
ਚੰਡੀਗੜ੍ਹ, 20 ਅਗਸਤ 2026: ਪੰਜਾਬ ਦੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਅਤੇ ਯੂ.ਕੇ. ਦੇ ਸੰਸਦ ਮੈਂਬਰ ਤੇ ਬਰਤਾਨਵੀ ਸੰਸਦ ਦੀ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੰਜਾਬ ਨਾਲ ਬਿਹਤਰ ਹਵਾਈ ਸੰਪਰਕ, ਕਾਰਗੋ ਸਹੂਲਤਾਂ, ਪ੍ਰਵਾਸੀ ਪੰਜਾਬੀਆਂ ਦੇ ਨਿਵੇਸ਼, ਜ਼ਮੀਨ-ਜਾਇਦਾਦ ਦੀ ਸੁਰੱਖਿਆ, ਸਾਈਬਰ ਅਪਰਾਧ, ਧਮਕੀਆਂ ਅਤੇ ਫਿਰੌਤੀ ਵਰਗੇ ਮੁੱਦੇ ਪ੍ਰਮੁੱਖਤਾ ਨਾਲ ਵਿਚਾਰੇ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਰਾਏਪੁਰ ਵੀ ਮੌਜੂਦ ਸਨ।
ਪੰਜਾਬ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ’ਤੇ ਜ਼ੋਰ
ਮੀਟਿੰਗ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਚੰਡੀਗੜ੍ਹ ਤੋਂ ਹੋਰ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਲੋੜ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਆਗੂਆਂ ਨੇ ਲੰਡਨ, ਬਰਮਿੰਘਮ ਸਮੇਤ ਯੂਰਪ ਦੇ ਹੋਰ ਪ੍ਰਮੁੱਖ ਸ਼ਹਿਰਾਂ ਨਾਲ ਪੰਜਾਬ ਦੀ ਸਿੱਧੀ ਹਵਾਈ ਕਨੈਕਟੀਵਿਟੀ ਵਧਾਉਣ ਅਤੇ ਮੌਜੂਦਾ ਉਡਾਣਾਂ ਦੀ ਗਿਣਤੀ ਵਿੱਚ ਇਜ਼ਾਫ਼ਾ ਕਰਨ ਬਾਰੇ ਚਰਚਾ ਕੀਤੀ।
ਇਸ ਦੇ ਨਾਲ ਹੀ ਦੋਵਾਂ ਹਵਾਈ ਅੱਡਿਆਂ ’ਤੇ ਹਵਾਈ ਮਾਲ ਦੀ ਢੋਆ-ਢੁਆਈ ਲਈ ਆਧੁਨਿਕ ਅਤੇ ਮਜ਼ਬੂਤ ਕਾਰਗੋ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਲੋੜ ਵੀ ਉਠਾਈ ਗਈ। ਇਸ ਨੂੰ ਪੰਜਾਬ ਦੇ ਉਦਯੋਗ, ਖੇਤੀਬਾੜੀ ਉਤਪਾਦਾਂ, ਵਪਾਰ ਅਤੇ ਨਿਰਯਾਤ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕਦਮ ਦੱਸਿਆ ਗਿਆ।
ਨਿਵੇਸ਼ ਅਤੇ ਰੁਜ਼ਗਾਰ ਨੂੰ ਮਿਲ ਸਕਦਾ ਹੈ ਹੁਲਾਰਾ
ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਿਚਾਲੇ ਆਰਥਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਬਿਹਤਰ ਹਵਾਈ ਅਤੇ ਕਾਰਗੋ ਸੰਪਰਕ ਬੇਹੱਦ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਿੱਧੀਆਂ ਹਵਾਈ ਸੇਵਾਵਾਂ ਵਧਣ ਨਾਲ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਪੰਜਾਬ ਆਉਣਾ-ਜਾਣਾ ਆਸਾਨ ਹੋਵੇਗਾ ਅਤੇ ਇਸ ਨਾਲ ਸੂਬੇ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਵੀ ਵਧਣਗੀਆਂ।
ਉਨ੍ਹਾਂ ਮੁਤਾਬਕ ਇਸ ਨਾਲ ਉਦਯੋਗ, ਖੇਤੀਬਾੜੀ, ਵਪਾਰ, ਸੈਰ-ਸਪਾਟਾ ਅਤੇ ਰੁਜ਼ਗਾਰ ਦੇ ਖੇਤਰਾਂ ਨੂੰ ਵੀ ਲਾਭ ਮਿਲ ਸਕਦਾ ਹੈ। ਖਾਸ ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਵੇਂ ਪ੍ਰਾਜੈਕਟ ਸਥਾਪਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕਦਾ ਹੈ।
ਪ੍ਰਵਾਸੀ ਪੰਜਾਬੀਆਂ ਦੀ ਜ਼ਮੀਨ ਤੇ ਜਾਇਦਾਦ ਦੀ ਸੁਰੱਖਿਆ ਦਾ ਮੁੱਦਾ
