
ਚੰਡੀਗੜ੍ਹ, 2 ਮਈ 2026: ਸਿੱਖ ਯੋਧੇ ਹਰੀ ਸਿੰਘ ਨਲਵਾ ਦੇ ਜੀਵਨ ‘ਤੇ ਫ਼ਿਲਮ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਪਹੁੰਚੀ ਮੰਗ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 28 ਦਸੰਬਰ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਅਨੁਸਾਰ ਪੁਰਾਤਨ ਸਿੱਖ ਯੋਧਿਆਂ ‘ਤੇ ਫ਼ਿਲਮਾਂ, ਐਨੀਮੇਸ਼ਨ ਫ਼ਿਲਮਾਂ ਜਾਂ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਆਧਾਰਿਤ ਵੀਡੀਓ ਬਣਾਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਕਿਉਂਕਿ ਹਰੀ ਸਿੰਘ ਨਲਵਾ ਵੀ ਮਹਾਨ ਪੁਰਾਤਨ ਸਿੱਖ ਯੋਧਿਆਂ ਵਿੱਚ ਸ਼ਾਮਲ ਹਨ, ਇਸ ਲਈ ਉਨ੍ਹਾਂ ਦੇ ਜੀਵਨ ‘ਤੇ ਫ਼ਿਲਮ ਬਣਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ।
ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਮੁੰਬਈ ਸਥਿਤ ਭਾਨੂਸ਼ਲੀ ਸਟੂਡੀਓ ਲਿਮਿਟਡ ਦੇ ਕੋ-ਪ੍ਰੋਡਿਊਸਰ ਭਾਵੇਸ਼ ਭਾਨੂਸ਼ਲੀ ਨੇ ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਸੀ ਕਿ ਉਨ੍ਹਾਂ ਦੀ ਕੰਪਨੀ ਹਰੀ ਸਿੰਘ ਨਲਵਾ ਦੇ ਜੀਵਨ ‘ਤੇ ਫ਼ਿਲਮ ਤਿਆਰ ਕਰਨਾ ਚਾਹੁੰਦੀ ਹੈ। ਇਸ ਸਬੰਧੀ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕਰਨਾ ਚਾਹੁੰਦੇ ਸਨ।
ਇਸ ਮਾਮਲੇ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਜਥੇਦਾਰ ਗੜਗੱਜ ਦੇ ਨਿਰਦੇਸ਼ਾਂ ਅਨੁਸਾਰ ਭਾਨੂਸ਼ਲੀ ਸਟੂਡੀਓ ਲਿਮਿਟਡ ਨੂੰ ਲਿਖਤੀ ਰੂਪ ਵਿੱਚ ਜਾਣਕਾਰੀ ਭੇਜ ਦਿੱਤੀ ਗਈ ਹੈ ਕਿ ਹਰੀ ਸਿੰਘ ਨਲਵਾ ਦੇ ਜੀਵਨ ‘ਤੇ ਫ਼ਿਲਮ ਬਣਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ।
ਉਨ੍ਹਾਂ ਇਹ ਵੀ ਦੱਸਿਆ ਕਿ ਭਾਨੂਸ਼ਲੀ ਸਟੂਡੀਓ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਫ਼ਿਲਮਾਂ ਸਬੰਧੀ ਜਾਰੀ ਕੀਤੇ ਗਏ ਹਾਲੀਆ ਆਦੇਸ਼ ਦੀ ਅਸਲ ਕਾਪੀ ਅਤੇ ਉਸਦਾ ਅੰਗਰੇਜ਼ੀ ਅਨੁਵਾਦ ਵੀ ਭੇਜਿਆ ਗਿਆ ਹੈ, ਤਾਂ ਜੋ ਭਵਿੱਖ ਵਿੱਚ ਸਿੱਖ ਇਤਿਹਾਸ ਅਤੇ ਧਾਰਮਿਕ ਵਿਸ਼ਿਆਂ ‘ਤੇ ਕੰਮ ਕਰਦੇ ਸਮੇਂ ਉਹ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਪਾਬੰਦੀਆਂ ਦਾ ਪੂਰਾ ਧਿਆਨ ਰੱਖ ਸਕਣ।
