
ਚੰਡੀਗੜ੍ਹ, 9 ਅਕਤੂਬਰ 2026: ਹਰਿਆਣਾ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਲਈ ਰਾਜ ਪੱਧਰੀ ਪੁਰਸਕਾਰ ਯੋਜਨਾ ਤਹਿਤ ਸਾਲ 2026-27 ਲਈ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਹਨ। ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਇਸ ਯੋਜਨਾ ਦਾ ਉਦੇਸ਼ ਸਮਾਜਿਕ, ਆਰਥਿਕ ਅਤੇ ਹੋਰ ਖੇਤਰਾਂ ਵਿੱਚ ਮਿਸਾਲੀ ਕੰਮ ਕਰਨ ਵਾਲੀਆਂ ਔਰਤਾਂ ਦੀ ਹੌਸਲਾ-ਅਫ਼ਜ਼ਾਈ ਕਰਨਾ ਹੈ।
ਵਿਭਾਗ ਅਨੁਸਾਰ, ਇਨ੍ਹਾਂ ਪੁਰਸਕਾਰਾਂ ਲਈ ਯੋਗ ਅਤੇ ਚਾਹਵਾਨ ਬਿਨੈਕਾਰ 5 ਨਵੰਬਰ 2026 ਤੱਕ ਵਿਭਾਗ ਦੀ ਅਧਿਕਾਰਤ ਵੈੱਬਸਾਈਟ onlinemis.wcdhry.gov.in/gaurav ਰਾਹੀਂ ਆਨਲਾਈਨ ਅਰਜ਼ੀ ਦੇ ਸਕਦੇ ਹਨ। ਸਰਕਾਰ ਵੱਲੋਂ ਵੱਖ-ਵੱਖ ਸ਼੍ਰੇਣੀਆਂ ਵਿੱਚ ਪੁਰਸਕਾਰਾਂ ਦੇ ਨਾਲ ਨਕਦ ਇਨਾਮ, ਪ੍ਰਸ਼ੰਸਾ ਪੱਤਰ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
ਵੱਖ-ਵੱਖ ਸ਼੍ਰੇਣੀਆਂ ਵਿੱਚ ਮਿਲਣਗੇ ਨਕਦ ਇਨਾਮ
ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜ ਪੱਧਰੀ ਪੁਰਸਕਾਰਾਂ ਵਿੱਚ ਵੱਖ-ਵੱਖ ਸ਼੍ਰੇਣੀਆਂ ਦੇ ਤਹਿਤ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਪ੍ਰਦਾਨ ਕੀਤੇ ਜਾਣਗੇ। ਇਨ੍ਹਾਂ ਵਿੱਚ ਪ੍ਰਮੁੱਖ ਪੁਰਸਕਾਰ ਹੇਠ ਲਿਖੇ ਹਨ:
- ਸ਼੍ਰੀਮਤੀ ਸੁਸ਼ਮਾ ਸਵਰਾਜ ਪੁਰਸਕਾਰ: 5 ਲੱਖ ਰੁਪਏ ਦੀ ਨਕਦ ਰਾਸ਼ੀ, ਪ੍ਰਸ਼ੰਸਾ ਪੱਤਰ ਅਤੇ ਸ਼ਾਲ।
- ਇੰਦਰਾ ਗਾਂਧੀ ਮਹਿਲਾ ਸ਼ਕਤੀ ਪੁਰਸਕਾਰ: 1.50 ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ।
- ਕਲਪਨਾ ਚਾਵਲਾ ਸ਼ੌਰਿਆ ਪੁਰਸਕਾਰ: 1 ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ।
- ਬਹਿਣ ਸ਼ੰਨੋ ਦੇਵੀ ਪੰਚਾਇਤੀ ਰਾਜ ਪੁਰਸਕਾਰ: 1 ਲੱਖ ਰੁਪਏ ਦੀ ਨਕਦ ਰਾਸ਼ੀ ਅਤੇ ਪ੍ਰਸ਼ੰਸਾ ਪੱਤਰ।
