Wednesday, July 29Punjabi People

ਬਾਘਾਪੁਰਾਣਾ ਨੇ 100% ਗਣਨਾ ਫਾਰਮ ਡਿਜੀਟਾਈਜ਼ੇਸ਼ਨ ਦਾ ਟੀਚਾ ਕੀਤਾ ਪੂਰਾ, ਸੂਬੇ ਵਿੱਚ ਪੰਜਵਾਂ ਸਥਾਨ ਹਾਸਲ

ਚੰਡੀਗੜ੍ਹ, 21 ਜੁਲਾਈ: ਪੰਜਾਬ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐੱਸ.ਆਈ.ਆਰ.)-2026 ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਨੇ ਇੱਕ ਮਹੱਤਵਪੂਰਨ ਉਪਲਬਧੀ ਹਾਸਲ ਕਰਦਿਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦਾ ਟੀਚਾ ਪੂਰਾ ਕਰ ਲਿਆ ਹੈ। ਇਸ ਉਪਲਬਧੀ ਨਾਲ ਬਾਘਾਪੁਰਾਣਾ ਪੰਜਾਬ ਦਾ ਪੰਜਵਾਂ ਵਿਧਾਨ ਸਭਾ ਹਲਕਾ ਬਣ ਗਿਆ ਹੈ, ਜਿਸ ਨੇ ਵਿਸ਼ੇਸ਼ ਤੀਬਰ ਸੋਧ-2026 ਤਹਿਤ ਇਹ ਮਾਣ ਪ੍ਰਾਪਤ ਕੀਤਾ ਹੈ।

ਇਸ ਸ਼ਾਨਦਾਰ ਪ੍ਰਾਪਤੀ ‘ਤੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਚੋਣ ਅਮਲੇ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਮਿਹਨਤ, ਲਗਨ ਅਤੇ ਟੀਮ ਵਰਕ ਦੀ ਭਰਪੂਰ ਸ਼ਲਾਘਾ ਕੀਤੀ।

ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਸਫ਼ਲਤਾ ਜ਼ਿਲ੍ਹਾ ਚੋਣ ਅਧਿਕਾਰੀ (ਡੀਈਓ), ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓ), ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਏਈਆਰਓ) ਅਤੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਵੱਲੋਂ ਮਿਸ਼ਨ ਮੋਡ ਵਿੱਚ ਕੀਤੇ ਗਏ ਸਮੂਹਿਕ ਅਤੇ ਸੁਚੱਜੇ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਚੋਣ ਅਮਲੇ ਨੇ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੀ ਸਮੇਂ ਸਿਰ ਡਿਜੀਟਾਈਜ਼ੇਸ਼ਨ ਨੂੰ ਯਕੀਨੀ ਬਣਾਉਣ ਲਈ ਸ਼ਾਨਦਾਰ ਕੰਮ ਕੀਤਾ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਬਾਕੀ ਜ਼ਿਲ੍ਹੇ ਅਤੇ ਵਿਧਾਨ ਸਭਾ ਹਲਕੇ ਵੀ ਨਿਰਧਾਰਤ ਸਮਾਂ-ਸੀਮਾ ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰ ਲੈਣਗੇ ਅਤੇ ਵਿਸ਼ੇਸ਼ ਤੀਬਰ ਸੋਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ।

ਵੋਟਰਾਂ ਨੂੰ ਗਣਨਾ ਫਾਰਮ ਜਮ੍ਹਾਂ ਕਰਵਾਉਣ ਦੀ ਅਪੀਲ

ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਹਨਾਂ ਸਾਰੇ ਯੋਗ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਕੋਲ ਜਮ੍ਹਾਂ ਨਹੀਂ ਕਰਵਾਏ, ਕਿ ਉਹ ਬਿਨਾਂ ਕਿਸੇ ਦੇਰੀ ਦੇ ਇਹ ਪ੍ਰਕਿਰਿਆ ਪੂਰੀ ਕਰਨ।

ਉਨ੍ਹਾਂ ਕਿਹਾ ਕਿ ਸਮੇਂ ਸਿਰ ਗਣਨਾ ਫਾਰਮ ਜਮ੍ਹਾਂ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਡਰਾਫਟ ਵੋਟਰ ਸੂਚੀ ਵਿੱਚ ਹਰ ਯੋਗ ਵੋਟਰ ਦਾ ਨਾਮ ਸ਼ਾਮਲ ਕੀਤਾ ਜਾ ਸਕੇ ਅਤੇ ਕੋਈ ਵੀ ਯੋਗ ਨਾਗਰਿਕ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

ਸ੍ਰੀਮਤੀ ਮਿਤਰਾ ਨੇ ਦੁਹਰਾਇਆ ਕਿ ਚੋਣ ਕਮਿਸ਼ਨ ਦਾ ਉਦੇਸ਼ ਇੱਕ ਸਹੀ, ਪਾਰਦਰਸ਼ੀ ਅਤੇ ਅਪਡੇਟ ਵੋਟਰ ਸੂਚੀ ਤਿਆਰ ਕਰਨਾ ਹੈ। ਇਸ ਲਈ ਸਾਰੇ ਵੋਟਰਾਂ, ਬੀਐਲਓਜ਼ ਅਤੇ ਚੋਣ ਅਮਲੇ ਦੇ ਆਪਸੀ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।

Leave a Reply

Your email address will not be published. Required fields are marked *