
ਚੰਡੀਗੜ੍ਹ, 17 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਹੈ ਕਿ ਜੇਕਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੌਂਪਦੇ ਹਨ ਤਾਂ ਸੂਬੇ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਦਲਦਲ ਵਿੱਚੋਂ ਬਾਹਰ ਕੱਢਣ ਲਈ ਵੱਡੇ ਪੱਧਰ ’ਤੇ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਵਿੱਚ ਪਾਰਦਰਸ਼ੀ ਤੇ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ।
ਨਾਇਬ ਸਿੰਘ ਸੈਣੀ ਨੇ ਇਹ ਗੱਲਾਂ ਪੰਜਾਬ ਦੇ ਅੰਮ੍ਰਿਤਸਰ ਸਥਿਤ ਰਾਮਪੁਰਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਹੀਆਂ। ਉਨ੍ਹਾਂ ਪੰਜਾਬ ਸਰਕਾਰ ’ਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੂਬੇ ਦੇ ਮਿਹਨਤੀ ਨੌਜਵਾਨ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
‘ਭਰਤੀ ਪ੍ਰਕਿਰਿਆ ’ਤੇ ਸਰਕਾਰ ਜਵਾਬ ਦੇਵੇ’
ਪੰਜਾਬ ਦੇ ਸਿਹਤ ਵਿਭਾਗ ਵਿੱਚ ਅਸਾਮੀਆਂ ਦੀ ਹਾਲੀਆ ਭਰਤੀ ਸੂਚੀ ਦਾ ਹਵਾਲਾ ਦਿੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੁਦ ਅਦਾਲਤ ਵਿੱਚ ਆਪਣੀ ਗਲਤੀ ਮੰਨੀ ਹੈ। ਉਨ੍ਹਾਂ ਕਿਹਾ ਕਿ ਭਰਤੀ ਅਤੇ ਰੁਜ਼ਗਾਰ ਨਾਲ ਸਬੰਧਤ ਮਾਮਲਿਆਂ ਕਾਰਨ ਨੌਜਵਾਨਾਂ ਵਿੱਚ ਨਿਰਾਸ਼ਾ ਪੈਦਾ ਹੋ ਰਹੀ ਹੈ।
ਸੈਣੀ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਿਰਫ਼ ਨੌਜਵਾਨ ਹੀ ਨਹੀਂ, ਸਗੋਂ ਮਹਿਲਾਵਾਂ ਅਤੇ ਸਰਕਾਰੀ ਕਰਮਚਾਰੀ ਵੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ (DA) ਨਹੀਂ ਦਿੱਤਾ ਜਾ ਰਿਹਾ ਅਤੇ ਕਈ ਮਾਮਲਿਆਂ ਵਿੱਚ ਤਨਖਾਹਾਂ ਦੀ ਅਦਾਇਗੀ ਵਿੱਚ ਵੀ ਦੇਰੀ ਹੋ ਰਹੀ ਹੈ।
‘ਹਰਿਆਣਾ ਵਿੱਚ ਹਰ ਜ਼ਿਲ੍ਹੇ ’ਚ ਮੈਡੀਕਲ ਕਾਲਜ ਖੋਲ੍ਹਣ ਦਾ ਟੀਚਾ’
ਨਾਇਬ ਸਿੰਘ ਸੈਣੀ ਨੇ ਹਰਿਆਣਾ ਅਤੇ ਪੰਜਾਬ ਦੀਆਂ ਸਰਕਾਰਾਂ ਦੇ ਕੰਮਕਾਜ ਦੀ ਤੁਲਨਾ ਕਰਦਿਆਂ ਕਿਹਾ ਕਿ ਹਰਿਆਣਾ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਪੰਜਾਬ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਿੰਨੇ ਨਵੇਂ ਮੈਡੀਕਲ ਕਾਲਜ ਖੋਲ੍ਹੇ ਗਏ ਹਨ ਅਤੇ ਸਿਹਤ ਖੇਤਰ ਵਿੱਚ ਲੋਕਾਂ ਨੂੰ ਕਿੰਨੀਆਂ ਨਵੀਆਂ ਸਹੂਲਤਾਂ ਮਿਲੀਆਂ ਹਨ, ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੂਬੇ ਦੇ ਲੋਕਾਂ ਨੂੰ ਜਵਾਬ ਦੇਣਾ ਚਾਹੀਦਾ ਹੈ।
‘ਪੰਜਾਬ ’ਚ ਭਾਜਪਾ ਸਰਕਾਰ ਬਣੀ ਤਾਂ ਹਰਿਆਣਾ ਦੀਆਂ ਨੀਤੀਆਂ ਲਾਗੂ ਕਰਾਂਗੇ’
ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਤੇ ਭਰੋਸਾ ਜਤਾਉਣ ਦੀ ਅਪੀਲ ਕਰਦਿਆਂ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਂਦੇ ਹਨ ਤਾਂ ਹਰਿਆਣਾ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਭਲਾਈ ਅਤੇ ਵਿਕਾਸ ਨੀਤੀਆਂ ਨੂੰ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਨਸ਼ਿਆਂ ਖ਼ਿਲਾਫ਼ ਸਖ਼ਤ ਮੁਹਿੰਮ ਚਲਾਉਣ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ, ਸਿਹਤ ਅਤੇ ਸਿੱਖਿਆ ਦੇ ਮੌਕੇ ਵਧਾਉਣ ਅਤੇ ਪ੍ਰਸ਼ਾਸਨ ਨੂੰ ਹੋਰ ਪਾਰਦਰਸ਼ੀ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸੈਣੀ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਨਸ਼ਾ ਮੁਕਤ ਅਤੇ ਵਿਕਾਸ ਦੀ ਰਾਹ ’ਤੇ ਅੱਗੇ ਵਧਦਾ ਸੂਬਾ ਬਣਾਉਣ ਲਈ ਕੰਮ ਕਰੇਗੀ।
