
ਚੰਡੀਗੜ੍ਹ, 22 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਕੜੀ ਤਹਿਤ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਵਿਭਾਗ ਦੇ ਵੱਖ-ਵੱਖ ਵਿਕਾਸ ਕਾਰਜਾਂ, ਕਿਸਾਨ ਭਲਾਈ ਸਕੀਮਾਂ ਅਤੇ ਪ੍ਰਸ਼ਾਸਕੀ ਕਾਰਜਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਵਧੀਕ ਸਕੱਤਰ ਲਤੀਫ ਅਹਿਮਦ ਅਤੇ ਡਾਇਰੈਕਟਰ ਮਨੀਸ਼ ਕੁਮਾਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀ ਕਾਰਗੁਜ਼ਾਰੀ, ਬਜਟ ਦੀ ਸਥਿਤੀ, ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਬਸਿਡੀ ਯੋਜਨਾਵਾਂ, ਬਾਗਬਾਨੀ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਹੋਰ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਸਮੀਖਿਆ ਦੌਰਾਨ ਮਹਿੰਦਰ ਭਗਤ ਨੇ ਸਪੱਸ਼ਟ ਕੀਤਾ ਕਿ ਸਰਕਾਰ ਦੀ ਪਹਿਲ ਹੈ ਕਿ ਬਾਗਬਾਨੀ ਨੂੰ ਇੱਕ ਲਾਭਕਾਰੀ ਅਤੇ ਟਿਕਾਊ ਖੇਤੀ ਕਾਰੋਬਾਰ ਵਜੋਂ ਵਿਕਸਤ ਕੀਤਾ ਜਾਵੇ, ਤਾਂ ਜੋ ਕਿਸਾਨ ਰਵਾਇਤੀ ਖੇਤੀ ਦੇ ਨਾਲ-ਨਾਲ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਕੇ ਆਪਣੀ ਆਮਦਨ ਵਿੱਚ ਮਹੱਤਵਪੂਰਨ ਵਾਧਾ ਕਰ ਸਕਣ।
ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬਾਗਬਾਨੀ ਸਬਸਿਡੀ ਅਤੇ ਪ੍ਰੋਤਸਾਹਨ ਸਕੀਮਾਂ ਦਾ ਲਾਭ ਹਰ ਯੋਗ ਕਿਸਾਨ ਤੱਕ ਪਾਰਦਰਸ਼ੀ, ਸਮੇਂ ਸਿਰ ਅਤੇ ਬਿਨਾਂ ਕਿਸੇ ਭੇਦਭਾਵ ਦੇ ਪਹੁੰਚਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਕਿਸਾਨ ਨੂੰ ਜਾਣਕਾਰੀ ਦੀ ਘਾਟ ਜਾਂ ਪ੍ਰਸ਼ਾਸਕੀ ਦੇਰੀ ਕਾਰਨ ਸਰਕਾਰੀ ਯੋਜਨਾਵਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਖੇਤਰੀ ਪੱਧਰ ‘ਤੇ ਹੋਰ ਸਰਗਰਮ ਹੋਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਪਿੰਡਾਂ ਅਤੇ ਬਲਾਕ ਪੱਧਰ ‘ਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਬਣਾਉਣ, ਜਾਗਰੂਕਤਾ ਕੈਂਪ ਲਗਾਉਣ ਅਤੇ ਬਾਗਬਾਨੀ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਸਰਕਾਰੀ ਯੋਜਨਾਵਾਂ ਬਾਰੇ ਸਹੀ ਜਾਣਕਾਰੀ ਮਿਲੇਗੀ ਤਾਂ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣਗੇ।
ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਵਿਭਾਗ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਨਿਯਮਤ ਸਮੀਖਿਆ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਨੂੰ ਮਜ਼ਬੂਤ ਕਰਨਾ ਪੰਜਾਬ ਦੀ ਖੇਤੀ ਆਰਥਿਕਤਾ ਨੂੰ ਨਵੀਂ ਦਿਸ਼ਾ ਦੇਣ ਲਈ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਹਰ ਸੰਭਵ ਕਦਮ ਚੁੱਕਦੀ ਰਹੇਗੀ।
ਮੀਟਿੰਗ ਵਿੱਚ ਬਾਗਬਾਨੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ ਅਤੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ, ਭਵਿੱਖ ਦੀਆਂ ਯੋਜਨਾਵਾਂ ਅਤੇ ਕਿਸਾਨਾਂ ਨੂੰ ਵਧੀਆ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ।
