Saturday, June 6Punjabi People

328 ਪਾਵਨ ਬੀੜਾਂ ਮਾਮਲੇ ਦੀ ਜਾਂਚ ਤੇਜ਼, SGPC ਨੇ SIT ਨੂੰ ਭੇਜਿਆ ਪੱਤਰ

ਅੰਮ੍ਰਿਤਸਰ, 27 ਮਈ 2026: 328 ਪਾਵਨ ਬੀੜਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਿਚਕਾਰ ਚੱਲ ਰਹੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਸ਼੍ਰੋਮਣੀ ਕਮੇਟੀ ਨੇ SIT ਨੂੰ ਇੱਕ ਅਧਿਕਾਰਕ ਪੱਤਰ ਲਿਖ ਕੇ ਕੁਝ ਮੰਗੀ ਗਈ ਜਾਣਕਾਰੀ ਨੂੰ ਸੰਸਥਾ ਦੇ ਅੰਦਰੂਨੀ ਪ੍ਰਸ਼ਾਸਕੀ ਮਾਮਲਿਆਂ ਵਿੱਚ ਸਿੱਧੀ ਦਖਲਅੰਦਾਜ਼ੀ ਕਰਾਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ SIT ਨਾਲ ਸਹਿਯੋਗ ਕਰਨ ਲਈ SGPC ਪਹਿਲਾਂ ਤੋਂ ਹੀ ਵਚਨਬੱਧ ਹੈ ਅਤੇ ਇਸ ਸਬੰਧੀ ਸੰਸਥਾ ਨੂੰ ਸਪੱਸ਼ਟ ਨਿਰਦੇਸ਼ ਵੀ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਦੋਂ ਵੀ SIT ਵੱਲੋਂ ਕਿਸੇ ਰਿਕਾਰਡ ਜਾਂ ਦਸਤਾਵੇਜ਼ ਦੀ ਮੰਗ ਕੀਤੀ ਗਈ, SGPC ਨੇ ਪੂਰਾ ਸਹਿਯੋਗ ਦਿੰਦਿਆਂ ਚੰਡੀਗੜ੍ਹ ਸਥਿਤ ਆਪਣੇ ਉਪ-ਦਫ਼ਤਰ ਵਿੱਚ ਰਿਕਾਰਡ ਮੁਹੱਈਆ ਕਰਵਾਇਆ।

ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੀ ਪਾਰਦਰਸ਼ਤਾ ਨਾਲ ਜਾਂਚ ਵਿੱਚ ਸਹਿਯੋਗ ਕਰ ਰਹੀ ਹੈ, ਪਰ SIT ਵੱਲੋਂ ਕੁਝ ਅਜਿਹੀ ਜਾਣਕਾਰੀ ਮੰਗੀ ਜਾ ਰਹੀ ਹੈ ਜੋ SGPC ਦੇ ਅੰਦਰੂਨੀ ਪ੍ਰਸ਼ਾਸਕੀ ਅਤੇ ਸੰਸਥਾਗਤ ਮਾਮਲਿਆਂ ਨਾਲ ਸਬੰਧਿਤ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੀ ਜਾਣਕਾਰੀ ਦੀ ਮੰਗ ਸੰਸਥਾ ਦੀ ਖੁਦਮੁਖਤਿਆਰੀ ਵਿੱਚ ਦਖਲਅੰਦਾਜ਼ੀ ਵਜੋਂ ਵੇਖੀ ਜਾ ਸਕਦੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ SGPC ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਮਰਿਆਦਾ ਅਤੇ ਪ੍ਰਸ਼ਾਸਕੀ ਅਧਿਕਾਰਾਂ ਦੀ ਰੱਖਿਆ ਕਰਨਾ ਬਹੁਤ ਜ਼ਰੂਰੀ ਹੈ। ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ 328 ਪਾਵਨ ਬੀੜਾਂ ਦੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਸਹਿਯੋਗ ਜਾਰੀ ਰੱਖੇਗੀ।

ਜ਼ਿਕਰਯੋਗ ਹੈ ਕਿ 328 ਪਾਵਨ ਬੀੜਾਂ ਨਾਲ ਸੰਬੰਧਿਤ ਮਾਮਲਾ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਇਸ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਸੀ। ਮਾਮਲੇ ਨੂੰ ਲੈ ਕੇ ਸਿੱਖ ਸੰਸਥਾਵਾਂ ਅਤੇ ਸੰਗਤਾਂ ਵਿੱਚ ਵੀ ਗੰਭੀਰ ਚਿੰਤਾ ਪਾਈ ਜਾ ਰਹੀ ਹੈ।

Leave a Reply

Your email address will not be published. Required fields are marked *