Wednesday, July 29Punjabi People

ਹਰਿਆਣਾ ਸਰਕਾਰ ਬੱਚਿਆਂ ਨੂੰ ਕਰਵਾਏਗੀ ਕੌਮਾਂਤਰੀ ਦੌਰੇ, ਵਿਦੇਸ਼ੀ ਅਨੁਭਵਾਂ ਨਾਲ ਜੋੜਨ ਦੀ ਪਹਿਲ: CM ਨਾਇਬ ਸਿੰਘ ਸੈਣੀ

ਚੰਡੀਗੜ੍ਹ, 23 ਜੁਲਾਈ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ-2047’ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਹਰਿਆਣਾ ਸਰਕਾਰ ਸਿੱਖਿਆ ਖੇਤਰ ਵਿੱਚ ਲਗਾਤਾਰ ਨਵੇਂ ਸੁਧਾਰ ਅਤੇ ਪਹਿਲਕਦਮੀਆਂ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਅਜਿਹੀ ਨਵੀਂ ਪੀੜ੍ਹੀ ਤਿਆਰ ਕਰਨਾ ਹੈ ਜੋ ਪ੍ਰਤਿਭਾਵਾਨ, ਸੰਸਕਾਰਵਾਨ, ਗਿਆਨਵਾਨ ਅਤੇ ਆਧੁਨਿਕ ਤਕਨੀਕੀ ਹੁਨਰਾਂ ਨਾਲ ਲੈਸ ਹੋਵੇ।

ਇਸੇ ਦਿਸ਼ਾ ਵਿੱਚ ਹਰਿਆਣਾ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਜਿਸ ਤਹਿਤ ਹੋਣਹਾਰ ਵਿਦਿਆਰਥੀਆਂ ਨੂੰ ਕੌਮਾਂਤਰੀ ਦੌਰਿਆਂ ’ਤੇ ਲਿਜਾਇਆ ਜਾਵੇਗਾ। ਇਸ ਪਹਿਲ ਦਾ ਮਕਸਦ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ, ਨਵੀਆਂ ਤਕਨੀਕਾਂ ਅਤੇ ਵੱਖ-ਵੱਖ ਦੇਸ਼ਾਂ ਦੀਆਂ ਉੱਨਤ ਪ੍ਰਥਾਵਾਂ ਨਾਲ ਜਾਣੂ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਦੀ ਸੋਚ ਦਾ ਦਾਇਰਾ ਵਧੇ ਅਤੇ ਬੌਧਿਕ ਵਿਕਾਸ ਨੂੰ ਨਵੀਂ ਦਿਸ਼ਾ ਮਿਲੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਮਹਾਰਿਸ਼ੀ ਦਿਆਨੰਦ ਯੂਨੀਵਰਸਿਟੀ, ਰੋਹਤਕ ਦੇ ਰਾਧਾਕ੍ਰਿਸ਼ਨਨ ਆਡੀਟੋਰੀਅਮ ਵਿੱਚ ਆਯੋਜਿਤ ਹੋਣਹਾਰ ਵਿਦਿਆਰਥੀ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮਾਗਮ ਦੌਰਾਨ ਹਰਿਆਣਾ ਸਕੂਲ ਸਿੱਖਿਆ ਬੋਰਡ ਦੀ ਦਸਵੀਂ, ਬਾਰ੍ਹਵੀਂ ਜਮਾਤ ਅਤੇ ਓਲੰਪਿਆਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਮਤਲਬ ਸਿਰਫ਼ ਡਿਗਰੀ ਹਾਸਲ ਕਰਨਾ ਨਹੀਂ ਹੈ, ਬਲਕਿ ਅਜਿਹੀ ਯੋਗਤਾ ਵਿਕਸਿਤ ਕਰਨਾ ਹੈ ਜਿਸ ਨਾਲ ਨੌਜਵਾਨ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਾਲੇ ਬਣ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਯਾਤਰਾ ਦਾ ਸਿਰਫ਼ ਇੱਕ ਪੜਾਅ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਉਪਲਬਧੀਆਂ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨੀ ਚਾਹੀਦੀ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਵਿੱਚ ਨਵਾਚਾਰ, ਖੋਜ ਅਤੇ ਤਕਨੀਕੀ ਹੁਨਰਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਇਸ ਤਹਿਤ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਰੋਬੋਟਿਕਸ ਅਤੇ ਇਸਰੋ ਤੇ ਡੀਆਰਡੀਓ ਵਰਗੀਆਂ ਸੰਸਥਾਵਾਂ ਨਾਲ ਜੁੜੀਆਂ ਤਕਨੀਕਾਂ ਦੀ ਜਾਣਕਾਰੀ ਦੇਣ ਲਈ 391 ਐਸਟੀਈਐਮ ਲੈਬ ਸਥਾਪਤ ਕੀਤੀਆਂ ਜਾ ਚੁੱਕੀਆਂ ਹਨ।

