
ਚੰਡੀਗੜ੍ਹ, 1 ਜੁਲਾਈ 2026: ਚੰਡੀਗੜ੍ਹ ਵਿੱਚ ਸਕੂਲਾਂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਹ ਧਮਕੀ ਈਮੇਲ ਰਾਹੀਂ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ, ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਜਦੋਂ ਚੰਡੀਗੜ੍ਹ ਦੇ ਸਕੂਲ ਮੁੜ ਖੁੱਲ੍ਹੇ ਹੀ ਸਨ, ਤਦ ਹੀ ਇਹ ਧਮਕੀ ਭਰੇ ਈਮੇਲ ਮਿਲਣੇ ਸ਼ੁਰੂ ਹੋ ਗਏ। ਸਭ ਤੋਂ ਪਹਿਲਾਂ ਸੈਕਟਰ 31 ਸਥਿਤ ਏਅਰ ਫੋਰਸ ਸਕੂਲ ਨੂੰ ਇਸ ਤਰ੍ਹਾਂ ਦਾ ਈਮੇਲ ਪ੍ਰਾਪਤ ਹੋਇਆ। ਇਸ ਤੋਂ ਬਾਅਦ ਕਈ ਹੋਰ ਸਕੂਲਾਂ ਨੂੰ ਵੀ ਧਮਕੀ ਮਿਲਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ।
ਇਨ੍ਹਾਂ ਵਿੱਚ ਸੈਕਟਰ 37B ਅਤੇ 37D ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 38 ਦਾ ਵਿਵੇਕ ਹਾਈ ਸਕੂਲ, ਸੈਕਟਰ 26 ਦੇ ਸੈਕਰਡ ਹਾਰਟ ਸਕੂਲ ਅਤੇ ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ, ਸੈਕਟਰ 40 ਦਾ ਡੀ.ਪੀ.ਐਸ. ਸਕੂਲ ਅਤੇ ਸੈਕਟਰ 9 ਦਾ ਕਾਰਮੇਲ ਕਾਨਵੈਂਟ ਸਕੂਲ ਸ਼ਾਮਲ ਹਨ।
ਸੁਰੱਖਿਆ ਏਜੰਸੀਆਂ ਅਨੁਸਾਰ, ਧਮਕੀ ਭਰੇ ਈਮੇਲਾਂ ਵਿੱਚ ਸਿਰਫ਼ ਸਕੂਲਾਂ ਹੀ ਨਹੀਂ ਸਗੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਇਸ ਤੋਂ ਇਲਾਵਾ ਰੇਲਵੇ ਟਰੈਕਾਂ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦਾ ਵੀ ਜ਼ਿਕਰ ਮਿਲਿਆ ਹੈ।
ਪੁਲਿਸ ਵੱਲੋਂ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਾਈਬਰ ਸੈੱਲ ਵੱਲੋਂ ਈਮੇਲ ਦੇ ਸਰੋਤ ਦੀ ਪਛਾਣ ਲਈ ਜਾਂਚ ਜਾਰੀ ਹੈ। ਅਧਿਕਾਰੀਆਂ ਨੇ ਕਿਹਾ ਹੈ ਕਿ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਅਫ਼ਵਾਹ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
