
ਖਰੜ/ਮੋਰਿੰਡਾ/ਸ੍ਰੀ ਚਮਕੌਰ ਸਾਹਿਬ, 21 ਸਤੰਬਰ 2026: ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਨੂੰ ਉਸ ਸਮੇਂ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਸਿੱਲ ਅਤੇ ਪਿੰਡ ਘੋਗਾ ਖੇੜੀ ਦੀਆਂ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਸਮੇਤ ਸੈਂਕੜੇ ਪਿੰਡ ਵਾਸੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਹ ਘਟਨਾਕ੍ਰਮ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ਇਸ ਹਲਕੇ ਦੀ ਸਿਆਸਤ ਵਿੱਚ ਮਹੱਤਵਪੂਰਨ ਤਬਦੀਲੀ ਵਜੋਂ ਦੇਖਿਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਦੋਵਾਂ ਪਿੰਡਾਂ ਦੇ ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ‘ਆਪ’ ਦਾ ਪੱਲਾ ਫੜਿਆ। ਪਿੰਡ ਘੋਗਾ ਖੇੜੀ ਤੋਂ ਸਰਪੰਚ ਪਰਵਿੰਦਰ ਕੌਰ ਸਮੇਤ ਪੰਚ ਸੁਰਿੰਦਰ ਕੌਰ, ਰਜਿੰਦਰ ਸਿੰਘ, ਜਸਵੀਰ ਕੌਰ, ਕੁਲਵੀਰ ਸਿੰਘ ਅਤੇ ਸੁਖਜਿੰਦਰ ਕੌਰ ‘ਆਪ’ ਵਿੱਚ ਸ਼ਾਮਲ ਹੋਏ।
ਇਸੇ ਤਰ੍ਹਾਂ ਪਿੰਡ ਸਿੱਲ ਦੀ ਪੰਚਾਇਤ ਦੇ ਤਿੰਨ ਪੰਚ ਜੀਵਨਜੋਤ ਸਿੰਘ, ਜਗਦੀਪ ਸਿੰਘ ਅਤੇ ਚਰਨਜੀਤ ਕੌਰ ਨੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਦੱਸਿਆ ਗਿਆ ਕਿ ਇਸ ਪੰਚਾਇਤ ਵਿੱਚ ਸਰਪੰਚ ਸਮੇਤ ਕੁੱਲ ਪੰਜ ਪੰਚ ਹਨ। ਸਰਪੰਚ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਡੀਡੀਪੀਓ ਕੋਲ ਜਾਂਚ ਲੰਬਿਤ ਹੋਣ ਦਾ ਵੀ ਜ਼ਿਕਰ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿੱਚ ਕਾਂਗਰਸ ਨੂੰ ਪੂਰੀ ਤਰ੍ਹਾਂ ਖਤਮ ਕਰ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀਆਂ ਨੀਤੀਆਂ ਅਤੇ ਭ੍ਰਿਸ਼ਟਾਚਾਰ ਤੋਂ ਨਿਰਾਸ਼ ਹੋ ਕੇ ਲੋਕ ਤੇਜ਼ੀ ਨਾਲ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਗੜ੍ਹੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਵਰਕਰ ਅਤੇ ਆਗੂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾਵੇਗਾ।
