
ਚੰਡੀਗੜ੍ਹ, 2 ਅਗਸਤ 2026: ਪੰਜਾਬ ਵਿੱਚ ਇੱਕ ਵਾਰ ਫਿਰ ਮਾਨਸੂਨ ਸਰਗਰਮ ਹੋਣ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 3 ਤੋਂ 5 ਅਗਸਤ ਤੱਕ ਰਾਜ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਉਂਦਿਆਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਭਾਰੀ ਵਰਖਾ ਹੋ ਸਕਦੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
3 ਅਗਸਤ (ਐਤਵਾਰ) ਨੂੰ ਮਾਨਸੂਨ ਦੀ ਗਤੀਵਿਧੀ ਤੇਜ਼ ਹੋਣ ਦੀ ਸੰਭਾਵਨਾ ਹੈ। ਇਸ ਦਿਨ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਗਰਜ-ਤੂਫ਼ਾਨ ਦੇ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਜਦਕਿ ਪੰਜਾਬ ਦੇ ਹੋਰ ਬਹੁਤੇ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਹੋ ਸਕਦੀ ਹੈ।
4 ਅਗਸਤ ਨੂੰ ਮਾਨਸੂਨ ਆਪਣੇ ਚਰਮ ‘ਤੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਨੁਮਾਨ ਜਤਾਇਆ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਐਸ.ਏ.ਐਸ. ਨਗਰ (ਮੁਹਾਲੀ) ਸਮੇਤ ਕੁੱਲ ਨੌਂ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਕੁਝ ਥਾਵਾਂ ‘ਤੇ ਪਾਣੀ ਭਰਨ, ਆਵਾਜਾਈ ਪ੍ਰਭਾਵਿਤ ਹੋਣ ਅਤੇ ਨੀਵੇਂ ਇਲਾਕਿਆਂ ਵਿੱਚ ਜਲਭਰਾਅ ਦੀ ਸਥਿਤੀ ਵੀ ਬਣ ਸਕਦੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਰਗਰਮ ਮਾਨਸੂਨ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ 4 ਅਗਸਤ ਤੋਂ ਬਾਅਦ ਮਾਨਸੂਨ ਦੀ ਤੀਬਰਤਾ ਵਿੱਚ ਕਮੀ ਆ ਸਕਦੀ ਹੈ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਸ਼ਨੀਵਾਰ ਨੂੰ ਮੌਸਮ ਰਿਹਾ ਮੁੱਖ ਤੌਰ ‘ਤੇ ਖੁਸ਼ਕ
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ ਇੱਕ ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ।
ਵੱਧ ਤੋਂ ਵੱਧ ਤਾਪਮਾਨ ਵਿੱਚ ਰੂਪਨਗਰ ਸਭ ਤੋਂ ਗਰਮ ਰਿਹਾ, ਜਿੱਥੇ 35.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਵਿੱਚ 34.9 ਡਿਗਰੀ, ਲੁਧਿਆਣਾ ਵਿੱਚ 34.8 ਡਿਗਰੀ, ਅੰਮ੍ਰਿਤਸਰ ਵਿੱਚ 34.3 ਡਿਗਰੀ, ਹੁਸ਼ਿਆਰਪੁਰ ਵਿੱਚ 34.0 ਡਿਗਰੀ, ਸ਼ਹੀਦ ਭਗਤ ਸਿੰਘ ਨਗਰ ਵਿੱਚ 33.7 ਡਿਗਰੀ, ਗੁਰਦਾਸਪੁਰ ਵਿੱਚ 33.1 ਡਿਗਰੀ ਅਤੇ ਪਠਾਨਕੋਟ ਵਿੱਚ 32.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਰੂਪਨਗਰ ਵਿੱਚ 29.7 ਡਿਗਰੀ, ਪਟਿਆਲਾ ਵਿੱਚ 28.2 ਡਿਗਰੀ, ਲੁਧਿਆਣਾ ਵਿੱਚ 28.0 ਡਿਗਰੀ, ਫਾਜ਼ਿਲਕਾ ਵਿੱਚ 27.5 ਡਿਗਰੀ, ਅੰਮ੍ਰਿਤਸਰ ਵਿੱਚ 26.9 ਡਿਗਰੀ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ 26.7 ਡਿਗਰੀ, ਜਦਕਿ ਪਠਾਨਕੋਟ ਵਿੱਚ 26.5 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਮੀਂਹ ਅਤੇ ਗਰਜ-ਚਮਕ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ, ਨੀਵੇਂ ਇਲਾਕਿਆਂ ਵਿੱਚ ਸਾਵਧਾਨੀ ਵਰਤਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਅਪਡੇਟਾਂ ‘ਤੇ ਨਜ਼ਰ ਬਣਾਈ ਰੱਖਣ, ਤਾਂ ਜੋ ਕਿਸੇ ਵੀ ਸੰਭਾਵਿਤ ਅਸੁਵਿਧਾ ਤੋਂ ਬਚਿਆ ਜਾ ਸਕੇ।
