Wednesday, July 29Punjabi People

ਸਿਰਫ਼ ਸਜ਼ਾ ਸਖ਼ਤ ਕਰਨ ਨਾਲ ਹੱਲ ਨਹੀਂ, ਦੋਸ਼ੀਆਂ ਨੂੰ ਸਮੇਂ ਸਿਰ ਸਜ਼ਾ ਮਿਲਣੀ ਲਾਜ਼ਮੀ: ਮੀਤ ਹੇਅਰ

ਚੰਡੀਗੜ੍ਹ, 29 ਜੁਲਾਈ 2026: ਲੋਕ ਸਭਾ ਵਿੱਚ ਜਨਤਕ ਪ੍ਰੀਖਿਆਵਾਂ (ਅਨਿਆਂ ਦੀ ਰੋਕਥਾਮ) ਸੋਧ ਬਿੱਲ ‘ਤੇ ਚਰਚਾ ਦੌਰਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਸਿਰਫ਼ ਸਜ਼ਾਵਾਂ ਦੀ ਮਿਆਦ ਵਧਾਉਣਾ ਕਾਫ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ਨੂੰ ਸਮੇਂ ਸਿਰ ਅਤੇ ਯਕੀਨੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਅਜਿਹੇ ਕਾਨੂੰਨਾਂ ਦਾ ਕੋਈ ਖਾਸ ਅਸਰ ਨਹੀਂ ਪਵੇਗਾ।

ਮੀਤ ਹੇਅਰ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੇ ਆਪਣੇ ਸੰਘਰਸ਼ ਅਤੇ ਆਵਾਜ਼ ਰਾਹੀਂ ਕੇਂਦਰ ਸਰਕਾਰ ਨੂੰ ਅਸਲ ਮੁੱਦਿਆਂ ਦਾ ਸਾਹਮਣਾ ਕਰਨ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਧਰਮ ਅਤੇ ਜਾਤ ਦੇ ਆਧਾਰ ‘ਤੇ ਰਾਜਨੀਤੀ ਕੀਤੀ ਜਾ ਰਹੀ ਸੀ, ਪਰ ਹੁਣ ਸਿੱਖਿਆ, ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਅਤੇ ਬੇਰੁਜ਼ਗਾਰੀ ਵਰਗੇ ਮੁੱਦੇ ਦੇਸ਼ ਦੀ ਮੁੱਖ ਚਰਚਾ ਬਣ ਚੁੱਕੇ ਹਨ।

“ਨੌਜਵਾਨਾਂ ਦੇ ਅੰਦੋਲਨ ਨੇ ਸਰਕਾਰ ਨੂੰ ਸ਼ੀਸ਼ਾ ਦਿਖਾਇਆ”

ਲੋਕ ਸਭਾ ਮੈਂਬਰ ਨੇ ਕਿਹਾ ਕਿ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੀ ਨਵੀਂ ਪੀੜ੍ਹੀ ਹੁਣ ਆਪਣੇ ਹੱਕਾਂ ਅਤੇ ਭਵਿੱਖ ਨੂੰ ਲੈ ਕੇ ਜਾਗਰੂਕ ਹੈ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਨੇ ਸਰਕਾਰ ਨੂੰ ਸਿੱਖਿਆ ਅਤੇ ਰੁਜ਼ਗਾਰ ਵਰਗੇ ਮੁੱਦਿਆਂ ‘ਤੇ ਜਵਾਬ ਦੇਣ ਲਈ ਮਜਬੂਰ ਕੀਤਾ ਹੈ।

ਮੀਤ ਹੇਅਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਇਨ੍ਹਾਂ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਦੀ ਰਹੀ ਹੈ, ਪਰ ਨੌਜਵਾਨਾਂ ਦੇ ਲਗਾਤਾਰ ਸੰਘਰਸ਼ ਨੇ ਸਿੱਖਿਆ ਅਤੇ ਬੇਰੁਜ਼ਗਾਰੀ ਨੂੰ ਰਾਸ਼ਟਰੀ ਚਰਚਾ ਦੇ ਕੇਂਦਰ ਵਿੱਚ ਲਿਆ ਖੜ੍ਹਾ ਕੀਤਾ ਹੈ।

