
ਅੰਮ੍ਰਿਤਸਰ, 10 ਜੁਲਾਈ 2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਨਾਬਾਲਗ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕੁੱਲ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਦਿਆਂ ਸਰਹੱਦ ਪਾਰ ਚੱਲ ਰਹੇ ਇੱਕ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਲਵਪ੍ਰੀਤ ਸਿੰਘ ਉਰਫ਼ ਲਵ (28) ਵਾਸੀ ਪਿੰਡ ਖਾਸਾ, ਜ਼ਿਲ੍ਹਾ ਅੰਮ੍ਰਿਤਸਰ ਅਤੇ ਉਸ ਦਾ ਇੱਕ ਨਾਬਾਲਗ ਸਾਥੀ ਸ਼ਾਮਲ ਹਨ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਇਸ ਪੂਰੇ ਨੈੱਟਵਰਕ ਦੀਆਂ ਸਾਰੀਆਂ ਕੜੀਆਂ ਨੂੰ ਜੋੜਨ, ਇਸ ਵਿੱਚ ਸ਼ਾਮਲ ਹੋਰ ਤਸਕਰਾਂ ਦੀ ਪਛਾਣ ਕਰਨ ਅਤੇ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਡੂੰਘਾਈ ਨਾਲ ਜਾਂਚ ਜਾਰੀ ਹੈ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਪਹਿਲਾਂ ਲਵਪ੍ਰੀਤ ਸਿੰਘ ਅਤੇ ਉਸ ਦੇ ਨਾਬਾਲਗ ਸਾਥੀ ਨੂੰ 2 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰੀ ਤੋਂ ਬਾਅਦ ਨਾਬਾਲਗ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਨੇ ਅੱਗੇ ਕਾਰਵਾਈ ਕਰਦਿਆਂ 3.01 ਕਿਲੋਗ੍ਰਾਮ ਵਾਧੂ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦ ਹੈਰੋਇਨ 5.01 ਕਿਲੋਗ੍ਰਾਮ ਹੋ ਗਈ।
ਜਾਂਚ ਨੂੰ ਅੱਗੇ ਵਧਾਉਂਦਿਆਂ ਪੁਲਿਸ ਨੂੰ ਇਹ ਵੀ ਜਾਣਕਾਰੀ ਮਿਲੀ ਕਿ ਸਰਹੱਦ ਪਾਰ ਬੈਠਾ ਇੱਕ ਹੋਰ ਤਸਕਰ ਵੱਖਰੇ ਮਾਡਿਊਲ ਰਾਹੀਂ ਨਸ਼ਾ ਤਸਕਰੀ ਕਰ ਰਿਹਾ ਸੀ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇੱਕ ਨਿਸ਼ਾਨਾਬੱਧ ਆਪ੍ਰੇਸ਼ਨ ਦੌਰਾਨ ਇੱਕ ਗੁਪਤ ਟਿਕਾਣੇ ਤੋਂ 3.368 ਕਿਲੋਗ੍ਰਾਮ ਹੈਰੋਇਨ ਹੋਰ ਬਰਾਮਦ ਕੀਤੀ।
ਇਸ ਤਰ੍ਹਾਂ ਦੋਵਾਂ ਕਾਰਵਾਈਆਂ ਨੂੰ ਮਿਲਾ ਕੇ ਪੁਲਿਸ ਨੇ ਕੁੱਲ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਪੁਲਿਸ ਨੇ ਇਸ ਨੈੱਟਵਰਕ ਨਾਲ ਜੁੜੇ ਦੋ ਹੋਰ ਮੁਲਜ਼ਮਾਂ ਦੀ ਵੀ ਪਛਾਣ ਕਰ ਲਈ ਹੈ, ਜਿਨ੍ਹਾਂ ਨੂੰ ਇੱਕ ਵੱਖਰੇ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।
ਇਸ ਸਬੰਧ ਵਿੱਚ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ। ਪਹਿਲਾ ਮਾਮਲਾ ਐਫਆਈਆਰ ਨੰਬਰ 145, ਮਿਤੀ 29 ਜੂਨ 2026 ਅਧੀਨ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 21-ਸੀ, 25 ਅਤੇ 29 ਤਹਿਤ ਦਰਜ ਕੀਤਾ ਗਿਆ ਹੈ। ਦੂਜਾ ਮਾਮਲਾ ਐਫਆਈਆਰ ਨੰਬਰ 199, ਮਿਤੀ 3 ਜੁਲਾਈ 2026 ਅਧੀਨ ਥਾਣਾ ਇਸਲਾਮਾਬਾਦ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਦਰਜ ਹੈ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
