Wednesday, October 28Punjabi People

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 1 ਕਿੱਲੋ ਅਫ਼ੀਮ, 8 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਨਕਦੀ ਸਮੇਤ 3 ਤਸਕਰ ਕਾਬੂ

ਜਲੰਧਰ, 22 ਸਤੰਬਰ 2026: ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 3 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1 ਕਿੱਲੋ ਅਫ਼ੀਮ, 5 ਹਜ਼ਾਰ ਪ੍ਰੇਗਾ ਦੀਆਂ ਗੋਲੀਆਂ, 3 ਹਜ਼ਾਰ ਹੋਰ ਨਸ਼ੀਲੀਆਂ ਗੋਲੀਆਂ ਅਤੇ 22 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ.-2 ਮਾਧਵੀ ਸ਼ਰਮਾ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦਿਆਂ ਇੱਕ ਵਿਅਕਤੀ ਨੂੰ 1 ਕਿੱਲੋ ਅਫ਼ੀਮ ਸਮੇਤ ਕਾਬੂ ਕੀਤਾ ਗਿਆ।

ਪੁਲਿਸ ਅਨੁਸਾਰ, ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ’ਤੇ ਇਸ ਮਾਮਲੇ ਵਿੱਚ 2 ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਵਿੱਚ ਕਥਿਤ ਤੌਰ ’ਤੇ ਸਾਹਮਣੇ ਆਇਆ ਹੈ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਦੀ ਵੱਡੀ ਖੇਪ ਦੂਜੇ ਸੂਬੇ ਤੋਂ ਤਸਕਰੀ ਕਰਕੇ ਜਲੰਧਰ ਲੈ ਕੇ ਆਏ ਸਨ।

ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਮੁੱਖ ਮੁਲਜ਼ਮ ਦੀ ਪਛਾਣ ਬਾਬੂ ਲਾਭ ਸਿੰਘ ਨਗਰ ਵਾਸੀ ਸ਼ੁਭਮ ਸ਼ਰਮਾ ਵਜੋਂ ਹੋਈ ਹੈ। ਪੁਲਿਸ ਮੁਤਾਬਕ ਤਿੰਨਾਂ ਮੁਲਜ਼ਮਾਂ ਦੀ ਉਮਰ ਕਰੀਬ 24 ਤੋਂ 25 ਸਾਲ ਦੇ ਵਿਚਕਾਰ ਹੈ, ਜਦਕਿ ਇਨ੍ਹਾਂ ਵਿੱਚੋਂ ਇੱਕ ਕਪੂਰਥਲਾ ਦਾ ਰਹਿਣ ਵਾਲਾ ਹੈ।

ਪੁਲਿਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਬਰਾਮਦ ਕੀਤੀ ਗਈ ਨਕਦੀ ਨੂੰ ਡਰੱਗ ਮਨੀ ਵਜੋਂ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 5 ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਜਾਰੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਪੁੱਛਗਿੱਛ ਦੌਰਾਨ ਨਸ਼ਾ ਸਪਲਾਈ ਕਰਨ ਵਾਲੇ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

ਏ.ਡੀ.ਸੀ.ਪੀ. ਮਾਧਵੀ ਸ਼ਰਮਾ ਨੇ ਕਿਹਾ ਕਿ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਪਹੁੰਚ ਕੀਤੀ ਜਾ ਸਕੇ।

Leave a Reply

Your email address will not be published. Required fields are marked *