
ਚੰਡੀਗੜ੍ਹ, 22 ਜੂਨ 2026: ਹਰਿਆਣਾ ਸਰਕਾਰ ਸੂਬੇ ਦੇ ਸਰਕਾਰੀ ਸਿਹਤ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ ‘ਤੇ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਰਿਆਣਾ ਦੇ ਸਰਕਾਰੀ ਹਸਪਤਾਲ ਨਾ ਸਿਰਫ਼ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ, ਸਗੋਂ ਕਈ ਮਾਮਲਿਆਂ ਵਿੱਚ ਨਿੱਜੀ ਹਸਪਤਾਲਾਂ ਨਾਲੋਂ ਵੀ ਵਧੇਰੇ ਸੁਵਿਧਾਜਨਕ ਅਤੇ ਲੋਕ-ਕੇਂਦਰਿਤ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ।
ਹਰਿਆਣਾ ਸਿਵਲ ਸਕੱਤਰੇਤ ਵਿੱਚ ਸਿਹਤ ਸਹੂਲਤਾਂ, ਸਰਕਾਰੀ ਹਸਪਤਾਲਾਂ ਦੇ ਆਧੁਨਿਕੀਕਰਨ ਅਤੇ ਮੈਡੀਕਲ ਕਾਲਜਾਂ ਦੇ ਨਿਰਮਾਣ ਸਬੰਧੀ ਇੱਕ ਉੱਚ ਪੱਧਰੀ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਸਪਤਾਲਾਂ ਵਿੱਚ ਆਧੁਨਿਕ ਉਪਕਰਣਾਂ, ਬਿਹਤਰ ਢਾਂਚਾਗਤ ਸਹੂਲਤਾਂ ਅਤੇ ਮਰੀਜ਼ਾਂ ਲਈ ਸੁਖਾਵੇਂ ਮਾਹੌਲ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਦਾ ਹੀ ਨਤੀਜਾ ਹੈ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਆਮ ਲੋਕਾਂ ਦਾ ਭਰੋਸਾ ਸਰਕਾਰੀ ਸਿਹਤ ਸੰਸਥਾਵਾਂ ‘ਤੇ ਹੋਰ ਮਜ਼ਬੂਤ ਹੋਵੇ ਅਤੇ ਉਹ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਦਾ ਲਾਭ ਆਪਣੇ ਹੀ ਜ਼ਿਲ੍ਹਿਆਂ ਵਿੱਚ ਪ੍ਰਾਪਤ ਕਰ ਸਕਣ।
ਮੁੱਖ ਮੰਤਰੀ ਨੇ ਅੰਬਾਲਾ, ਭਿਵਾਨੀ, ਚਰਖੀ ਦਾਦਰੀ, ਫਰੀਦਾਬਾਦ, ਹਿਸਾਰ, ਕੈਥਲ, ਮਹਿੰਦਰਗੜ੍ਹ, ਪਲਵਲ, ਪੰਚਕੂਲਾ, ਰੇਵਾੜੀ, ਸੋਨੀਪਤ ਅਤੇ ਨੂੰਹ ਸਮੇਤ 12 ਜ਼ਿਲ੍ਹਿਆਂ ਦੇ ਸਿਵਲ ਹਸਪਤਾਲਾਂ ਵਿੱਚ ਚੱਲ ਰਹੇ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਕਾਰਜਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਆਰਆਈ, ਸੀਟੀ ਸਕੈਨ, ਅਲਟਰਾਸਾਊਂਡ, ਡਿਜੀਟਲ ਐਕਸ-ਰੇ ਅਤੇ ਹੋਰ ਲਗਭਗ 140 ਕਿਸਮ ਦੇ ਆਧੁਨਿਕ ਟੈਸਟਾਂ ਦੀਆਂ ਸਹੂਲਤਾਂ ਉਪਲਬਧ ਹਨ। ਸਾਰੀਆਂ ਲੈਬਾਂ ਨੂੰ ਹੋਰ ਉੱਚ-ਤਕਨੀਕੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਮਰੀਜ਼ਾਂ ਨੂੰ ਤੇਜ਼, ਸਹੀ ਅਤੇ ਭਰੋਸੇਯੋਗ ਜਾਂਚ ਸੇਵਾਵਾਂ ਮਿਲ ਸਕਣ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ, ਪਖਾਨਿਆਂ, ਏਅਰ ਕੰਡੀਸ਼ਨਿੰਗ, ਪੱਖਿਆਂ, ਰੰਗ-ਰੋਗਨ ਅਤੇ ਹੋਰ ਬੁਨਿਆਦੀ ਸਹੂਲਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਸਪਤਾਲਾਂ ਦੀਆਂ ਛੱਤਾਂ ਦੀ ਮੁਰੰਮਤ ਅਤੇ ਪਾਣੀ ਲੀਕੇਜ ਰੋਕਣ ਦੇ ਕੰਮ ਨੂੰ ਤਰਜੀਹ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।
