ਸਖ਼ਤ ਇਨਫੋਰਸਮੈਂਟ ਕਾਰਵਾਈਆਂ ਦਾ ਅਸਰ: ਮਈ 2026 ਵਿੱਚ ਪੰਜਾਬ ਦੀ ਜੀਐੱਸਟੀ ਵਸੂਲੀ 14.59% ਵਧੀ, ਕੌਮੀ ਔਸਤ ਤੋਂ ਅੱਗੇ ਨਿਕਲਿਆ ਸੂਬਾ — ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਜੂਨ 2026: ਪੰਜਾਬ ਸਰਕਾਰ ਦੀਆਂ ਪ੍ਰਭਾਵਸ਼ਾਲੀ ਟੈਕਸ ਪ੍ਰਬੰਧਨ ਨੀਤੀਆਂ ਅਤੇ ਟੈਕਸ ਚੋਰੀ ਖ਼ਿਲਾਫ਼ ਸਖ਼ਤ ਕਾਰਵਾਈਆਂ ਦੇ ਨਤੀਜੇ ਵਜੋਂ ਸੂਬੇ ਨੇ ਮਈ 2026 ਦੌਰਾਨ ਜੀਐੱਸਟੀ ਮਾਲੀਏ ਵਿੱਚ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸੂਬੇ ਦੀ ਕੁੱਲ ਜੀਐੱਸਟੀ ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 14.59 ਫੀਸਦੀ ਦਾ ਵਾਧਾ ਹੋਇਆ ਹੈ, ਜੋ ਕਿ ਕੌਮੀ ਔਸਤ ਨਾਲੋਂ ਕਾਫ਼ੀ ਬਿਹਤਰ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਮਈ 2026 ਦੌਰਾਨ ਪੰਜਾਬ ਨੂੰ ਜੀਐੱਸਟੀ ਰਾਹੀਂ 2,400.52 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ, ਜਦਕਿ ਮਈ 2025 ਵਿੱਚ ਇਹ ਅੰਕੜਾ 2,094.81 ਕਰੋੜ ਰੁਪਏ ਸੀ। ਇਸ ਤਰ੍ਹਾਂ ਸੂਬੇ ਦੇ ਮਾਲੀਏ ਵਿੱਚ 305.71 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਪੰਜਾਬ ਦੀ ਮਜ਼ਬੂਤ ਆਰਥਿਕ ਸਰਗਰਮੀ ਅਤੇ ਬਿਹਤਰ ਟੈਕਸ ਪਾਲਣਾ ਨੂੰ ਦਰਸਾਉਂਦਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਇਹ ਕਾਰਗੁਜ਼ਾਰੀ ਦੇਸ਼ ਭਰ ਦੇ ਜੀਐੱਸਟੀ ਵਾਧੇ ਦੇ ਰੁਝਾਨਾਂ ਨਾਲੋਂ ਕਾਫ਼ੀ ਅ...









