Wednesday, July 29Punjabi People

ਡੇਂਗੂ ਰੋਕਥਾਮ ਲਈ ਸਿਹਤ ਵਿਭਾਗ ਦਾ ਵਿਸ਼ੇਸ਼ ਅਭਿਆਨ, ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤੇਜ਼

ਰੂਪਨਗਰ, 17 ਜੁਲਾਈ 2026: ਬਰਸਾਤੀ ਮੌਸਮ ਦੌਰਾਨ ਡੇਂਗੂ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਨੇ ਆਪਣੀਆਂ ਗਤੀਵਿਧੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਭਰ ਵਿੱਚ ਵਿਸ਼ੇਸ਼ ਦਸਤਕ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵੰਸ਼ਧਾ ਭੱਟਾ ਨੇ ਕੀਤੀ।

ਇਸ ਅਭਿਆਨ ਦਾ ਮੁੱਖ ਉਦੇਸ਼ ਡੇਂਗੂ, ਚਿਕਨਗੁਨੀਆ ਅਤੇ ਹੋਰ ਮੱਛਰ-ਜਨਿਤ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨਾ, ਘਰ-ਘਰ ਜਾ ਕੇ ਲਾਰਵਾ ਦੀ ਜਾਂਚ ਕਰਨਾ ਅਤੇ ਮੱਛਰਾਂ ਦੇ ਪੈਦਾ ਹੋਣ ਵਾਲੇ ਸਥਾਨਾਂ ਨੂੰ ਸਮੇਂ ਸਿਰ ਨਸ਼ਟ ਕਰਨਾ ਸੀ।

ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਬੀ.ਐੱਸ.ਐੱਨ.ਐੱਲ. ਦਫ਼ਤਰ, ਜੀ.ਐੱਸ.ਟੀ. ਦਫ਼ਤਰ, ਫਾਇਰ ਬ੍ਰਿਗੇਡ ਦਫ਼ਤਰ, ਵਣ ਵਿਭਾਗ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਹੋਮਗਾਰਡ ਦਫ਼ਤਰ, ਜਲ ਸਪਲਾਈ ਵਿਭਾਗ, ਜ਼ਿਲ੍ਹਾ ਲਾਇਬ੍ਰੇਰੀ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਈ.ਐੱਸ.ਆਈ. ਡਿਸਪੈਂਸਰੀ, ਸਰਕਾਰੀ ਅਤੇ ਨਿੱਜੀ ਹਸਪਤਾਲਾਂ ਸਮੇਤ ਗਾਰਡਨ ਕਲੋਨੀ ਅਤੇ ਹੋਰ ਰਿਹਾਇਸ਼ੀ ਇਲਾਕਿਆਂ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ। ਟੀਮਾਂ ਨੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਜਾਗਰੂਕਤਾ ਪੈਂਫਲੈਟ ਵੀ ਵੰਡੇ।

ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ 303 ਘਰਾਂ ਦਾ ਸਰਵੇ ਕੀਤਾ ਗਿਆ ਅਤੇ 939 ਪਾਣੀ ਵਾਲੇ ਕੰਟੇਨਰਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਚਾਰ ਵੱਖ-ਵੱਖ ਥਾਵਾਂ ‘ਤੇ ਚਾਰ ਕੰਟੇਨਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਿਆ, ਜਿਸ ਨੂੰ ਸਿਹਤ ਟੀਮਾਂ ਨੇ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ। ਇਸ ਦੇ ਨਾਲ ਹੀ ਪ੍ਰਭਾਵਿਤ ਥਾਵਾਂ ‘ਤੇ ਲੋੜ ਅਨੁਸਾਰ ਐਂਟੀ-ਲਾਰਵਾ ਗਤੀਵਿਧੀਆਂ ਵੀ ਕੀਤੀਆਂ ਗਈਆਂ।

ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਅਪੀਲ ਕੀਤੀ ਕਿ ਕੋਈ ਵੀ ਵਿਅਕਤੀ ਆਪਣੇ ਘਰ ਜਾਂ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਵੇ। ਖ਼ਾਸ ਕਰਕੇ ਕੂਲਰ, ਫੁੱਲਾਂ ਦੇ ਗਮਲੇ, ਪੁਰਾਣੇ ਟਾਇਰ, ਫਰਿੱਜ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ, ਡਰੰਮ ਅਤੇ ਹੋਰ ਭਾਂਡਿਆਂ ਨੂੰ ਹਫ਼ਤੇ ਵਿੱਚ ਘੱਟੋ-ਘੱਟ ਇੱਕ ਵਾਰ ਪੂਰੀ ਤਰ੍ਹਾਂ ਖਾਲੀ ਕਰਕੇ ਸਾਫ਼ ਅਤੇ ਸੁੱਕਾ ਕੀਤਾ ਜਾਵੇ, ਤਾਂ ਜੋ ਡੇਂਗੂ ਫੈਲਾਉਣ ਵਾਲਾ ਏਡੀਜ਼ ਮੱਛਰ ਪੈਦਾ ਨਾ ਹੋ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਸਰੀਰ ਦਰਦ, ਅੱਖਾਂ ਦੇ ਪਿੱਛੇ ਦਰਦ, ਚਮੜੀ ‘ਤੇ ਧੱਫੜ ਜਾਂ ਡੇਂਗੂ ਨਾਲ ਸੰਬੰਧਿਤ ਹੋਰ ਲੱਛਣ ਮਹਿਸੂਸ ਹੋਣ ਤਾਂ ਉਹ ਬਿਨਾਂ ਦੇਰੀ ਕੀਤੇ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਵਿੱਚ ਜਾ ਕੇ ਜਾਂਚ ਅਤੇ ਇਲਾਜ ਕਰਵਾਏ।

ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਵੰਸ਼ਧਾ ਭੱਟਾ ਨੇ ਦੱਸਿਆ ਕਿ ਦਸਤਕ ਅਭਿਆਨ ਦਾ ਉਦੇਸ਼ ਸਿਰਫ਼ ਡੇਂਗੂ ਹੀ ਨਹੀਂ, ਸਗੋਂ ਹੋਰ ਮੌਸਮੀ ਅਤੇ ਮੱਛਰ-ਜਨਿਤ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਧਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਹ ਮੁਹਿੰਮ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ, ਤਾਂ ਜੋ ਡੇਂਗੂ ਅਤੇ ਹੋਰ ਸੰਕਰਾਮਕ ਬਿਮਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਕੀਤਾ ਜਾ ਸਕੇ।

ਇਸ ਮੌਕੇ ਸਿਹਤ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ, ਏਐਨਐਮ, ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਨੇ ਵੀ ਸਰਗਰਮ ਭੂਮਿਕਾ ਨਿਭਾਉਂਦਿਆਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ ਅਤੇ ਸਫ਼ਾਈ ਬਣਾਈ ਰੱਖਣ ਦਾ ਸੰਦੇਸ਼ ਦਿੱਤਾ।

Leave a Reply

Your email address will not be published. Required fields are marked *