ਉਨ੍ਹਾਂ ਦੱਸਿਆ ਕਿ ਸੂਬੇ ਦੇ 250 ਸਕੂਲਾਂ ਵਿੱਚ ਲਗਭਗ 25 ਕਰੋੜ ਰੁਪਏ ਦੀ ਲਾਗਤ ਨਾਲ ਅਟਲ ਟਿੰਕਰਿੰਗ ਲੈਬਾਂ ਵੀ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਹਰ 10 ਕਿਲੋਮੀਟਰ ਦੀ ਦੂਰੀ ’ਤੇ ਸਰਕਾਰੀ ਮਾਡਲ ਸੰਸਕ੍ਰਿਤੀ ਸਕੂਲ ਸਥਾਪਤ ਕੀਤੇ ਗਏ ਹਨ। ਇਸ ਸਮੇਂ ਸੂਬੇ ਵਿੱਚ 468 ਪੀਐਮ ਸ਼੍ਰੀ ਅਤੇ ਮਾਡਲ ਸੰਸਕ੍ਰਿਤੀ ਸਕੂਲ ਸਫਲਤਾਪੂਰਵਕ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 250 ਵਿਸ਼ੇਸ਼ ਸਕੂਲ ਸਥਾਪਤ ਕਰਨ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ, ਜਿੱਥੇ ਵਿਦਿਆਰਥੀਆਂ ਨੂੰ ਹਿੰਦੀ ਅਤੇ ਅੰਗਰੇਜ਼ੀ ਦੋਵਾਂ ਮਾਧਿਅਮਾਂ ਰਾਹੀਂ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਮਿਸ਼ਨ ਬੁਨਿਆਦ ਅਤੇ ਸੁਪਰ-100 ਵਰਗੇ ਪ੍ਰੋਗਰਾਮ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੋ ਰਹੇ ਹਨ। ਇਸ ਸਮੇਂ 103 ਸਰਕਾਰੀ ਸਕੂਲਾਂ ਵਿੱਚ ਇਹ ਪ੍ਰੋਗਰਾਮ ਚੱਲ ਰਹੇ ਹਨ, ਜਿਨ੍ਹਾਂ ਰਾਹੀਂ 277 ਵਿਦਿਆਰਥੀਆਂ ਨੇ ਆਈਆਈਟੀ, ਐਨਆਈਟੀ ਅਤੇ ਆਈਆਈਐਮ ਵਰਗੀਆਂ ਪ੍ਰਸਿੱਧ ਸੰਸਥਾਵਾਂ ਵਿੱਚ ਦਾਖਲਾ ਹਾਸਲ ਕੀਤਾ ਹੈ, ਜਦਕਿ 61 ਵਿਦਿਆਰਥੀ ਮੈਡੀਕਲ ਸਿੱਖਿਆ ਪ੍ਰਾਪਤ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਗਲੋਬਲਾਈਜ਼ੇਸ਼ਨ ਦੇ ਇਸ ਯੁੱਗ ਵਿੱਚ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਜਾਣਕਾਰੀ ਅਤੇ ਹੁਨਰ ਦੇਣਾ ਸਮੇਂ ਦੀ ਲੋੜ ਹੈ। ਇਸ ਲਈ ਹਰਿਆਣਾ ਸਰਕਾਰ ਨੇ ਵਿਦੇਸ਼ ਸਹਿਯੋਗ ਵਿਭਾਗ ਦੀ ਸਥਾਪਨਾ ਕੀਤੀ ਹੈ, ਜਿਸ ਰਾਹੀਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਕੰਮ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਸਕੂਲਾਂ ਵਿੱਚ ਵਿਦੇਸ਼ੀ ਭਾਸ਼ਾਵਾਂ ਦੀ ਸਿੱਖਿਆ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ 60 ਅਧਿਆਪਕਾਂ ਨੂੰ ਫ੍ਰੈਂਚ ਭਾਸ਼ਾ ਦੀ ਵਿਸ਼ੇਸ਼ ਸਿਖਲਾਈ ਦਿੱਤੀ ਜਾ ਚੁੱਕੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਦੇ ਕੌਮਾਂਤਰੀ ਮੌਕਿਆਂ ਲਈ ਤਿਆਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਉਦੇਸ਼ ਸਿੱਖਿਆ ਨੂੰ ਸਿਰਫ਼ ਕਿਤਾਬਾਂ ਤੱਕ ਸੀਮਿਤ ਨਾ ਰੱਖ ਕੇ ਇਸ ਨੂੰ ਤਕਨੀਕ, ਨਵਾਚਾਰ ਅਤੇ ਵਿਸ਼ਵ ਪੱਧਰੀ ਅਨੁਭਵਾਂ ਨਾਲ ਜੋੜਨਾ ਹੈ, ਤਾਂ ਜੋ ਸੂਬੇ ਦੇ ਵਿਦਿਆਰਥੀ ਭਵਿੱਖ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਬਣ ਸਕਣ।

Leave a Reply

Your email address will not be published. Required fields are marked *