
ਫਾਜ਼ਿਲਕਾ, 24 ਜੂਨ 2026: ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫਰੀ ਟਰੇਡ ਡੀਲ (ਐੱਫ.ਟੀ.ਏ.) ਸਮਝੌਤੇ ਦੇ ਵਿਰੋਧ ਵਿੱਚ ਅੱਜ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਸੜਕਾਂ ’ਤੇ ਉਤਰ ਆਈਆਂ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰਾਂ ਅੱਗੇ ਕਿਸਾਨਾਂ ਨੇ ਇਕੱਠ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ।
ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਫਰੀ ਟਰੇਡ ਡੀਲ ਸਮਝੌਤੇ ਦੇ ਦੇਸ਼ ਦੇ ਖੇਤੀਬਾੜੀ ਖੇਤਰ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ’ਤੇ ਗੰਭੀਰ ਪ੍ਰਭਾਵ ਪੈਣਗੇ। ਉਨ੍ਹਾਂ ਦਾ ਦੋਸ਼ ਸੀ ਕਿ ਇਹ ਸਮਝੌਤਾ ਵੱਡੀਆਂ ਕਾਰਪੋਰੇਟ ਕੰਪਨੀਆਂ ਅਤੇ ਬਹੁਰਾਸ਼ਟਰੀ ਵਪਾਰਕ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ, ਜਦਕਿ ਇਸ ਦਾ ਨੁਕਸਾਨ ਕਿਸਾਨਾਂ, ਛੋਟੇ ਦੁਕਾਨਦਾਰਾਂ ਅਤੇ ਸਥਾਨਕ ਉਦਯੋਗਾਂ ਨੂੰ ਝੱਲਣਾ ਪਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਖੇਤੀ ਉਪਜਾਂ ਅਤੇ ਹੋਰ ਸਥਾਨਕ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਮੌਕੇ ਮੁਹੱਈਆ ਕਰਵਾਉਣ ਦੀ ਬਜਾਏ ਸਰਕਾਰ ਵਿਦੇਸ਼ਾਂ ਤੋਂ ਵੱਡੇ ਪੱਧਰ ’ਤੇ ਵਸਤਾਂ ਦੀ ਆਮਦ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਯੋਗ ਮੁੱਲ ਨਹੀਂ ਮਿਲੇਗਾ ਅਤੇ ਛੋਟੇ ਵਪਾਰੀਆਂ ਦਾ ਕਾਰੋਬਾਰ ਵੀ ਪ੍ਰਭਾਵਿਤ ਹੋਵੇਗਾ।
ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਖੇਤੀਬਾੜੀ ਅਤੇ ਛੋਟੇ ਕਾਰੋਬਾਰਾਂ ਨੂੰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ।
ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਫਰੀ ਟਰੇਡ ਡੀਲ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਆਪਣੇ ਹੱਕਾਂ ਦੀ ਰੱਖਿਆ ਲਈ ਲੜਾਈ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਦੁਹਰਾਇਆ।
