Sunday, October 25Punjabi People

Canada Gurdwara: ਪਾਵਨ ਸਰੂਪਾਂ ਦੀ ਮਰਿਆਦਾ ਉਲੰਘਣਾ ਮਾਮਲਾ, ਅਕਾਲ ਤਖ਼ਤ ਵੱਲੋਂ ਗੁਰਦੁਆਰਾ ਸਿੰਘ ਸਭਾ ਤੋਂ ਸਪੱਸ਼ਟੀਕਰਨ ਤਲਬ

ਕੈਨੇਡਾ, 25 ਸਤੰਬਰ 2026: ਕੈਨੇਡਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕਾਰ ਦੀ ਡਿੱਕੀ ਵਿੱਚ ਰੱਖ ਕੇ ਲਿਜਾਣ ਨਾਲ ਮਰਿਆਦਾ ਦੀ ਉਲੰਘਣਾ ਦੇ ਸਾਹਮਣੇ ਆਏ ਮਾਮਲੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ। ਇਸ ਮਾਮਲੇ ਵਿੱਚ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬ੍ਰਿਟਿਸ਼ ਕੋਲੰਬੀਆ (ਬੀ.ਸੀ.), ਕੈਨੇਡਾ ਤੋਂ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਬੀਤੇ ਦਿਨੀਂ ਟੋਰਾਂਟੋ ਤੋਂ ਕੁਝ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਾਪਤ ਕਰਨ ਲਈ ਸਰੀ ਸਥਿਤ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਪਹੁੰਚੇ ਸਨ। ਇਸ ਦੌਰਾਨ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਸਬੰਧੀ ਗੁਰੂ ਸਾਹਿਬ ਦੇ ਸਤਿਕਾਰ ਅਤੇ ਮਰਿਆਦਾ ਦੇ ਪੱਖ ਤੋਂ ਲੋੜੀਂਦੀ ਜਾਂਚ ਕੀਤੇ ਬਿਨਾਂ ਹੀ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪਾਵਨ ਬੀੜਾਂ ਲਿਜਾਣ ਦੀ ਆਗਿਆ ਦਿੱਤੇ ਜਾਣ ਦੀ ਘਟਨਾ ਸਾਹਮਣੇ ਆਈ।

ਜਾਣਕਾਰੀ ਅਨੁਸਾਰ, ਜਦੋਂ ਸਥਾਨਕ ਸੰਗਤ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪਾਵਨ ਸਰੂਪਾਂ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਬਿਰਾਜਮਾਨ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਵਿੱਚ ਰੋਸ ਪੈਦਾ ਹੋਣ ਦੀ ਗੱਲ ਸਾਹਮਣੇ ਆਈ ਹੈ।

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਪੱਸ਼ਟੀਕਰਨ ਅਤੇ ਖਿਮਾ ਜਾਚਨਾ

ਘਟਨਾ ਤੋਂ ਬਾਅਦ ਸਬੰਧਤ ਗੁਰਦੁਆਰਾ ਸਾਹਿਬ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਮਾਮਲੇ ਸਬੰਧੀ ਸਪੱਸ਼ਟੀਕਰਨ ਜਾਰੀ ਕੀਤਾ ਗਿਆ ਅਤੇ ਸੰਗਤ ਤੋਂ ਖਿਮਾ ਜਾਚਨਾ ਵੀ ਕੀਤੀ ਗਈ। ਹਾਲਾਂਕਿ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪ੍ਰਬੰਧਕਾਂ ਨੂੰ ਲਿਖਤੀ ਰੂਪ ਵਿੱਚ ਆਪਣਾ ਪੱਖ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਆਦੇਸ਼ਾਂ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ., ਕੈਨੇਡਾ ਨੂੰ ਹੋਈ ਅਣਗਹਿਲੀ ਸਬੰਧੀ ਆਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਭੇਜਣ ਲਈ ਕਿਹਾ ਗਿਆ ਹੈ।

ਪਾਵਨ ਸਰੂਪਾਂ ਸਬੰਧੀ ਪੂਰੀ ਜਾਣਕਾਰੀ ਵੀ ਮੰਗੀ

ਇਸ ਦੇ ਨਾਲ ਹੀ ਆਦੇਸ਼ ਵਿੱਚ ਗੁਰਦੁਆਰਾ ਪ੍ਰਬੰਧਕਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਮੰਗੀ ਗਈ ਹੈ। ਦੱਸਿਆ ਗਿਆ ਹੈ ਕਿ ਬੀਤੇ ਸਮੇਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਰਾਹੀਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਵਿਖੇ ਜਿਹੜੇ ਪਾਵਨ ਸਰੂਪ ਪਹੁੰਚੇ ਹਨ, ਉਨ੍ਹਾਂ ਦਾ ਮੁਕੰਮਲ ਵੇਰਵਾ ਸਕੱਤਰੇਤ ਨੂੰ ਭੇਜਿਆ ਜਾਵੇ।

ਪ੍ਰਬੰਧਕਾਂ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਪ੍ਰਾਪਤ ਹੋਏ ਪਾਵਨ ਸਰੂਪਾਂ ਵਿੱਚੋਂ ਕਿੰਨੇ ਸਰੂਪ ਸੰਗਤ ਨੂੰ ਮੁਹੱਈਆ ਕਰਵਾਏ ਜਾ ਚੁੱਕੇ ਹਨ, ਕਿੰਨੇ ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਹਨ ਅਤੇ ਸੰਗਤ ਵੱਲੋਂ ਹੋਰ ਕਿੰਨੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਸ ਆਦੇਸ਼ ਤਹਿਤ ਸਬੰਧਤ ਗੁਰਦੁਆਰਾ ਪ੍ਰਬੰਧਕਾਂ ਨੂੰ ਘਟਨਾ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ ਦੇ ਨਾਲ-ਨਾਲ ਪਾਵਨ ਸਰੂਪਾਂ ਨਾਲ ਸਬੰਧਤ ਪੂਰਾ ਰਿਕਾਰਡ ਵੀ ਪੇਸ਼ ਕਰਨ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *