
ਚੰਡੀਗੜ੍ਹ, 26 ਮਈ 2026: ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ ਚਾਰ ਨਗਰ ਕੌਂਸਲਾਂ ਲਈ ਆਮ ਚੋਣਾਂ ਦੇ ਪ੍ਰੋਗਰਾਮ ਦਾ ਅਧਿਕਾਰਿਕ ਐਲਾਨ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਤਹਿਤ ਜਾਰੀ ਨੋਟੀਫਿਕੇਸ਼ਨ ਦੇ ਆਧਾਰ ‘ਤੇ ਨਗਰ ਕੌਂਸਲ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ 13 ਜੂਨ 2026 ਨੂੰ ਕਰਵਾਈ ਜਾਵੇਗੀ।
ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਅਨੁਸਾਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 30 ਮਈ 2026 ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਮ੍ਹਾਂ ਕਰਵਾ ਸਕਣਗੇ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ 2026 ਨਿਰਧਾਰਤ ਕੀਤੀ ਗਈ ਹੈ।
ਨਾਮਜ਼ਦਗੀ ਪੱਤਰਾਂ ਦੀ ਜਾਂਚ 4 ਜੂਨ 2026 ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 5 ਜੂਨ 2026 ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿਣ ਵਾਲੇ ਉਮੀਦਵਾਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਜਾਵੇਗੀ।
ਚੋਣ ਕਮਿਸ਼ਨ ਮੁਤਾਬਕ ਵੋਟਿੰਗ 13 ਜੂਨ 2026, ਦਿਨ ਸ਼ਨੀਵਾਰ, ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਉਸੇ ਦਿਨ ਵੋਟਿੰਗ ਮੁਕੰਮਲ ਹੋਣ ਤੁਰੰਤ ਬਾਅਦ ਕੀਤੀ ਜਾਵੇਗੀ ਅਤੇ ਨਤੀਜੇ ਵੀ ਜਲਦ ਐਲਾਨੇ ਜਾਣ ਦੀ ਸੰਭਾਵਨਾ ਹੈ।
ਪੰਜਾਬ ਰਾਜ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਪ੍ਰੋਗਰਾਮ ਜਾਰੀ ਹੋਣ ਨਾਲ ਹੀ ਇਨ੍ਹਾਂ ਚਾਰਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।
ਚੋਣ ਕਮਿਸ਼ਨ ਵੱਲੋਂ ਸਾਰੇ ਰਾਜਨੀਤਿਕ ਦਲਾਂ ਅਤੇ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਦੀ ਪਾਲਣਾ ਕਰਨ ਅਤੇ ਲੋਕਤੰਤਰਕ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਢੰਗ ਨਾਲ ਅੱਗੇ ਵਧਾਉਣ ਦੀ ਅਪੀਲ ਵੀ ਕੀਤੀ ਗਈ ਹੈ।
