
ਫਗਵਾੜਾ, 12 ਜੁਲਾਈ 2026: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਫਗਵਾੜਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਰਵਿਦਾਸੀਆ ਸਮਾਜ ਚੇਤਨਾ ਸੰਤ ਸੰਮੇਲਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਮਹਾਨ ਸਿੱਖਿਆਵਾਂ ਅੱਜ ਵੀ ਪੂਰੀ ਦੁਨੀਆ ਦੇ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਅਤੇ ਬਾਣੀ ਰਾਹੀਂ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਦਇਆ, ਸੇਵਾ ਅਤੇ ਨਿਆਂ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀ ਵਿਚਾਰਧਾਰਾ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਨ ਕਰਦੀ ਹੈ, ਜਿੱਥੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਬਰਾਬਰ ਅਧਿਕਾਰ ਅਤੇ ਸਨਮਾਨ ਮਿਲੇ।
ਮੀਂਹ ਦੇ ਬਾਵਜੂਦ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਧੰਨਵਾਦ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਵਿਸ਼ਾਲ ਇਕੱਠ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕਾਂ ਦੀ ਡੂੰਘੀ ਸ਼ਰਧਾ, ਵਿਸ਼ਵਾਸ ਅਤੇ ਸਤਿਕਾਰ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੰਗਤ ਦੀ ਇਹ ਹਾਜ਼ਰੀ ਗੁਰੂ ਸਾਹਿਬ ਦੇ ਸਮਾਨਤਾ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ੇਸ਼ ਮਹੱਤਤਾ ਦਿੰਦਿਆਂ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਦਾ ਉਦੇਸ਼ ਗੁਰੂ ਸਾਹਿਬ ਦੀ ਵਿਚਾਰਧਾਰਾ, ਬਾਣੀ ਅਤੇ ਸਮਾਜਿਕ ਸੰਦੇਸ਼ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਪਹਿਲਕਦਮੀਆਂ ਤਹਿਤ ਬੱਲਾਂ ਵਿਖੇ ਸੰਤ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ, ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਫ਼ਲਸਫ਼ੇ ਨਾਲ ਸਬੰਧਤ ਸਾਹਿਤ ਅਤੇ ਦਸਤਾਵੇਜ਼ੀ ਫ਼ਿਲਮਾਂ ਦਾ ਪ੍ਰਚਾਰ-ਪ੍ਰਸਾਰ ਅਤੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਦੀ ਸਹੂਲਤ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।
ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਪੂਰੀ ਸ਼ਰਧਾ, ਮਰਿਆਦਾ ਅਤੇ ਵੱਡੇ ਪੱਧਰ ’ਤੇ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਹ ਉਪਰਾਲੇ ਗੁਰੂ ਸਾਹਿਬ ਦੀ ਮਹਾਨ ਵਿਰਾਸਤ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਸਮਾਜ ਤੱਕ ਪਹੁੰਚਾਉਣ ਦਾ ਇੱਕ ਯਤਨ ਹਨ।
ਸੰਵਿਧਾਨਕ ਮੁੱਲਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਦਰਜ ਸਮਾਨਤਾ, ਨਿਆਂ ਅਤੇ ਭਾਈਚਾਰੇ ਦੇ ਸਿਧਾਂਤਾਂ ਦੀ ਰੱਖਿਆ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ।
ਸਮਾਗਮ ਦੌਰਾਨ ਸੰਗਤ ਵੱਲੋਂ ਪਾਸ ਕੀਤੇ ਗਏ ਵੱਖ-ਵੱਖ ਮਤਿਆਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਭਾਈਚਾਰੇ ਦੀਆਂ ਭਾਵਨਾਵਾਂ ਅਤੇ ਚਿੰਤਾਵਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੇ ਅਧਿਕਾਰਾਂ, ਸਨਮਾਨ ਅਤੇ ਉਮੀਦਾਂ ਦੀ ਰੱਖਿਆ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ।
ਲਾਲ ਚੰਦ ਕਟਾਰੂਚੱਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਵਿੱਚੋਂ ਭੇਦਭਾਵ, ਅਸਮਾਨਤਾ ਅਤੇ ਬੇਇਨਸਾਫ਼ੀ ਨੂੰ ਖ਼ਤਮ ਕਰਨ ਲਈ ਮਿਲਜੁਲ ਕੇ ਯਤਨ ਕਰਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਉਤਨੀਆਂ ਹੀ ਪ੍ਰਸੰਗਿਕ ਹਨ ਅਤੇ ਇੱਕ ਸਦਭਾਵਨਾ ਭਰੇ ਸਮਾਜ ਦੀ ਨੀਂਹ ਰੱਖਣ ਲਈ ਮਾਰਗਦਰਸ਼ਕ ਹਨ।
ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸਮਾਜਿਕ ਏਕਤਾ, ਮਨੁੱਖੀ ਮਾਣ-ਸਨਮਾਨ ਅਤੇ ਬਰਾਬਰੀ ਦੇ ਸਿਧਾਂਤਾਂ ਨੂੰ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
