Saturday, October 31Punjabi People

ਭਗਵੰਤ ਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਧੂਰੀ ਹਲਕੇ ਤੋਂ ਹੀ ਲੜਨਗੇ: ਦਲਵੀਰ ਸਿੰਘ ਢਿੱਲੋਂ

ਧੂਰੀ, 31 ਅਕਤੂਬਰ 2026: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਧਾਨ ਸਭਾ ਹਲਕਾ ਧੂਰੀ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ’ਤੇ ਖੁਸ਼ੀ ਪ੍ਰਗਟ ਕਰਦਿਆਂ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦੀਆਂ ਵਿਧਾਨ ਸਭਾ ਚੋਣਾਂ ਧੂਰੀ ਹਲਕੇ ਤੋਂ ਹੀ ਲੜਨਗੇ।

ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਦੀ ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਦਾ ਨਾਮ ਧੂਰੀ ਹਲਕੇ ਤੋਂ ਸ਼ਾਮਲ ਹੋਣਾ ਇਲਾਕੇ ਦੇ ਲੋਕਾਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪਿਛਲੇ ਪੰਜ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਯੋਜਨਾਵਾਂ ਦੇ ਆਧਾਰ ’ਤੇ ਲੜੀਆਂ ਜਾਣਗੀਆਂ।

ਉਨ੍ਹਾਂ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਬਿਹਤਰ ਸਿਹਤ ਸਹੂਲਤਾਂ, ਪਿੰਡਾਂ ਵਿੱਚ ਆਧੁਨਿਕ ਲਾਇਬ੍ਰੇਰੀਆਂ ਦੀ ਸਥਾਪਨਾ ਅਤੇ ਸਕੂਲ ਆਫ਼ ਐਮੀਨੈਂਸ ਤੇ ਸਕੂਲ ਆਫ਼ ਹੈਪੀਨੈੱਸ ਰਾਹੀਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਰਗੇ ਕਈ ਅਹਿਮ ਕਦਮ ਚੁੱਕੇ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਵਿਕਾਸ ਵੀ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਵਿੱਚ ਸ਼ਾਮਲ ਹੈ।

ਢਿੱਲੋਂ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ, ਸਿੱਖਿਆ, ਖੇਡਾਂ ਅਤੇ ਸਮਾਜਿਕ ਵਿਕਾਸ ਦੇ ਖੇਤਰਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਹੋਏ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਮਿਲੀਆਂ ਸਹੂਲਤਾਂ ਨੂੰ ਵੀ ਚੋਣਾਂ ਦੌਰਾਨ ਲੋਕਾਂ ਸਾਹਮਣੇ ਰੱਖਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੂਰੀ ਹਲਕੇ ਨਾਲ ਵਿਸ਼ੇਸ਼ ਲਗਾਅ ਹੈ ਅਤੇ ਇਲਾਕੇ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਨੂੰ ਆਧਾਰ ਬਣਾ ਕੇ ਪਾਰਟੀ ਵੱਲੋਂ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ।

Leave a Reply

Your email address will not be published. Required fields are marked *