ਸੀਐਮ ਮਾਨ ਵੱਲੋਂ ਨੌਜਵਾਨਾਂ ਨੂੰ ਨਿਯੁਕਤੀ ਪੱਤਰਾਂ ਦੀ ਸੌਗਾਤ, ਪੇਪਰ ਲੀਕ ਮਾਮਲੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ
ਚੰਡੀਗੜ੍ਹ, 8 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਚੁਣੇ ਗਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਸਮਾਰੋਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਦੌਰਾਨ 355 ਨੌਜਵਾਨਾਂ ਨੂੰ ਵੱਖ-ਵੱਖ ਅਸਾਮੀਆਂ ਲਈ ਨਿਯੁਕਤੀ ਪੱਤਰ ਦਿੱਤੇ ਗਏ। ਸਰਕਾਰ ਦੇ ਅਨੁਸਾਰ, ਇਨ੍ਹਾਂ ਨਵੀਆਂ ਭਰਤੀਆਂ ਨਾਲ ਸੂਬੇ ਵਿੱਚ ਹੁਣ ਤੱਕ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 67,037 ਤੱਕ ਪਹੁੰਚ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੇਪਰ ਲੀਕ ਦੇ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ ਸਾਰੀਆਂ ਭਰਤੀ ਪ੍ਰੀਖਿਆਵਾਂ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਸੰਪੰਨ ਹੋਈਆਂ ਹਨ ਅਤੇ ਨਤੀਜੇ ਵੀ ਬਿਨਾਂ ਕਿਸੇ ਵਿਵਾਦ ਦੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਘਰ ਬੈਠਿਆਂ ਹੀ ਸੁਨੇਹੇ ਰਾਹੀਂ ਉਨ੍ਹਾਂ ਦੀ ਚੋਣ ਬਾਰੇ ਜਾਣਕਾਰੀ ਦਿੱਤੀ ...









