Wednesday, June 10Punjabi People

‘ਆਪ’ ਵਿਧਾਇਕ ਦੇ ਬੇਟੇ ਸਰਬਜੀਤ ਸਿੰਘ ਸਮਾਣਾ ਦਾ ਮੇਅਰ ਬਣਨਾ ਤਕਰੀਬਨ ਤੈਅ

ਮੁਹਾਲੀ, 8 ਜੂਨ 2026: ਮੁਹਾਲੀ ਨਗਰ ਨਿਗਮ ਦੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਚੱਲ ਰਹੀ ਉਡੀਕ ਹੁਣ ਖ਼ਤਮ ਹੋਣ ਜਾ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੰਗਲਵਾਰ ਦੁਪਹਿਰ 3 ਵਜੇ ਇਹ ਚੋਣਾਂ ਕਰਵਾਈਆਂ ਜਾਣਗੀਆਂ।

ਮੇਅਰ ਦੀ ਦੌੜ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਪੁੱਤਰ ਅਤੇ ਤਿੰਨ ਵਾਰ ਦੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਦਾ ਨਾਮ ਸਭ ਤੋਂ ਅੱਗੇ ਮੰਨਿਆ ਜਾ ਰਿਹਾ ਹੈ। ਪਾਰਟੀ ਅੰਦਰਲੇ ਸੂਤਰਾਂ ਅਤੇ ਕੌਂਸਲਰਾਂ ਦੇ ਰੁਝਾਨ ਨੂੰ ਵੇਖਦਿਆਂ ਉਨ੍ਹਾਂ ਦੇ ਮੇਅਰ ਬਣਨ ਦੀ ਸੰਭਾਵਨਾ ਕਾਫ਼ੀ ਮਜ਼ਬੂਤ ਦਿਖਾਈ ਦੇ ਰਹੀ ਹੈ।

ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਵੀ ਸਰਬਜੀਤ ਸਿੰਘ ਸਮਾਣਾ ਦੇ ਹੱਕ ਵਿੱਚ ਮਾਹੌਲ ਬਣਦਾ ਨਜ਼ਰ ਆ ਰਿਹਾ ਹੈ। ਵਟਸਐਪ ਗਰੁੱਪਾਂ ਅਤੇ ਫੇਸਬੁੱਕ ‘ਤੇ ਉਨ੍ਹਾਂ ਨੂੰ ਅਗਾਊਂ ਵਧਾਈਆਂ ਦੇਣ ਵਾਲੀਆਂ ਪੋਸਟਾਂ ਲਗਾਤਾਰ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਸਮਰਥਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਸੰਦੇਸ਼ ਭੇਜੇ ਜਾ ਰਹੇ ਹਨ।

ਹਾਲਾਂਕਿ ਮੇਅਰ ਅਹੁਦੇ ਲਈ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਵੀ ਦਾਅਵੇਦਾਰ ਮੰਨੇ ਜਾ ਰਹੇ ਹਨ, ਪਰ ਪਾਰਟੀ ਦੇ ਬਹੁਗਿਣਤੀ ਕੌਂਸਲਰਾਂ ਦਾ ਸਮਰਥਨ ਸਰਬਜੀਤ ਸਿੰਘ ਸਮਾਣਾ ਨੂੰ ਮਿਲਦਾ ਦਿਖਾਈ ਦੇ ਰਿਹਾ ਹੈ। ਕਈ ਕੌਂਸਲਰ ਖੁੱਲ੍ਹੇ ਤੌਰ ‘ਤੇ ਵੀ ਉਨ੍ਹਾਂ ਦੇ ਹੱਕ ਵਿੱਚ ਆਪਣੀ ਰਾਇ ਜ਼ਾਹਰ ਕਰ ਚੁੱਕੇ ਹਨ।

ਜ਼ਿਕਰਯੋਗ ਹੈ ਕਿ 26 ਮਈ ਨੂੰ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 50 ਵਿੱਚੋਂ 27 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਸੀ। ਇਸ ਤੋਂ ਇਲਾਵਾ ਕੁਝ ਆਜ਼ਾਦ ਕੌਂਸਲਰ ਵੀ ਪਾਰਟੀ ਦੇ ਸੰਪਰਕ ਵਿੱਚ ਦੱਸੇ ਜਾ ਰਹੇ ਹਨ, ਜਿਸ ਨਾਲ ਮੇਅਰ ਚੋਣ ਵਿੱਚ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋ ਜਾਂਦੀ ਹੈ।

ਸੂਤਰਾਂ ਅਨੁਸਾਰ ਪਾਰਟੀ ਦੇ ਕਈ ਕੌਂਸਲਰ ਇਸ ਸਮੇਂ ਸ਼ਹਿਰ ਤੋਂ ਬਾਹਰ ਹਨ ਅਤੇ ਉਹ ਚੋਣ ਦੇ ਸਮੇਂ ਹੀ ਹਾਊਸ ਵਿੱਚ ਪਹੁੰਚਣਗੇ। ਇਸ ਕਰਕੇ ਮੇਅਰ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਚਰਮ ‘ਤੇ ਹਨ।

ਉਧਰ, ਵਿਧਾਇਕ ਕੁਲਵੰਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਬਾਰੇ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਜਿਸ ਉਮੀਦਵਾਰ ਨੂੰ ਮਨਜ਼ੂਰੀ ਦੇਵੇਗੀ, ਉਸ ਨੂੰ ਹੀ ਇਹ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।

ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਮੇਅਰ ਕੋਈ ਵੀ ਬਣੇ, ਮੁੱਖ ਤਰਜੀਹ ਮੁਹਾਲੀ ਦੇ ਸਰਬਪੱਖੀ ਵਿਕਾਸ ਅਤੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *