
ਜਲੰਧਰ, 27 ਅਕਤੂਬਰ: ਪੰਜਾਬ ਦੇ ਹਾਕੀ ਹੱਬ ਜਲੰਧਰ ਵਿੱਚ ‘ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026’ ਦਾ ਸ਼ਾਨਦਾਰ ਆਗਾਜ਼ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਟਨ ਪਾਰਕ ਵਿਖੇ ਨਵੇਂ ਸਟੇਡੀਅਮ ਦਾ ਉਦਘਾਟਨ ਕਰਦਿਆਂ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਹੋਣ ਵਾਲੇ ਮੁਕਾਬਲੇ ਤੋਂ ਪਹਿਲਾਂ ਰੰਗਾਰੰਗ ਉਦਘਾਟਨੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮੰਤਰੀ ਨੇ ਖਿਡਾਰੀਆਂ ਦਾ ਉਤਸ਼ਾਹ ਵਧਾਇਆ ਅਤੇ ਟਰਾਫੀ ਚੁੱਕ ਕੇ ਉਨ੍ਹਾਂ ਦਾ ਹੌਸਲਾ ਅਫ਼ਜ਼ਾਈ ਕੀਤੀ।
ਆਜ਼ਾਦੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਜਲੰਧਰ ਵਿੱਚ ਇੰਨੇ ਵੱਡੇ ਪੱਧਰ ’ਤੇ ਪੁਰਸ਼ਾਂ ਦੀ ਹਾਕੀ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਇਸ ਇਤਿਹਾਸਕ ਮੌਕੇ ’ਤੇ ਹਾਕੀ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
CM ਮਾਨ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਭਾਰਤੀ ਹਾਕੀ ਦੇ ਕਈ ਸਾਬਕਾ ਸੋਨ ਤਗਮਾ ਜੇਤੂ ਖਿਡਾਰੀ ਵੀ ਮੌਜੂਦ ਰਹੇ।
ਸਟੇਡੀਅਮ ਵਿੱਚ ਮੌਜੂਦ ਦਰਸ਼ਕਾਂ ਅਤੇ ਵਿਦੇਸ਼ੀ ਖਿਡਾਰੀਆਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਅਜਿਹੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨਾ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਲੀਗ ਮੁਕਾਬਲੇ ਜਲੰਧਰ ਅਤੇ ਮੋਹਾਲੀ ਵਿੱਚ ਕਰਵਾਏ ਜਾਣਗੇ, ਜਦਕਿ ਸੈਮੀਫਾਈਨਲ ਜਲੰਧਰ ਅਤੇ ਫਾਈਨਲ ਮੁਕਾਬਲਾ ਮੋਹਾਲੀ ਵਿੱਚ ਖੇਡਿਆ ਜਾਵੇਗਾ।
ਹਰਮਨਪ੍ਰੀਤ ਸਿੰਘ ਦੇ ਘਰੇਲੂ ਮੈਦਾਨ ’ਤੇ ਖੇਡਣ ਨੂੰ ਦੱਸਿਆ ਮਾਣ ਵਾਲਾ ਪਲ
ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਸਟਾਰ ਖਿਡਾਰੀ ਹਰਮਨਪ੍ਰੀਤ ਸਿੰਘ, ਜਿਨ੍ਹਾਂ ਨੂੰ ‘ਸਰਪੰਚ ਸਾਹਿਬ’ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਭਾਵੁਕ ਗੱਲ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਹਰਮਨਪ੍ਰੀਤ ਸਿੰਘ ਅਕਸਰ ਕਹਿੰਦੇ ਸਨ ਕਿ ਉਨ੍ਹਾਂ ਨੂੰ ਦੁਨੀਆ ਦੇ ਕਈ ਦੇਸ਼ਾਂ ਵਿੱਚ ਖੇਡਣ ਦਾ ਮੌਕਾ ਮਿਲਿਆ, ਪਰ ਆਪਣੀ ਜਨਮਭੂਮੀ ’ਤੇ ਆਪਣੇ ਮਾਪਿਆਂ ਦੇ ਸਾਹਮਣੇ ਖੇਡਣ ਦਾ ਮੌਕਾ ਨਹੀਂ ਮਿਲਿਆ। ਹੁਣ ਆਪਣੀ ਧਰਤੀ ’ਤੇ ਖੇਡਣਾ ਉਨ੍ਹਾਂ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ।
ਛੇ ਦੇਸ਼ਾਂ ਦੀਆਂ ਟੀਮਾਂ ਲੈ ਰਹੀਆਂ ਹਨ ਹਿੱਸਾ
ਉਦਘਾਟਨੀ ਸਮਾਰੋਹ ਦੇ ਅੰਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਗ ਲੈਣ ਵਾਲੀਆਂ ਵਿਦੇਸ਼ੀ ਟੀਮਾਂ ਦੇ ਕਪਤਾਨਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਹਾਕੀ ਪ੍ਰੇਮੀਆਂ ਨੂੰ ਸਟੇਡੀਅਮ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ ਦੀ ਅਪੀਲ ਵੀ ਕੀਤੀ।
‘ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026’ ਵਿੱਚ ਭਾਰਤ, ਮਲੇਸ਼ੀਆ, ਜਾਪਾਨ, ਦੱਖਣੀ ਕੋਰੀਆ, ਚੀਨ ਅਤੇ ਬੰਗਲਾਦੇਸ਼ ਦੀਆਂ ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਟੂਰਨਾਮੈਂਟ ਨਾਲ ਪੰਜਾਬ ਵਿੱਚ ਹਾਕੀ ਪ੍ਰਤੀ ਉਤਸ਼ਾਹ ਨੂੰ ਹੋਰ ਹੁਲਾਰਾ ਮਿਲਣ ਦੀ ਉਮੀਦ ਹੈ।
