Wednesday, July 29Punjabi People

ਲੋਕਾਂ ਦੇ ਦੁਆਰ ਪਹੁੰਚੀ ਆਮ ਆਦਮੀ ਪਾਰਟੀ ਦੀ ਸਰਕਾਰ, ਵਿਕਾਸ ਤੇ ਲੋਕ ਭਲਾਈ ਲਈ ਵਚਨਬੱਧ: ਅਮਨ ਅਰੋੜਾ

ਸੰਗਰੂਰ/ਸੁਨਾਮ, 12 ਜੁਲਾਈ 2026: ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦੇ ਪਿੰਡ ਕਿਲਾ ਭਰੀਆਂ ਅਤੇ ਬਹਾਦਰਪੁਰ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਪਹੁੰਚ ਕੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਨਾਲ ਰੂਬਰੂ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਸੁਝਾਵ ਧਿਆਨ ਨਾਲ ਸੁਣੇ ਅਤੇ ਸਬੰਧਤ ਅਧਿਕਾਰੀਆਂ ਨੂੰ ਕਈ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਦੇ ਪਿੰਡਾਂ ਵਿੱਚ ਪਹੁੰਚਣ ’ਤੇ ਵੱਡੀ ਗਿਣਤੀ ਵਿੱਚ ਮੌਜੂਦ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕੇਂਦਰਿਤ ਸ਼ਾਸਨ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਇਸੇ ਸੋਚ ਤਹਿਤ ਸੂਬੇ ਭਰ ਵਿੱਚ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਸਿੱਧੇ ਲੋਕਾਂ ਵਿਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ’ਤੇ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਕਟਵਾਉਣ ਦੀ ਬਜਾਏ ਸਰਕਾਰ ਨੂੰ ਲੋਕਾਂ ਦੇ ਦਰਵਾਜ਼ੇ ਤੱਕ ਲੈ ਕੇ ਜਾਣਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਸੜਕਾਂ, ਪੀਣ ਵਾਲੇ ਪਾਣੀ, ਖੇਡਾਂ, ਰੁਜ਼ਗਾਰ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਸਿੱਧਾ ਆਮ ਲੋਕਾਂ ਤੱਕ ਪਹੁੰਚਿਆ ਹੈ, ਜਿਸ ਕਾਰਨ ਲੋਕ ਖੁਦ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ।

ਉਨ੍ਹਾਂ ਕਿਹਾ, “ਸਾਨੂੰ ਆਪਣੀਆਂ ਪ੍ਰਾਪਤੀਆਂ ਦਾ ਵੱਖਰੇ ਤੌਰ ’ਤੇ ਪ੍ਰਚਾਰ ਕਰਨ ਦੀ ਲੋੜ ਨਹੀਂ ਪੈਂਦੀ। ਲੋਕ ਖੁਦ ਦੱਸ ਰਹੇ ਹਨ ਕਿ ਜਿਹੜੇ ਕੰਮ ਦਹਾਕਿਆਂ ਤੱਕ ਨਹੀਂ ਹੋਏ, ਉਹ ਮੌਜੂਦਾ ਸਰਕਾਰ ਨੇ ਥੋੜ੍ਹੇ ਸਮੇਂ ਵਿੱਚ ਕਰਕੇ ਦਿਖਾਏ ਹਨ। ਇਹ ਲੋਕਾਂ ਦਾ ਭਰੋਸਾ ਅਤੇ ਪਿਆਰ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।”

