
ਚੰਡੀਗੜ੍ਹ, 28 ਮਈ 2026: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਲਗਾਤਾਰ ਗਰਮ ਹੋ ਰਿਹਾ ਹੈ। ਸੂਬੇ ਦੀਆਂ ਸਾਰੀਆਂ ਵੱਡੀਆਂ ਸਿਆਸੀ ਪਾਰਟੀਆਂ ਨੇ ਚੋਣੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਜਥੇਬੰਧਕ ਪੱਧਰ ‘ਤੇ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ।
ਕੇਵਲ ਸਿੰਘ ਢਿੱਲੋਂ ਹੁਣ ਸੁਨੀਲ ਜਾਖੜ ਦੀ ਥਾਂ ਪੰਜਾਬ ਭਾਜਪਾ ਦੀ ਕਮਾਨ ਸੰਭਾਲਣਗੇ। ਪਾਰਟੀ ਵੱਲੋਂ ਇਹ ਫੈਸਲਾ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਭਾਜਪਾ ਸਿੱਖ ਭਾਈਚਾਰੇ ਵਿੱਚ ਆਪਣੀ ਪਹੁੰਚ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਸ ਲਈ ਇੱਕ ਮਜ਼ਬੂਤ ਸਿੱਖ ਚਿਹਰੇ ਨੂੰ ਅੱਗੇ ਲਿਆਂਦਾ ਗਿਆ ਹੈ। ਪਾਰਟੀ ਅੰਦਰੂਨੀ ਸੂਤਰਾਂ ਮੁਤਾਬਕ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਭਾਜਪਾ ਦੀ ਨਵੀਂ ਚੋਣੀ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।
ਉਧਰ, ਭਾਜਪਾ ਵਿੱਚ ਹੋਏ ਇਸ ਵੱਡੇ ਫੇਰਬਦਲ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਪਾਰਟੀ ਦੇ ਅੰਦਰ ਆਉਣ ਵਾਲੇ ਦਿਨਾਂ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਸੂਤਰਾਂ ਦੇ ਹਵਾਲੇ ਨਾਲ ਮਿਲ ਰਹੀ ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਕੱਲ੍ਹ ਦਿੱਲੀ ਤਲਬ ਕੀਤਾ ਗਿਆ ਹੈ, ਜਿੱਥੇ ਪਾਰਟੀ ਹਾਈਕਮਾਂਡ ਨਾਲ ਅਹਿਮ ਮੀਟਿੰਗ ਹੋਣੀ ਹੈ।
ਇਸ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਭਵਿੱਖੀ ਢਾਂਚੇ ਅਤੇ 2027 ਦੀ ਚੋਣੀ ਰਣਨੀਤੀ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋ ਸਕਦਾ ਹੈ। ਨਾਲ ਹੀ, ਪਾਰਟੀ ਵਿੱਚ ਨਵੀਆਂ ਜ਼ਿੰਮੇਵਾਰੀਆਂ ਅਤੇ ਲੀਡਰਸ਼ਿਪ ਵਿੱਚ ਸੰਭਾਵਿਤ ਤਬਦੀਲੀਆਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਕਾਂਗਰਸ ਹਾਈਕਮਾਂਡ ਪੰਜਾਬ ਵਿੱਚ ਪਾਰਟੀ ਨੂੰ ਦੁਬਾਰਾ ਮਜ਼ਬੂਤ ਕਰਨ ਲਈ ਨਵੇਂ ਚਿਹਰਿਆਂ ਅਤੇ ਤਜਰਬੇਕਾਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਸਕਦੀ ਹੈ। ਸੂਤਰਾਂ ਮੁਤਾਬਕ ਵਿਜੇ ਇੰਦਰ ਸਿੰਗਲਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿੱਚੋਂ ਕਿਸੇ ਇੱਕ ਨੂੰ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ।
ਫਿਲਹਾਲ, ਕਾਂਗਰਸ ਵੱਲੋਂ ਇਸ ਮਾਮਲੇ ‘ਤੇ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ, ਪਰ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੱਡੇ ਫੇਰਬਦਲ ਦੇਖਣ ਨੂੰ ਮਿਲ ਸਕਦੇ ਹਨ।