ਸੋਲਰ ਊਰਜਾ ਵੱਲ ਵੱਡਾ ਕਦਮ
ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਦੀਆਂ ਛੱਤਾਂ ‘ਤੇ ਸੋਲਰ ਪੈਨਲ ਲਗਾਉਣ ਦੀ ਯੋਜਨਾ ਦਾ ਐਲਾਨ ਕਰਦਿਆਂ ਕਿਹਾ ਕਿ ਇਸ ਨਾਲ ਬਿਜਲੀ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ-ਨਾਲ ਸਾਫ਼ ਅਤੇ ਵਾਤਾਵਰਣ-ਅਨੁਕੂਲ ਊਰਜਾ ਨੂੰ ਵੀ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਸੋਲਰ ਪ੍ਰਣਾਲੀਆਂ ਨੂੰ ਨੈੱਟ ਮੀਟਰਿੰਗ ਰਾਹੀਂ ਬਿਜਲੀ ਗਰਿੱਡ ਨਾਲ ਜੋੜਿਆ ਜਾਵੇਗਾ, ਜਿਸ ਨਾਲ ਵਾਧੂ ਬਿਜਲੀ ਗਰਿੱਡ ਵਿੱਚ ਭੇਜੀ ਜਾ ਸਕੇਗੀ ਅਤੇ ਊਰਜਾ ਦੀ ਬਚਤ ਨੂੰ ਉਤਸ਼ਾਹ ਮਿਲੇਗਾ।
ਸੁੰਦਰ ਅਤੇ ਹਰਿਆ-ਭਰਿਆ ਬਣੇਗਾ ਹਸਪਤਾਲੀ ਮਾਹੌਲ
ਮੁੱਖ ਮੰਤਰੀ ਨੇ ਹਸਪਤਾਲਾਂ ਦੇ ਅੰਦਰੂਨੀ ਮਾਹੌਲ ਨੂੰ ਹੋਰ ਸੁਖਾਵਾਂ ਬਣਾਉਣ ਲਈ ਖ਼ਾਸ ਕਰਕੇ ਮੈਟਰਨਿਟੀ ਵਾਰਡਾਂ ਵਿੱਚ ਆਕਰਸ਼ਕ ਕੰਧ-ਚਿੱਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਕੀਟ ਨਿਯੰਤਰਣ, ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਅਤੇ ਲਾਂਡਰੀ ਪ੍ਰਣਾਲੀ ਦੇ ਮਸ਼ੀਨੀਕਰਨ ‘ਤੇ ਵੀ ਜ਼ੋਰ ਦਿੱਤਾ ਗਿਆ।
ਉਨ੍ਹਾਂ ਸੂਬੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮਾਨਸੂਨ ਦੌਰਾਨ ਸਿਹਤ ਸੰਸਥਾਵਾਂ ਵਿੱਚ 17,000 ਰੁੱਖ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਨ੍ਹਾਂ ਵਿੱਚੋਂ 3,000 ਰੁੱਖ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।
ਮਹਿਲਾਵਾਂ ਲਈ ਬ੍ਰੈਸਟ ਕੈਂਸਰ ਜਾਂਚ ਸਹੂਲਤਾਂ ਦਾ ਵਿਸਥਾਰ
ਬੈਠਕ ਦੌਰਾਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਨੇ ਜਾਣਕਾਰੀ ਦਿੱਤੀ ਕਿ ਮਹਿਲਾਵਾਂ ਨੂੰ ਬ੍ਰੈਸਟ ਕੈਂਸਰ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਦੀ ਬਿਹਤਰ ਸਹੂਲਤ ਦੇਣ ਲਈ ਪੰਚਕੂਲਾ, ਰੇਵਾੜੀ, ਸੋਨੀਪਤ, ਕੁਰੂਕਸ਼ੇਤਰ, ਪਾਣੀਪਤ, ਕਰਨਾਲ, ਨਾਰਨੌਲ ਅਤੇ ਗੁਰੂਗ੍ਰਾਮ ਦੇ ਸਿਵਲ ਹਸਪਤਾਲਾਂ ਵਿੱਚ ਆਧੁਨਿਕ ਮੈਮੋਗ੍ਰਾਫੀ ਮਸ਼ੀਨਾਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਨਾਲ ਮਹਿਲਾਵਾਂ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਹੀ ਉੱਚ ਪੱਧਰੀ ਕੈਂਸਰ ਜਾਂਚ ਸੇਵਾਵਾਂ ਉਪਲਬਧ ਹੋ ਸਕਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਟੀਚਾ ਸੂਬੇ ਦੇ ਹਰ ਨਾਗਰਿਕ ਤੱਕ ਗੁਣਵੱਤਾ ਭਰੀ, ਕਿਫ਼ਾਇਤੀ ਅਤੇ ਆਧੁਨਿਕ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