ਲੋਕ ਮਿਲਣੀ ਦੌਰਾਨ ਵੱਖ-ਵੱਖ ਪਿੰਡਾਂ ਦੇ ਖੇਡ ਕਲੱਬਾਂ, ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਜਿਮ, ਖੇਡ ਮੈਦਾਨਾਂ, ਬੁਨਿਆਦੀ ਢਾਂਚੇ ਅਤੇ ਹੋਰ ਵਿਕਾਸ ਕਾਰਜਾਂ ਨਾਲ ਸਬੰਧਤ ਮੰਗ ਪੱਤਰ ਵੀ ਕੈਬਨਿਟ ਮੰਤਰੀ ਨੂੰ ਸੌਂਪੇ। ਅਮਨ ਅਰੋੜਾ ਨੇ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਵਿਰੋਧੀ ਧਿਰ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਇਸ ਸਮੇਂ ਅੰਦਰੂਨੀ ਖਿੱਚੋਤਾਣ ਅਤੇ ਧੜੇਬੰਦੀ ਕਾਰਨ ਕਮਜ਼ੋਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਪੰਜਾਬ ਦੇ ਵਿਕਾਸ ਜਾਂ ਲੋਕਾਂ ਦੇ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਆਪਸੀ ਸਿਆਸੀ ਟਕਰਾਅ ਵਿੱਚ ਹੀ ਉਲਝੇ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕ ਵਿਕਾਸ ਅਤੇ ਕੰਮਾਂ ਦੇ ਆਧਾਰ ’ਤੇ ਹੀ ਫ਼ੈਸਲਾ ਕਰਨਗੇ ਅਤੇ ਕਾਂਗਰਸ ਦੋ ਅੰਕਾਂ ਤੱਕ ਵੀ ਨਹੀਂ ਪਹੁੰਚ ਸਕੇਗੀ।

ਪੰਜਾਬ ਦੇ ਕਾਲੇ ਦੌਰ ਅਤੇ ਇਸ ਵਿਸ਼ੇ ’ਤੇ ਬਣੀਆਂ ਫ਼ਿਲਮਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਦੌਰ ਵਿੱਚ ਬਹੁਤ ਵੱਡਾ ਦਰਦ ਅਤੇ ਨੁਕਸਾਨ ਸਹਿਣ ਕੀਤਾ ਹੈ। ਉਨ੍ਹਾਂ ਕਿਹਾ ਕਿ ਉਸ ਦੌਰ ਦੀਆਂ ਘਟਨਾਵਾਂ ਤੋਂ ਸਬਕ ਲੈਣਾ ਅਤੇ ਸੱਚ ਨੂੰ ਸਮਝਣਾ ਮਹੱਤਵਪੂਰਨ ਹੈ, ਪਰ ਇਸ ਦੇ ਨਾਲ-ਨਾਲ ਸੂਬੇ ਦੀ ਅਮਨ-ਸ਼ਾਂਤੀ, ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣਾ ਹੋਰ ਵੀ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ ਦੀ ਧਰਤੀ ਹੈ, ਜਿੱਥੇ ਇਨਸਾਨੀਅਤ, ਭਾਈਚਾਰਾ ਅਤੇ ਧਰਮ ਨਿਰਪੱਖਤਾ ਦੀ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਇਨ੍ਹਾਂ ਕਦਰਾਂ-ਕੀਮਤਾਂ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਆਉਣ ਵਾਲੀਆਂ ਚੋਣਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਚੋਣਾਂ ਦਾ ਐਲਾਨ ਕਰਨਾ ਅਤੇ ਸਮਾਂ ਨਿਰਧਾਰਤ ਕਰਨਾ ਚੋਣ ਕਮਿਸ਼ਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੇ ਵਿਚ ਰਹਿ ਕੇ ਕੰਮ ਕਰਦੀ ਹੈ ਅਤੇ ਜਦੋਂ ਵੀ ਚੋਣਾਂ ਹੋਣਗੀਆਂ, ਪਾਰਟੀ ਆਪਣੇ ਵਿਕਾਸ ਕਾਰਜਾਂ, ਲੋਕ ਭਲਾਈ ਦੀਆਂ ਨੀਤੀਆਂ ਅਤੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੇ ਆਧਾਰ ’ਤੇ ਹੀ ਲੋਕਾਂ ਤੋਂ ਮੁੜ ਆਸ਼ੀਰਵਾਦ ਮੰਗੇਗੀ।

ਇਸ ਮੌਕੇ ਇਲਾਕੇ ਦੇ ਮੋਹਤਬਰ ਆਗੂ, ਪੰਚ-ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਆਪਣੇ ਇਲਾਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਕੈਬਨਿਟ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ।

Leave a Reply

Your email address will not be published. Required fields are marked *