ਇਸ ਤੋਂ ਇਲਾਵਾ, ਸਰਕਾਰੀ ਕਰਮਚਾਰੀ, ਸਮਾਜਿਕ ਕਰਮਚਾਰੀ ਅਤੇ ਮਹਿਲਾ ਉੱਦਮੀ ਵਰਗਾਂ ਵਿੱਚ ਵੀ ਪੁਰਸਕਾਰ ਦਿੱਤੇ ਜਾਣਗੇ। ਇਨ੍ਹਾਂ ਸ਼੍ਰੇਣੀਆਂ ਦੇ ਜੇਤੂਆਂ ਨੂੰ 21 ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਪ੍ਰਸ਼ੰਸਾ ਪੱਤਰ ਅਤੇ ਸ਼ਾਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਅਰਜ਼ੀਆਂ ਦੀ ਜਾਂਚ ਅਤੇ ਤਸਦੀਕ ਤੋਂ ਬਾਅਦ ਹੋਵੇਗੀ ਚੋਣ
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਅਰਜ਼ੀਆਂ ਦੀ ਜਾਂਚ ਜ਼ਿਲ੍ਹਾ ਪੱਧਰ ’ਤੇ ਗਠਿਤ ਸਿਫ਼ਾਰਸ਼ ਕਮੇਟੀ ਵੱਲੋਂ ਕੀਤੀ ਜਾਵੇਗੀ। ਕਮੇਟੀ ਵੱਲੋਂ ਯੋਗ ਪਾਏ ਜਾਣ ਵਾਲੇ ਮਾਮਲਿਆਂ ਦੀ ਸਿਫ਼ਾਰਸ਼ ਕੀਤੀ ਜਾਵੇਗੀ। ਇਸ ਤੋਂ ਬਾਅਦ ਸਬੰਧਤ ਮਾਮਲਿਆਂ ਦੀ ਲੋੜੀਂਦੀ ਤਸਦੀਕ ਅਤੇ ਪੁਲਿਸ ਵੈਰੀਫਿਕੇਸ਼ਨ ਕਰਵਾਈ ਜਾਵੇਗੀ।
ਇਹ ਪ੍ਰਕਿਰਿਆ ਪੂਰੀ ਹੋਣ ਉਪਰੰਤ ਯੋਗ ਮਾਮਲਿਆਂ ਨੂੰ ਨਿਰਧਾਰਤ ਸਮੇਂ ਅੰਦਰ ਵਿਭਾਗ ਦੇ ਮੁੱਖ ਦਫ਼ਤਰ ਭੇਜਿਆ ਜਾਵੇਗਾ, ਤਾਂ ਜੋ ਪੁਰਸਕਾਰਾਂ ਲਈ ਉਮੀਦਵਾਰਾਂ ਦੀ ਚੋਣ ਨਿਰਧਾਰਤ ਨਿਯਮਾਂ ਅਤੇ ਪ੍ਰਕਿਰਿਆ ਅਨੁਸਾਰ ਕੀਤੀ ਜਾ ਸਕੇ।
ਯੋਗ ਔਰਤਾਂ ਨੂੰ ਅਰਜ਼ੀਆਂ ਦੇਣ ਲਈ ਕੀਤਾ ਅਪੀਲ
ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਯੋਗ ਔਰਤਾਂ ਅਤੇ ਸਬੰਧਤ ਸ਼੍ਰੇਣੀਆਂ ਦੇ ਯੋਗ ਵਿਅਕਤੀਆਂ ਤੱਕ ਇਸ ਯੋਜਨਾ ਦੀ ਜਾਣਕਾਰੀ ਪਹੁੰਚਾਉਣ। ਇਸ ਦੇ ਨਾਲ ਹੀ ਯੋਗ ਬਿਨੈਕਾਰਾਂ ਨੂੰ 5 ਨਵੰਬਰ 2026 ਦੀ ਆਖ਼ਰੀ ਮਿਤੀ ਤੋਂ ਪਹਿਲਾਂ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ ਗਈ ਹੈ।
ਯੋਜਨਾ, ਪਾਤਰਤਾ ਅਤੇ ਅਰਜ਼ੀ ਪ੍ਰਕਿਰਿਆ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਆਪਣੇ ਸਬੰਧਤ ਜ਼ਿਲ੍ਹੇ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।
ਹਰਿਆਣਾ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਮਿਸਾਲੀ ਯੋਗਦਾਨ ਪਾਉਣ ਵਾਲੀਆਂ ਔਰਤਾਂ ਦੀ ਪਛਾਣ ਕਰਨਾ, ਉਨ੍ਹਾਂ ਦੇ ਕੰਮ ਨੂੰ ਮਾਨਤਾ ਦੇਣਾ ਅਤੇ ਹੋਰਨਾਂ ਨੂੰ ਵੀ ਸਮਾਜ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਨਾ ਹੈ।
