Wednesday, July 29Punjabi People

ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਸੁਖਬੀਰ ਬਾਦਲ ਤੋਂ ਸਵਾ ਦੋ ਘੰਟੇ ਤੱਕ ਪੁੱਛਗਿੱਛ

ਚੰਡੀਗੜ੍ਹ, 20 ਜੁਲਾਈ 2026: ਸਾਲ 2015 ਦੇ ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਗੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪੇਸ਼ ਹੋਏ। ਐੱਸਆਈਟੀ ਨੇ ਉਨ੍ਹਾਂ ਤੋਂ ਕਰੀਬ ਸਵਾ ਦੋ ਘੰਟੇ ਤੱਕ ਪੁੱਛਗਿੱਛ ਕੀਤੀ ਅਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਸਵਾਲ ਕੀਤੇ।

ਜਾਣਕਾਰੀ ਅਨੁਸਾਰ, ਐੱਸਆਈਟੀ ਵੱਲੋਂ ਸੁਖਬੀਰ ਬਾਦਲ ਨੂੰ ਰਸਮੀ ਨੋਟਿਸ ਜਾਰੀ ਕਰਕੇ 20 ਜੁਲਾਈ ਸਵੇਰੇ 11 ਵਜੇ ਸੈਕਟਰ-32 ਸਥਿਤ ਪੰਜਾਬ ਪੁਲਿਸ ਅਫ਼ਸਰਜ਼ ਇੰਸਟੀਚਿਊਟ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਸੀ। ਨੋਟਿਸ ਦੇ ਅਨੁਸਾਰ ਉਹ ਨਿਰਧਾਰਿਤ ਸਮੇਂ ‘ਤੇ ਜਾਂਚ ਟੀਮ ਅੱਗੇ ਪੇਸ਼ ਹੋਏ ਅਤੇ ਪੁੱਛਗਿੱਛ ਵਿੱਚ ਸਹਿਯੋਗ ਦਿੱਤਾ।

ਐੱਸਆਈਟੀ ਦਫ਼ਤਰ ਦੇ ਬਾਹਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੀ ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਨਜ਼ਰ ਆਏ।

ਪੁੱਛਗਿੱਛ ਤੋਂ ਬਾਅਦ ਮਾਨ ਸਰਕਾਰ ‘ਤੇ ਨਿਸ਼ਾਨਾ

ਐੱਸਆਈਟੀ ਅੱਗੇ ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ਰਮਾਨ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਵਾ ਰਹੇ ਹਨ।

ਉਨ੍ਹਾਂ ਕਿਹਾ, “ਸ਼੍ਰੋਮਣੀ ਅਕਾਲੀ ਦਲ ਨਾ ਕਦੇ ਦਬਿਆ ਹੈ ਅਤੇ ਨਾ ਹੀ ਦਬੇਗਾ। ਅਸੀਂ ਹਰ ਕਾਨੂੰਨੀ ਪ੍ਰਕਿਰਿਆ ਵਿੱਚ ਪੂਰਾ ਸਹਿਯੋਗ ਦੇ ਰਹੇ ਹਾਂ, ਪਰ ਸਿਆਸੀ ਦਬਾਅ ਅੱਗੇ ਨਹੀਂ ਝੁਕਾਂਗੇ।”

ਪੇਸ਼ੀ ਤੋਂ ਪਹਿਲਾਂ ਵੀ ਲਗਾਏ ਸਿਆਸੀ ਦੋਸ਼

ਐੱਸਆਈਟੀ ਕੋਲ ਜਾਣ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਾਮਲੇ ਨੂੰ ਸਿਆਸੀ ਮਕਸਦਾਂ ਲਈ ਵਰਤ ਰਹੀ ਹੈ। ਉਨ੍ਹਾਂ ਦਾ ਦਾਅਵਾ ਸੀ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਤੋਂ ਘਬਰਾਕੇ ਸਰਕਾਰ ਵੱਲੋਂ ਅਜਿਹੇ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਨਕਾਰ ਦੇਣਗੇ ਅਤੇ ਸੂਬੇ ਵਿੱਚ ਪੰਜਾਬੀਆਂ ਦੀ ਨੁਮਾਇੰਦਗੀ ਵਾਲੀ ਸਰਕਾਰ ਬਣੇਗੀ।

2015 ਦੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਜਾਰੀ

ਜ਼ਿਕਰਯੋਗ ਹੈ ਕਿ ਅਕਤੂਬਰ 2015 ਵਿੱਚ ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿੱਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਲੋਕਾਂ ‘ਤੇ ਪੁਲਿਸ ਵੱਲੋਂ ਗੋਲੀਬਾਰੀ ਕੀਤੀ ਗਈ ਸੀ। ਇਸ ਘਟਨਾ ਵਿੱਚ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਹ ਮਾਮਲਾ ਪੰਜਾਬ ਦੀ ਸਿਆਸਤ ਅਤੇ ਕਾਨੂੰਨੀ ਜਾਂਚ ਦਾ ਕੇਂਦਰ ਬਣਿਆ ਹੋਇਆ ਹੈ।

ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐੱਸਆਈਟੀ ਲਗਾਤਾਰ ਸਬੂਤਾਂ, ਦਸਤਾਵੇਜ਼ਾਂ ਅਤੇ ਸੰਬੰਧਿਤ ਵਿਅਕਤੀਆਂ ਦੇ ਬਿਆਨਾਂ ਦੀ ਜਾਂਚ ਕਰ ਰਹੀ ਹੈ। ਇਸੇ ਕੜੀ ਤਹਿਤ ਸੁਖਬੀਰ ਸਿੰਘ ਬਾਦਲ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ। ਫਿਲਹਾਲ ਐੱਸਆਈਟੀ ਵੱਲੋਂ ਪੁੱਛਗਿੱਛ ਦੇ ਵੇਰਵਿਆਂ ਜਾਂ ਅਗਲੀ ਕਾਰਵਾਈ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

Leave a Reply

Your email address will not be published. Required fields are marked *