
ਰੇਵਾੜੀ, 5 ਸਤੰਬਰ 2026: ਨਸ਼ਿਆਂ ਦੀ ਵਧ ਰਹੀ ਸਮੱਸਿਆ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦੇਣ ਲਈ ਐਤਵਾਰ ਨੂੰ ਰੇਵਾੜੀ ਵਿੱਚ ਰਾਜ ਪੱਧਰੀ ਹਾਫ ਮੈਰਾਥਨ ਦਾ ਆਯੋਜਨ ਕੀਤਾ ਗਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਫ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ‘ਨਸ਼ਿਆਂ ਵਿਰੁੱਧ ਜੰਗ, ਰੇਵਾੜੀ ਦੇ ਨਾਲ’ ਥੀਮ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ 5 ਅਤੇ 10 ਕਿਲੋਮੀਟਰ ਦੀਆਂ ਦੌੜਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਖਿਡਾਰੀਆਂ ਅਤੇ ਆਮ ਨਾਗਰਿਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰੇਵਾੜੀ ਤੋਂ ਨਸ਼ਿਆਂ ਖ਼ਿਲਾਫ਼ ਉੱਠੀ ਆਵਾਜ਼ ਹੁਣ ਪੂਰੇ ਹਰਿਆਣਾ ਵਿੱਚ ਗੂੰਜੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਕਾਨੂੰਨ-ਵਿਵਸਥਾ ਜਾਂ ਅਪਰਾਧ ਦੇ ਮੁੱਦੇ ਵਜੋਂ ਨਹੀਂ ਦੇਖਿਆ ਜਾ ਸਕਦਾ, ਬਲਕਿ ਇਹ ਨੌਜਵਾਨਾਂ ਦੇ ਭਵਿੱਖ, ਪਰਿਵਾਰਾਂ ਦੀ ਖੁਸ਼ਹਾਲੀ ਅਤੇ ਸਮਾਜ ਦੀ ਤਰੱਕੀ ਨਾਲ ਜੁੜੀ ਗੰਭੀਰ ਚੁਣੌਤੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਲਈ ਜਾਗਰੂਕ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ ਦੇ ਨਾਲ-ਨਾਲ ਆਮ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਦੀ ਭੂਮਿਕਾ ਵੀ ਬੇਹੱਦ ਮਹੱਤਵਪੂਰਨ ਹੈ।
ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤੀ, 160 ਨਸ਼ਾ ਛੁਡਾਊ ਕੇਂਦਰ ਚੱਲ ਰਹੇ
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਸਪੈਸ਼ਲ ਟਾਸਕ ਫੋਰਸ (STF) ਅਤੇ ਹਰਿਆਣਾ ਸਟੇਟ ਨਾਰਕੋਟਿਕਸ ਕੰਟਰੋਲ ਬਿਊਰੋ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਇਲਾਜ ਅਤੇ ਪੁਨਰਵਾਸ ਵੱਲ ਵੀ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ।
ਉਨ੍ਹਾਂ ਅਨੁਸਾਰ ਸੂਬੇ ਵਿੱਚ ਨਸ਼ਾ ਛੁਡਾਉਣ ਅਤੇ ਪ੍ਰਭਾਵਿਤ ਵਿਅਕਤੀਆਂ ਦੇ ਇਲਾਜ ਲਈ 160 ਨਸ਼ਾ ਛੁਡਾਊ ਕੇਂਦਰ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡ ਪੰਚਾਇਤਾਂ ਅਤੇ ਸ਼ਹਿਰੀ ਵਾਰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਵੱਖ-ਵੱਖ ਮਿਸ਼ਨ ਟੀਮਾਂ ਦਾ ਗਠਨ ਕੀਤਾ ਗਿਆ ਹੈ, ਤਾਂ ਜੋ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਤਹਿਤ ਸਰਕਾਰ ‘ਐਕਸ਼ਨ ਪਲਾਨ 2029’ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਨਸ਼ਿਆਂ ਦੀ ਤਸਕਰੀ ’ਤੇ ਸਖ਼ਤੀ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਵੀ ਹੈ।
ਰਾਓ ਇੰਦਰਜੀਤ ਸਿੰਘ ਦੀ ਗੈਰਹਾਜ਼ਰੀ ਚਰਚਾ ਦਾ ਵਿਸ਼ਾ
ਇਸ ਦੌਰਾਨ ਰੇਵਾੜੀ ਦੇ ਇਸ ਅਹਿਮ ਸਮਾਗਮ ਵਿੱਚ ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਦੀ ਗੈਰਹਾਜ਼ਰੀ ਵੀ ਸਿਆਸੀ ਚਰਚਾ ਦਾ ਵਿਸ਼ਾ ਬਣੀ ਰਹੀ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤੇ ਜਾਣ ਦੀ ਗੱਲ ਸਾਹਮਣੇ ਆਈ ਹੈ, ਪਰ ਉਹ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।
ਪਿਛਲੇ ਕੁਝ ਦਿਨਾਂ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਰੇਵਾੜੀ ਵਿੱਚ ਲਗਾਤਾਰ ਤਿੰਨ ਸਮਾਗਮ ਕੀਤੇ ਗਏ ਹਨ ਅਤੇ ਇਨ੍ਹਾਂ ਤਿੰਨਾਂ ਮੌਕਿਆਂ ’ਤੇ ਰਾਓ ਇੰਦਰਜੀਤ ਸਿੰਘ ਦੀ ਗੈਰਹਾਜ਼ਰੀ ਨੇ ਦੱਖਣੀ ਹਰਿਆਣਾ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਸਮਾਗਮਾਂ ਦੌਰਾਨ ਰੇਵਾੜੀ ਦੇ ਵਿਧਾਇਕ ਲਕਸ਼ਮਣ ਸਿੰਘ ਯਾਦਵ ਨੂੰ ਮਿਲ ਰਹੀ ਤਵੱਜੋ ਅਤੇ ਰਾਓ ਇੰਦਰਜੀਤ ਸਿੰਘ ਦੀ ਲਗਾਤਾਰ ਗੈਰਹਾਜ਼ਰੀ ਨੂੰ ਵੀ ਸਥਾਨਕ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸ ਮਾਮਲੇ ’ਤੇ ਨਾ ਤਾਂ ਰਾਓ ਇੰਦਰਜੀਤ ਸਿੰਘ ਅਤੇ ਨਾ ਹੀ ਮੁੱਖ ਮੰਤਰੀ ਵੱਲੋਂ ਕੋਈ ਸਪੱਸ਼ਟ ਸਿਆਸੀ ਬਿਆਨ ਸਾਹਮਣੇ ਆਇਆ ਹੈ।
ਸਮਾਗਮ ਦੌਰਾਨ ਜਦੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਰਾਓ ਇੰਦਰਜੀਤ ਸਿੰਘ ਦੀ ਗੈਰਹਾਜ਼ਰੀ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ। ਇਸ ਕਾਰਨ ਦੱਖਣੀ ਹਰਿਆਣਾ ਦੀ ਸਿਆਸਤ ਵਿੱਚ ਇਸ ਗੈਰਹਾਜ਼ਰੀ ਨੂੰ ਲੈ ਕੇ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।
