ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ ਸੂਓ ਮੋਟੋ ਕਾਰਵਾਈ ਸ਼ੁਰੂ
ਚੰਡੀਗੜ੍ਹ, 23 ਜੁਲਾਈ 2026: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਲੋਕਾਂ ਨਾਲ ਸਬੰਧਤ ਤਿੰਨ ਵੱਖ-ਵੱਖ ਮਾਮਲਿਆਂ ਦਾ ਖੁਦ ਨੋਟਿਸ ਲੈਂਦਿਆਂ (ਸੂਓ ਮੋਟੋ) ਕਾਰਵਾਈ ਸ਼ੁਰੂ ਕੀਤੀ ਹੈ। ਕਮਿਸ਼ਨ ਨੇ ਇਨ੍ਹਾਂ ਮਾਮਲਿਆਂ ਸਬੰਧੀ ਸਬੰਧਤ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟਾਂ ਤਲਬ ਕੀਤੀਆਂ ਹਨ।
ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਖ਼ਬਾਰਾਂ ਵਿੱਚ ਪ੍ਰਕਾਸ਼ਿਤ ਖ਼ਬਰਾਂ ਦੇ ਆਧਾਰ ’ਤੇ ਕਮਿਸ਼ਨ ਨੇ ਤਿੰਨ ਮਾਮਲਿਆਂ ਦਾ ਨੋਟਿਸ ਲਿਆ ਹੈ, ਤਾਂ ਜੋ ਮਾਮਲਿਆਂ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾ ਸਕੇ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਨੂੰ ਸੂਓ ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਕਮਿਸ਼ਨ ਨੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਕਥਿਤ ਲਾਠੀਚਾਰਜ ਦੇ ਮਾਮਲੇ ਸਬੰਧੀ ਤੱਥਾਂ ਦੀ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਪੂਰੀ ਜਾਣਕਾਰੀ ਅਤੇ ਕੀਤੀ ਗਈ ਕਾਰਵਾਈ ਦਾ ਵੇਰਵਾ ਪੇਸ਼ ਕਰਨ ਲਈ ਕਿਹਾ ਹੈ।
...









