ ਪ੍ਰਭਾਵਿਤ ਵਿਦਿਆਰਥੀਆਂ ‘ਤੇ ਪੈਣ ਵਾਲਾ ਵਿੱਤੀ ਬੋਝ ਘਟਾਇਆ ਜਾ ਸਕੇ।
ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਇਸ ਮਾਨਵੀ ਮਸਲੇ ਨੂੰ ਕੈਨੇਡੀਅਨ ਸਰਕਾਰ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਣ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਅਤੇ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮਾਮਲੇ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਹੋਰ ਸਬੰਧਤ ਧਿਰਾਂ ਨਾਲ ਮਿਲ ਕੇ ਹਰ ਸੰਭਵ ਯਤਨ ਜਾਰੀ ਰੱਖੇਗੀ।
