
ਸਰਾਏ ਅਮਾਨਤ ਖਾਂ, 30 ਅਕਤੂਬਰ 2026: ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸਾਂਝੀ ਕਾਰਵਾਈ ਦੌਰਾਨ ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਕਲਸ ਨੇੜਿਓਂ 5 ਕਿਲੋ 32 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਨਸ਼ੇ ਦੀ ਖੇਪ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 26 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ BSF ਦੀ 181ਵੀਂ ਬਟਾਲੀਅਨ ਦੇ ਬੀਪੀਓ ਰਾਜਾਤਾਲ ਵਿਖੇ ਤਾਇਨਾਤ ਇੰਸਪੈਕਟਰ ਸੰਜੀਵ ਕੁਮਾਰ ਦੀ ਅਗਵਾਈ ਹੇਠ BSF ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਇਲਾਕੇ ਵਿੱਚ ਸਾਂਝੇ ਤੌਰ ’ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ। ਇਸ ਦੌਰਾਨ ਪਿੰਡ ਕਲਸ ਦੇ ਨੇੜੇ ਸਰਹੱਦ ਪਾਰੋਂ ਆਈ 5 ਕਿਲੋ 32 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਹੋਈ।
ਇਸ ਮਾਮਲੇ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨਸ਼ੇ ਦੀ ਇਹ ਖੇਪ ਕਿਸ ਨੇ ਭੇਜੀ ਸੀ ਅਤੇ ਇਸ ਤਸਕਰੀ ਪਿੱਛੇ ਕੌਣ-ਕੌਣ ਸ਼ਾਮਲ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
