
ਮੰਡੀ ਗੋਬਿੰਦਗੜ੍ਹ, 6 ਜੂਨ 2026: ਪੰਜਾਬ ਸਰਕਾਰ ਨੇ ਟੈਕਸ ਚੋਰੀ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਹੈ। ਜੀਐਸਟੀ ਵਿਭਾਗ ਵੱਲੋਂ ਇੱਕ ਹਫ਼ਤੇ ਤੱਕ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ ਕਰੀਬ 200 ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਲਗਭਗ 7 ਕਰੋੜ ਰੁਪਏ ਮੁੱਲ ਦਾ 2400 ਮੀਟ੍ਰਿਕ ਟਨ ਮਾਲ ਜ਼ਬਤ ਕੀਤਾ ਗਿਆ।
ਵਿਭਾਗ ਅਨੁਸਾਰ ਇਹ ਮਾਲ ਬਿਨਾਂ ਵੈਧ ਇਨਵੌਇਸਾਂ ਜਾਂ ਜਾਅਲੀ ਬਿਲਿੰਗ ਰਾਹੀਂ ਲਿਜਾਇਆ ਅਤੇ ਵੇਚਿਆ ਜਾ ਰਿਹਾ ਸੀ। ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰੀਆਂ ‘ਤੇ ਕੁੱਲ 3.5 ਕਰੋੜ ਰੁਪਏ ਦੇ ਜੁਰਮਾਨੇ ਵੀ ਲਗਾਏ ਗਏ ਹਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਟੈਕਸ ਚੋਰੀ ਪ੍ਰਤੀ ‘ਜ਼ੀਰੋ ਟੌਲਰੈਂਸ’ ਨੀਤੀ ਅਪਣਾਈ ਹੋਈ ਹੈ ਅਤੇ ਪਿਛਲੇ ਸਮੇਂ ਦੌਰਾਨ ਪੈਦਾ ਹੋਈਆਂ ਗੈਰ-ਕਾਨੂੰਨੀ ਪ੍ਰਥਾਵਾਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਟੈਕਸ ਚੋਰੀ ਦੀ ਪ੍ਰਵਿਰਤੀ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ ਸੰਕਲਪਿਤ ਹੈ। ਜੀਐਸਟੀ ਅਤੇ ਹੋਰ ਟੈਕਸਾਂ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ।
ਚੀਮਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਕਿਸੇ ਵੀ ਰੂਪ ਵਿੱਚ ਟੈਕਸ ਚੋਰੀ ਨੂੰ ਬਰਦਾਸ਼ਤ ਨਹੀਂ ਕਰੇਗੀ। ਸ਼ੱਕੀ ਵਪਾਰਕ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਟੈਕਸ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਿਗਰਾਨੀ ਅਤੇ ਇਨਫੋਰਸਮੈਂਟ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਵਿੱਤ ਮੰਤਰੀ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਟੈਕਸ ਚੋਰੀ ਦੀਆਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕੀਤੀ ਗਈ ਜਾਂਚ ਦੌਰਾਨ ਵੱਡੇ ਪੱਧਰ ‘ਤੇ ਗੜਬੜੀਆਂ ਸਾਹਮਣੇ ਆਈਆਂ, ਜਿਸ ਤੋਂ ਬਾਅਦ ਮਾਲ ਜ਼ਬਤ ਕਰਨ ਅਤੇ ਜੁਰਮਾਨੇ ਲਗਾਉਣ ਦੀ ਕਾਰਵਾਈ ਕੀਤੀ ਗਈ।
ਉਨ੍ਹਾਂ ਵਪਾਰੀਆਂ, ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਨੂੰਨੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਪਾਰਦਰਸ਼ੀ ਢੰਗ ਨਾਲ ਕਾਰੋਬਾਰ ਕਰਨ ਅਤੇ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਤੋਂ ਦੂਰ ਰਹਿਣ।
ਚੀਮਾ ਨੇ ਭਰੋਸਾ ਦਿਵਾਇਆ ਕਿ ਸਰਕਾਰ ਇਮਾਨਦਾਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਵਪਾਰੀਆਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੱਚੇ ਕਾਰੋਬਾਰੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਸਾਰੇ ਉਦਯੋਗਪਤੀਆਂ ਨੂੰ ਸੂਬੇ ਦੇ ਆਰਥਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਕਾਨੂੰਨੀ ਢੰਗ ਨਾਲ ਕਾਰੋਬਾਰ ਕਰਨ ਦੀ ਅਪੀਲ ਕੀਤੀ ਜਾਂਦੀ ਹੈ।
