
ਨਵੀਂ ਦਿੱਲੀ, 24 ਜੁਲਾਈ 2026: NEET ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਨੂੰ ਲੈ ਕੇ ਜਾਰੀ ਵਿਵਾਦ ਦੇ ਦਰਮਿਆਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਅਤੇ ਕੇਂਦਰ ਸਰਕਾਰ ਵਿਚਾਲੇ ਸ਼ੁੱਕਰਵਾਰ ਨੂੰ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿੱਚ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੀ ਨੁਮਾਇੰਦਗੀ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਡਾ. ਜਤਿੰਦਰ ਸਿੰਘ ਨੇ ਕੀਤੀ, ਜਦਕਿ ਸੀਜੇਪੀ ਵੱਲੋਂ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਹਿੱਸਾ ਲਿਆ।
ਬੈਠਕ ਤੋਂ ਬਾਅਦ ਸੀਜੇਪੀ ਦੇ ਆਗੂਆਂ ਨੇ ਕਿਹਾ ਕਿ ਪਾਰਟੀ ਆਪਣੀ ਮੁੱਖ ਮੰਗ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ, ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਮੁਆਵਜ਼ਾ ਦੇਣ ਅਤੇ ਉਨ੍ਹਾਂ ਵਿਰੁੱਧ ਦਰਜ ਮਾਮਲਿਆਂ ਨੂੰ ਵਾਪਸ ਲੈਣ ਦੇ ਮੁੱਦੇ ‘ਤੇ ਸਕਾਰਾਤਮਕ ਰੁਖ਼ ਦਿਖਾਇਆ ਹੈ।
ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਚਰਚਾ ਦੌਰਾਨ ਸੀਜੇਪੀ ਨੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਤਿੰਨ ਮੁੱਖ ਮੰਗਾਂ ਅਤੇ ਪੰਜ ਵਿਸਥਾਰਪੂਰਵਕ ਸੁਝਾਅ ਸਰਕਾਰ ਸਾਹਮਣੇ ਰੱਖੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਨ੍ਹਾਂ ਸੁਝਾਵਾਂ ਅਤੇ ਮੰਗਾਂ ਦਾ ਗੰਭੀਰਤਾ ਨਾਲ ਅਧਿਐਨ ਕਰਨ ਲਈ ਭਲਕੇ ਤੱਕ ਦਾ ਸਮਾਂ ਮੰਗਿਆ ਹੈ, ਜਿਸ ਤੋਂ ਬਾਅਦ ਆਪਣਾ ਅਧਿਕਾਰਤ ਰੁਖ਼ ਸਪੱਸ਼ਟ ਕੀਤਾ ਜਾਵੇਗਾ।
ਇਹ ਮੀਟਿੰਗ ਪਹਿਲਾਂ ਹੋਈ ਗੱਲਬਾਤ ਦੀ ਕੜੀ ਵਜੋਂ ਦੇਖੀ ਜਾ ਰਹੀ ਹੈ। ਇਸ ਤੋਂ ਪਹਿਲਾਂ 20 ਜੁਲਾਈ ਨੂੰ ਵੀ ਕੇਂਦਰੀ ਮੰਤਰੀ ਜੇ.ਪੀ. ਨੱਡਾ ਦੇ ਨਿਵਾਸ ਸਥਾਨ ‘ਤੇ ਦੋਵਾਂ ਧਿਰਾਂ ਵਿਚਾਲੇ ਬੈਠਕ ਹੋਈ ਸੀ, ਪਰ ਉਹ ਕਿਸੇ ਠੋਸ ਨਤੀਜੇ ‘ਤੇ ਨਹੀਂ ਪਹੁੰਚ ਸਕੀ ਸੀ।
ਇਸ ਦੌਰਾਨ ਸੋਨਮ ਵਾਂਗਚੁਕ ਵੱਲੋਂ ਭੁੱਖ ਹੜਤਾਲ ਖ਼ਤਮ ਕੀਤੇ ਜਾਣ ਤੋਂ ਬਾਅਦ ਅੰਦੋਲਨ ਨੇ ਨਵਾਂ ਮੋੜ ਲਿਆ ਹੈ। ਸੀਜੇਪੀ ਨੇ ਬਿਆਨ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ 20 ਜੁਲਾਈ ਦੇ ਸੰਸਦ ਮਾਰਚ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਨ ਵਾਲੇ ਸੁਰੱਖਿਆ ਬਲਾਂ ਦੀ ਭੂਮਿਕਾ ਦੀ ਜਾਂਚ ਅਤੇ ਲੋੜੀਂਦੀ ਕਾਰਵਾਈ ਬਾਰੇ ਵੀ ਸਕਾਰਾਤਮਕ ਭਰੋਸਾ ਦਿੱਤਾ ਹੈ।
NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਿਹਾ ਇਹ ਅੰਦੋਲਨ ਹੁਣ ਅਜਿਹੇ ਪੜਾਅ ‘ਤੇ ਪਹੁੰਚ ਗਿਆ ਹੈ, ਜਿੱਥੇ ਸਰਕਾਰ ਅਤੇ ਅੰਦੋਲਨਕਾਰੀਆਂ ਵਿਚਾਲੇ ਹੋਣ ਵਾਲਾ ਅਗਲਾ ਫ਼ੈਸਲਾ ਨਾ ਸਿਰਫ਼ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਦੀ ਦਿਸ਼ਾ ਤੈਅ ਕਰੇਗਾ, ਸਗੋਂ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ‘ਤੇ ਵੀ ਸਿਆਸੀ ਅਤੇ ਪ੍ਰਸ਼ਾਸਨਿਕ ਸਥਿਤੀ ਸਪੱਸ਼ਟ ਹੋ ਸਕਦੀ ਹੈ।
