
ਜਲੰਧਰ, 25 ਜੁਲਾਈ 2026: ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਆਪਣੇ ਵਾਅਦੇ ਨੂੰ ਹੋਰ ਮਜ਼ਬੂਤੀ ਦਿੰਦਿਆਂ ਜਲੰਧਰ ਜ਼ਿਲ੍ਹੇ ਵਿੱਚ ਇੱਕੋ ਦਿਨ 10 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ। ਸੂਬੇ ਭਰ ਵਿੱਚ 100 ਨਵੇਂ ਕਲੀਨਿਕ ਖੋਲ੍ਹਣ ਦੀ ਮੁਹਿੰਮ ਤਹਿਤ ਇਹ ਮਹੱਤਵਪੂਰਨ ਕਦਮ ਸਿਹਤ ਢਾਂਚੇ ਦੇ ਵਿਸਥਾਰ ਵੱਲ ਇੱਕ ਹੋਰ ਮੀਲ ਪੱਥਰ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਿਧਾਰਥ ਨਗਰ, ਭਾਰਗੋ ਨਗਰ ਅਤੇ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿਖੇ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਸਿਵਲ ਸਰਜਨ ਡਾ. ਰਾਜੇਸ਼ ਗਰਗ, ਜਨ ਪ੍ਰਤੀਨਿਧੀਆਂ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਹਰ ਨਾਗਰਿਕ ਤੱਕ ਸਸਤੀ, ਸੌਖੀ ਅਤੇ ਗੁਣਵੱਤਾ ਭਰੀ ਸਿਹਤ ਸੇਵਾ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦਾ ਲਗਾਤਾਰ ਵਿਸਥਾਰ ਇਸੇ ਸੋਚ ਦਾ ਨਤੀਜਾ ਹੈ, ਜਿਸ ਨਾਲ ਖਾਸ ਤੌਰ ‘ਤੇ ਗਰੀਬ, ਮੱਧਵਰਗੀ ਅਤੇ ਲੋੜਵੰਦ ਪਰਿਵਾਰਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਪਹਿਲਾਂ ਹੀ 75 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰ ਰਹੇ ਸਨ ਅਤੇ ਅੱਜ 10 ਨਵੇਂ ਕਲੀਨਿਕ ਸ਼ੁਰੂ ਹੋਣ ਨਾਲ ਇਹ ਗਿਣਤੀ ਵੱਧ ਕੇ 85 ਹੋ ਗਈ ਹੈ। ਇਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਪਣੇ ਇਲਾਕੇ ਵਿੱਚ ਹੀ ਮੁਫ਼ਤ ਡਾਕਟਰੀ ਸਲਾਹ ਅਤੇ ਇਲਾਜ ਦੀ ਸਹੂਲਤ ਮਿਲੇਗੀ।
ਮੰਤਰੀ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ, ਜਦਕਿ 47 ਤਰ੍ਹਾਂ ਦੇ ਲੈਬ ਟੈਸਟ ਵੀ ਬਿਨਾਂ ਕਿਸੇ ਖ਼ਰਚੇ ਦੇ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਗਰਭਵਤੀ ਮਹਿਲਾਵਾਂ ਲਈ ਸੂਚੀਬੱਧ ਕੇਂਦਰਾਂ ‘ਤੇ ਮੁਫ਼ਤ ਸਕੈਨਿੰਗ, ਓਪੀਡੀ ਦੌਰਾਨ ਐਂਟੀ ਰੇਬੀਜ਼ ਵੈਕਸੀਨ, ਨਿਯਮਤ ਸਿਹਤ ਜਾਂਚ ਅਤੇ ਹੋਰ ਮੁੱਢਲੀਆਂ ਸਿਹਤ ਸੇਵਾਵਾਂ ਵੀ ਨਿਸ਼ੁਲਕ ਉਪਲਬਧ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਖੇਤਰ ਨੂੰ ਆਪਣੀ ਸਭ ਤੋਂ ਵੱਡੀ ਤਰਜੀਹ ਬਣਾਇਆ ਹੈ। ਇਸੇ ਤਹਿਤ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਅਧੀਨ ਯੋਗ ਪਰਿਵਾਰਾਂ ਨੂੰ ₹10 ਲੱਖ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਵੱਡਾ ਸਹਾਰਾ ਸਾਬਤ ਹੋ ਰਹੀ ਹੈ ਅਤੇ ਲੋਕਾਂ ਨੂੰ ਮਹਿੰਗੇ ਇਲਾਜ ਦੇ ਬੋਝ ਤੋਂ ਰਾਹਤ ਦੇ ਰਹੀ ਹੈ।
ਇਸੇ ਦੌਰਾਨ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਸਰਾਏ ਖਾਸ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਕ੍ਰਾਂਤੀ ਦਾ ਪ੍ਰਤੀਕ ਬਣ ਚੁੱਕੇ ਹਨ, ਜਿੱਥੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਸ ਕਲੀਨਿਕ ਦੇ ਚਾਲੂ ਹੋਣ ਨਾਲ ਸਰਾਏ ਖਾਸ ਅਤੇ ਆਸ-ਪਾਸ ਦੇ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਸਿੱਧਾ ਲਾਭ ਮਿਲੇਗਾ।
ਇਸ ਤੋਂ ਇਲਾਵਾ ਲਸਾੜਾ, ਨੰਗਲ, ਸਲੇਮਪੁਰ, ਗਦਈਪੁਰ, ਲੰਮਾ ਪਿੰਡ ਅਤੇ ਪੋਲੀਟੈਕਨਿਕ ਕਾਲਜ ਵਿਖੇ ਵੀ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਨਾਲ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਦੋਵੇਂ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਵਧੀ ਹੈ।
ਉਦਘਾਟਨ ਸਮਾਗਮਾਂ ਵਿੱਚ ਕੌਂਸਲਰ ਆਯੂਬ ਦੁੱਗਲ, ਰਾਜ ਕੁਮਾਰ ਰਾਜੂ, ਰੂਪਾ ਭਗਤ, ਗੁਰਜੀਤ ਸਿੰਘ ਘੁੰਮਣ, ‘ਆਪ’ ਆਗੂ ਸਟੀਫਨ ਕਲੇਰ, ਸੁਦੇਸ਼ ਭਗਤ ਸਮੇਤ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕ ਵੀ ਮੌਜੂਦ ਰਹੇ। ਸਰਕਾਰ ਨੇ ਭਰੋਸਾ ਦਿਵਾਇਆ ਕਿ ਸੂਬੇ ਦੇ ਹਰ ਇਲਾਕੇ ਤੱਕ ਆਧੁਨਿਕ ਅਤੇ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ।
