
ਰੂਪਨਗਰ, 26 ਮਈ 2026: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਅਤੇ ਵੋਟਿੰਗ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 138 ਪੋਲਿੰਗ ਬੂਥ ਬਣਾਏ ਗਏ ਹਨ, ਜਿੱਥੇ ਵੋਟਿੰਗ ਦੀ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ ਅਤੇ ਖਾਸ ਕਰਕੇ ਬਜ਼ੁਰਗ ਵੋਟਰਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਉਨ੍ਹਾਂ ਨੌਜਵਾਨ ਵੋਟਰਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦੀ ਮਜ਼ਬੂਤੀ ਦਾ ਆਧਾਰ ਹੈ ਅਤੇ ਹਰ ਨਾਗਰਿਕ ਨੂੰ ਆਪਣੀ ਵੋਟ ਸੋਚ-ਵਿਚਾਰ ਨਾਲ ਪਾਉਣੀ ਚਾਹੀਦੀ ਹੈ।
ਇਸ ਮੌਕੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਨੇ ਕਿਹਾ ਕਿ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਣ ਮਗਰੋਂ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਵੋਟਰ ਪੋਲਿੰਗ ਕੇਂਦਰਾਂ ‘ਤੇ ਪਹੁੰਚ ਕੇ ਆਪਣੇ ਮਤਾਧਿਕਾਰ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਿਡਰ, ਸ਼ਾਂਤਮਈ ਅਤੇ ਸੁਤੰਤਰ ਮਾਹੌਲ ਮੁਹੱਈਆ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕਣ।
ਐੱਸ.ਐੱਸ.ਪੀ. ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਵੀ ਅਣਚਾਹੀ ਘਟਨਾ ਦੀ ਕੋਈ ਸੂਚਨਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਭਰ ਵਿੱਚ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਬਾਹਰੀ ਫੋਰਸ ਸਮੇਤ ਕਰੀਬ 800 ਸੁਰੱਖਿਆ ਕਰਮਚਾਰੀ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਕੀਤੇ ਗਏ ਹਨ ਤਾਂ ਜੋ ਪੋਲਿੰਗ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਜਾਰੀ ਰਹੇ।