ਪ੍ਰਧਾਨ ਮੰਤਰੀ ਦੀ ਸੈਲਫੀ ਵੀਡੀਓ ‘ਤੇ ਵੀ ਚੁੱਕੇ ਸਵਾਲ

ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਜਾਰੀ ਕੀਤੀ ਗਈ ਸੈਲਫੀ ਵੀਡੀਓ ਇਸ ਗੱਲ ਦਾ ਸੰਕੇਤ ਹੈ ਕਿ ਕੇਂਦਰ ਸਰਕਾਰ ਸਿੱਖਿਆ ਅਤੇ ਬੇਰੁਜ਼ਗਾਰੀ ਦੇ ਮੁੱਦਿਆਂ ਨੂੰ ਲੈ ਕੇ ਦਬਾਅ ਅਤੇ ਚਿੰਤਾ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੰਤਰ-ਮੰਤਰ ‘ਤੇ ਹੋਏ ਪ੍ਰਦਰਸ਼ਨ ਨੇ ਸਰਕਾਰ ਦੀਆਂ ਨੀਤੀਆਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ ਅਤੇ ਸਿੱਖਿਆ ਦੇ ਮੁੱਦੇ ‘ਤੇ ਸਰਕਾਰ ਕੋਲ ਕੋਈ ਠੋਸ ਜਵਾਬ ਨਹੀਂ ਹੈ।

“ਸਖ਼ਤ ਸਜ਼ਾ ਨਹੀਂ, ਯਕੀਨੀ ਸਜ਼ਾ ਜ਼ਰੂਰੀ”

ਸੋਧ ਬਿੱਲ ‘ਤੇ ਆਪਣਾ ਪੱਖ ਰੱਖਦਿਆਂ ਮੀਤ ਹੇਅਰ ਨੇ ਕਿਹਾ ਕਿ ਸਰਕਾਰ ਇਸ ਬਿੱਲ ਨੂੰ ਵੱਡੇ ਸੁਧਾਰ ਵਜੋਂ ਪੇਸ਼ ਕਰ ਰਹੀ ਹੈ, ਜਦਕਿ ਇਸ ਵਿੱਚ ਮੁੱਖ ਤੌਰ ‘ਤੇ ਸਜ਼ਾ ਦੀ ਮਿਆਦ ਵਧਾਉਣ ਦਾ ਹੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿੱਚ ਪਹਿਲਾਂ ਵੀ ਸਜ਼ਾ ਦੀ ਵਿਵਸਥਾ ਮੌਜੂਦ ਹੈ, ਪਰ ਜੇਕਰ ਦੋਸ਼ੀਆਂ ਨੂੰ ਸਜ਼ਾ ਹੀ ਨਾ ਮਿਲੇ ਤਾਂ ਸਜ਼ਾ ਦੀ ਮਿਆਦ ਵਧਾਉਣ ਦਾ ਕੋਈ ਵਿਹਾਰਕ ਲਾਭ ਨਹੀਂ ਹੋਵੇਗਾ।

ਉਨ੍ਹਾਂ ਦਾਅਵਾ ਕੀਤਾ ਕਿ 2024 ਤੋਂ ਬਾਅਦ ਪ੍ਰੀਖਿਆ ਘਪਲਿਆਂ ਨਾਲ ਸਬੰਧਤ ਕਿਸੇ ਵੀ ਦੋਸ਼ੀ ਨੂੰ ਦੋਸ਼ੀ ਕਰਾਰ ਨਹੀਂ ਦਿੱਤਾ ਗਿਆ, ਜਿਸ ਕਾਰਨ ਸਜ਼ਾ ਦੀ ਸਖ਼ਤੀ ਦੀ ਬਜਾਏ ਕਾਨੂੰਨ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਲਾਗੂ ਹੋਣ ‘ਤੇ ਧਿਆਨ ਦੇਣ ਦੀ ਲੋੜ ਹੈ।

ਮੀਤ ਹੇਅਰ ਨੇ ਕਿਹਾ ਕਿ ਜੇਕਰ ਸਰਕਾਰ ਸੱਚਮੁੱਚ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਚਾਹੁੰਦੀ ਹੈ ਤਾਂ ਉਸ ਨੂੰ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ਮਜ਼ਬੂਤ ਕਰਨੀ ਚਾਹੀਦੀ ਹੈ, ਦੋਸ਼ੀਆਂ ਖ਼ਿਲਾਫ਼ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਨੌਜਵਾਨਾਂ ਦਾ ਭਰੋਸਾ ਮੁੜ ਬਹਾਲ ਕਰਨ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ।

Leave a Reply

Your email address will not be published. Required fields are marked *