ਮੀਟਿੰਗ ਵਿੱਚ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਜ਼ਮੀਨ ਅਤੇ ਜਾਇਦਾਦ ਨਾਲ ਜੁੜੇ ਵਿਵਾਦਾਂ ਨੂੰ ਵੀ ਗੰਭੀਰਤਾ ਨਾਲ ਵਿਚਾਰਿਆ ਗਿਆ। ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਐਨ.ਆਰ.ਆਈ. ਜਾਇਦਾਦੀ ਮਾਮਲਿਆਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕਰਨ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਹੋਣੀ ਚਾਹੀਦੀ ਹੈ, ਤਾਂ ਜੋ ਪ੍ਰਵਾਸੀ ਪੰਜਾਬੀਆਂ ਨੂੰ ਵਾਰ-ਵਾਰ ਪੰਜਾਬ ਆਉਣ ਜਾਂ ਲੰਬੀਆਂ ਕਾਨੂੰਨੀ ਅਤੇ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਵਿੱਚ ਫਸਣ ਦੀ ਲੋੜ ਨਾ ਪਵੇ।
ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨਾਲ ਹੋ ਰਹੀਆਂ ਜਾਇਦਾਦੀ ਧੋਖਾਧੜੀਆਂ, ਸਾਈਬਰ ਅਪਰਾਧਾਂ ਅਤੇ ਹੋਰ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵੀ ਢੁਕਵੇਂ ਕਦਮ ਚੁੱਕਣ ’ਤੇ ਜ਼ੋਰ ਦਿੱਤਾ ਗਿਆ।
ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ’ਤੇ ਵੀ ਚਿੰਤਾ
ਮੀਟਿੰਗ ਦੌਰਾਨ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਕਾਰੋਬਾਰੀਆਂ, ਉਦਯੋਗਪਤੀਆਂ ਅਤੇ ਖੇਡ ਪ੍ਰਮੋਟਰਾਂ ਨੂੰ ਮਿਲ ਰਹੀਆਂ ਕਥਿਤ ਧਮਕੀਆਂ ਅਤੇ ਫਿਰੌਤੀ ਦੀਆਂ ਮੰਗਾਂ ਦਾ ਮੁੱਦਾ ਵੀ ਉਠਾਇਆ ਗਿਆ। ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਅਜਿਹੇ ਮਾਮਲਿਆਂ ਨੂੰ ਕੇਂਦਰ ਸਰਕਾਰ ਅਤੇ ਸਬੰਧਤ ਸੁਰੱਖਿਆ ਏਜੰਸੀਆਂ ਦੇ ਧਿਆਨ ਵਿੱਚ ਲਿਆਉਣਾ ਜ਼ਰੂਰੀ ਹੈ, ਤਾਂ ਜੋ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕਾਰੋਬਾਰੀ ਹਿੱਤਾਂ ਦੀ ਰੱਖਿਆ ਯਕੀਨੀ ਬਣਾਈ ਜਾ ਸਕੇ।
ਕਰਤਾਰਪੁਰ ਸਾਹਿਬ ਲਾਂਘੇ ਬਾਰੇ ਵੀ ਚਰਚਾ
ਇਸ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਰਾਹੀਂ ਸ਼ਰਧਾਲੂਆਂ ਦੀ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਵਿਚਾਰ ਕੀਤਾ ਗਿਆ। ਦੋਵਾਂ ਆਗੂਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਪੰਜਾਬ ਅਤੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਵਿਚਾਲੇ ਧਾਰਮਿਕ, ਸਮਾਜਿਕ, ਸੱਭਿਆਚਾਰਕ ਅਤੇ ਆਰਥਿਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਇਨ੍ਹਾਂ ਮੁੱਦਿਆਂ ਦਾ ਪ੍ਰਭਾਵਸ਼ਾਲੀ ਹੱਲ ਜ਼ਰੂਰੀ ਹੈ।
ਪ੍ਰਵਾਸੀ ਪੰਜਾਬੀਆਂ ਦੇ ਮਾਮਲੇ ਗੰਭੀਰਤਾ ਨਾਲ ਚੁੱਕਣ ਦਾ ਭਰੋਸਾ
ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜ ਅਨੁਸਾਰ ਸਬੰਧਤ ਵਿਭਾਗਾਂ ਅਤੇ ਉੱਚ ਪੱਧਰੀ ਅਧਿਕਾਰੀਆਂ ਕੋਲ ਮਾਮਲੇ ਉਠਾਏ ਜਾਣਗੇ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਢੁਕਵੇਂ ਕਦਮ ਚੁੱਕੇ ਜਾਣਗੇ।
