Friday, October 23Punjabi People

ਪਿੰਡਾਂ ’ਚ ਸਾਂਝੇ ਸਮਾਜਿਕ ਸਮਾਗਮਾਂ ਲਈ ਬਣਾਏ ਜਾ ਰਹੇ ਕਮਿਊਨਿਟੀ ਸੈਂਟਰ: ਹਰਜੋਤ ਸਿੰਘ ਬੈਂਸ

ਨੰਗਲ, 27 ਸਤੰਬਰ 2026: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੇਂਡੂ ਖੇਤਰਾਂ ਦੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ।

ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਸਹੂਲਤ ਲਈ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਸੀਵਰੇਜ ਪਾਈਪਲਾਈਨ ਵੀ ਲੋਕ ਅਰਪਣ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਹਰਜੋਤ ਸਿੰਘ ਬੈਂਸ ਦਾ ਸਵਾਗਤ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟ ਕੀਤਾ ਗਿਆ।

ਪਿੰਡ ਵਾਸੀਆਂ ਲਈ ਸਾਂਝਾ ਸਥਾਨ ਮੁਹੱਈਆ ਕਰਵਾਏਗਾ ਕਮਿਊਨਿਟੀ ਸੈਂਟਰ

ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਅਜਿਹੀਆਂ ਸਹੂਲਤਾਂ ਵਿਕਸਿਤ ਕਰਨਾ ਹੈ, ਜਿਨ੍ਹਾਂ ਨਾਲ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਸਹੂਲਤ ਵਧਣ ਦੇ ਨਾਲ-ਨਾਲ ਪਿੰਡਾਂ ਦਾ ਸਮਾਜਿਕ ਅਤੇ ਬੁਨਿਆਦੀ ਢਾਂਚਾ ਵੀ ਮਜ਼ਬੂਤ ਹੋਵੇ।

ਉਨ੍ਹਾਂ ਕਿਹਾ ਕਿ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਆਧੁਨਿਕ ਕਮਿਊਨਿਟੀ ਸੈਂਟਰ ਪਿੰਡ ਵਾਸੀਆਂ ਲਈ ਸਾਂਝੇ ਸਮਾਜਿਕ, ਧਾਰਮਿਕ ਅਤੇ ਹੋਰ ਸਮਾਗਮ ਕਰਵਾਉਣ ਲਈ ਇੱਕ ਢੁਕਵਾਂ ਸਥਾਨ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪ੍ਰਾਜੈਕਟ ਤਿਆਰ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਅਮਲੀ ਰੂਪ ਦਿੱਤਾ ਜਾ ਰਿਹਾ ਹੈ।

ਸੀਵਰੇਜ ਪਾਈਪਲਾਈਨ ਮੁਕੰਮਲ, ਸੋਲਿਡ ਵੇਸਟ ਮੈਨੇਜਮੈਂਟ ਦਾ ਕੰਮ ਵੀ ਜਾਰੀ

ਕੈਬਨਿਟ ਮੰਤਰੀ ਨੇ ਦੱਸਿਆ ਕਿ ਟੱਪਰੀਆਂ ਬਾੜੇ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਲਾਈਨ ਦਾ ਕੰਮ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਨਿਕਾਸੀ ਪ੍ਰਬੰਧ ਨਾਲ ਸਬੰਧਤ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਠੋਸ ਕੂੜੇ ਦੇ ਸੁਚੱਜੇ ਪ੍ਰਬੰਧਨ ਲਈ ਸੋਲਿਡ ਵੇਸਟ ਮੈਨੇਜਮੈਂਟ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੀਵਰੇਜ, ਕੂੜਾ ਪ੍ਰਬੰਧਨ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰਾਜੈਕਟ ਪਿੰਡ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਵੱਲ ਮਹੱਤਵਪੂਰਨ ਕਦਮ ਹਨ। ਉਨ੍ਹਾਂ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਅਤੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।

ਪਾਰਕ ਅਤੇ ਗਰਾਊਂਡ ਦੀ ਵੀ ਹੋਵੇਗੀ ਉਸਾਰੀ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਟੱਪਰੀਆਂ ਬਾੜੇ ਵਿੱਚ ਲੋਕਾਂ ਲਈ ਪਾਰਕ ਅਤੇ ਗਰਾਊਂਡ ਦੀ ਉਸਾਰੀ ਵੀ ਕੀਤੀ ਜਾਵੇਗੀ। ਇਸ ਨਾਲ ਬੱਚਿਆਂ ਅਤੇ ਨੌਜਵਾਨਾਂ ਸਮੇਤ ਪਿੰਡ ਦੇ ਹਰ ਵਰਗ ਨੂੰ ਖੇਡਾਂ, ਕਸਰਤ ਅਤੇ ਮਨੋਰੰਜਨ ਲਈ ਬਿਹਤਰ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੇ ਵਿਕਾਸ ਦਾ ਕੰਮ ਵੀ ਜਾਰੀ ਹੈ। ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼-ਸੁਥਰਾ ਵਾਤਾਵਰਨ, ਬਿਹਤਰ ਨਿਕਾਸੀ ਪ੍ਰਬੰਧ ਅਤੇ ਲੋਕਾਂ ਲਈ ਸੁਵਿਧਾਜਨਕ ਜਨਤਕ ਥਾਵਾਂ ਵਿਕਸਿਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਲੋਕਾਂ ਦੀਆਂ ਲੋੜਾਂ ਮੁਤਾਬਕ ਹੋ ਰਹੀ ਵਿਕਾਸ ਕਾਰਜਾਂ ਦੀ ਯੋਜਨਾਬੰਦੀ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਲੋਕਾਂ ਦੀਆਂ ਸਥਾਨਕ ਲੋੜਾਂ ਅਤੇ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਟੱਪਰੀਆਂ ਬਾੜੇ ਵਿੱਚ ਮੁਕੰਮਲ ਹੋਏ ਅਤੇ ਸ਼ੁਰੂ ਕੀਤੇ ਗਏ ਵਿਕਾਸ ਪ੍ਰਾਜੈਕਟ ਪਿੰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਵਿੱਚ ਸਹਾਇਕ ਹੋਣਗੇ।

ਇਸ ਮੌਕੇ ਸਰਪੰਚ ਸ੍ਰੀਮਤੀ ਨੀਲਮ ਸੋਨੀ, ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ, ਖੱਤਰੀ/ਅਰੋੜਾ ਵੈਲਫੇਅਰ ਬੋਰਡ ਦੇ ਚੇਅਰਮੈਨ ਦੀਪਕ ਸੋਨੀ, ਕਸ਼ਮੀਰ ਕੌਰ, ਸੰਜੀਵ ਕੁਮਾਰ, ਸਵੇਤਾ ਸੰਦਲ, ਨਿਰਮਲਾ ਦੇਵੀ, ਰਾਕੇਸ਼ ਕੁਮਾਰ ਗੋਗੀ, ਸੁਨੀਤ ਸੋਨੀ ਅਤੇ ਸ਼ਾਮ ਸੁੰਦਰ ਸੋਨੀ ਸਮੇਤ ਪੰਚਾਇਤੀ ਨੁਮਾਇੰਦੇ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *