
ਅੰਮ੍ਰਿਤਸਰ, 22 ਜੂਨ 2026: ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਏ ਸੰਗਤ ਦੇ ਇੱਕ ਜੱਥੇ ਨਾਲ ਇਕ ਦਿਲ ਦਹਿਲਾ ਦੇਣ ਵਾਲਾ ਹਾਦਸਾ ਵਾਪਰਿਆ, ਜਿਸ ਵਿੱਚ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਨਾਲ ਸਬੰਧਤ 13 ਸਾਲਾ ਅੰਮ੍ਰਿਤਧਾਰੀ ਸਿੱਖ ਲੜਕੇ ਰਾਜਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਸਿਰਸਾ ਤੋਂ ਲਗਭਗ 15 ਸ਼ਰਧਾਲੂਆਂ ਦਾ ਇੱਕ ਜੱਥਾ ਐਤਵਾਰ ਰਾਤ ਕਰੀਬ 2 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਪਹੁੰਚਿਆ ਸੀ। ਇਹ ਸੰਗਤ ਰੇਲਵੇ ਸਟੇਸ਼ਨ ਦੇ ਮੁੱਖ ਗੇਟ ਦੇ ਬਾਹਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਮੁਫ਼ਤ ਬੱਸ ਸੇਵਾ ਦੀ ਉਡੀਕ ਕਰ ਰਹੀ ਸੀ, ਜਦੋਂ ਅਚਾਨਕ ਇੱਕ ਵੱਡਾ ਅਤੇ ਪੁਰਾਣਾ ਦਰੱਖਤ ਜੜ੍ਹੋਂ ਉਖੜ ਕੇ ਡਿੱਗ ਪਿਆ।
ਇਸ ਹਾਦਸੇ ਦੌਰਾਨ ਰਾਜਪ੍ਰੀਤ ਸਿੰਘ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਦੇ ਹੋਏ ਜ਼ਖਮੀ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਉਸਦੀ ਜਾਨ ਨਹੀਂ ਬਚ ਸਕੀ।
ਰੇਲਵੇ ਸਟੇਸ਼ਨ ਅੰਮ੍ਰਿਤਸਰ ਦੇ ਏਐਸਆਈ ਬਗੀਚਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਕਾਰਵਾਈ ਪੂਰੀ ਹੋਣ ਉਪਰੰਤ ਲਾਸ਼ ਪਰਿਵਾਰ ਨੂੰ ਸੌਂਪੀ ਜਾਵੇਗੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਬਿਕਰਮਜੀਤ ਸਿੰਘ ਸਮੇਤ ਕਈ ਅਧਿਕਾਰੀਆਂ ਨੇ ਸ਼ੋਕ ਸੰਤਾਪ ਪਰਿਵਾਰ ਨਾਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਆਰਥਿਕ ਤੌਰ ‘ਤੇ ਕਮਜ਼ੋਰ ਹੈ। ਰਾਜਪ੍ਰੀਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਅੰਮ੍ਰਿਤ ਛਕ ਲਿਆ ਸੀ ਅਤੇ ਉਹ ਪੂਰੀ ਸ਼ਰਧਾ ਨਾਲ ਗੁਰਸਿੱਖ ਜੀਵਨ ਜੀ ਰਿਹਾ ਸੀ। ਇਸ ਅਚਾਨਕ ਵਾਪਰੀ ਘਟਨਾ ਨਾਲ ਪਰਿਵਾਰ ਗਹਿਰੇ ਦੁੱਖ ਵਿੱਚ ਡੁੱਬ ਗਿਆ ਹੈ।
ਪ੍ਰਸ਼ਾਸਨ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਦਕਿ ਸਥਾਨਕ ਲੋਕਾਂ ਨੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਪੁਰਾਣੇ ਅਤੇ ਖਤਰਨਾਕ ਦਰੱਖਤਾਂ ਦੀ ਸੁਰੱਖਿਆ ਜਾਂਚ ਦੀ ਮੰਗ ਕੀਤੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਘਟਨਾਵਾਂ ਤੋਂ ਬਚਿਆ ਜਾ ਸਕੇ।
