
ਧੂਰੀ, 11 ਜੁਲਾਈ 2026: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਸ਼ਨੀਵਾਰ ਨੂੰ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡ ਕੱਕੜਵਾਲ ਅਤੇ ਸੁਲਤਾਨਪੁਰ ਵਿੱਚ ਆਯੋਜਿਤ ‘ਲੋਕ ਮਿਲਣੀ’ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵਿਕਾਸ ਨਾਲ ਸਬੰਧਤ ਮੰਗਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ‘ਤੇ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇ।
ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕੇਂਦਰਿਤ ਅਤੇ ਜਵਾਬਦੇਹ ਪ੍ਰਸ਼ਾਸਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ‘ਲੋਕ ਮਿਲਣੀ’ ਪ੍ਰੋਗਰਾਮ ਲਗਾਤਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾਉਣ ਦੀ ਬਜਾਏ ਉਨ੍ਹਾਂ ਦੇ ਆਪਣੇ ਇਲਾਕੇ ਵਿੱਚ ਹੀ ਸਰਕਾਰੀ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਦਾ ਮੌਕਾ ਦੇਣਾ ਹੈ, ਤਾਂ ਜੋ ਸਮੱਸਿਆਵਾਂ ਦਾ ਤੁਰੰਤ ਹੱਲ ਹੋ ਸਕੇ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਰ ਨਾਗਰਿਕ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਸਮੇਂ ਸਿਰ ਸਰਕਾਰੀ ਸੇਵਾਵਾਂ ਮਿਲਣ। ਇਸੇ ਮੰਤਵ ਨਾਲ ‘ਲੋਕ ਮਿਲਣੀ’ ਵਰਗੇ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੱਕ ਲਿਜਾਇਆ ਜਾ ਰਿਹਾ ਹੈ, ਜਿੱਥੇ ਲੋਕ ਬਿਨਾਂ ਕਿਸੇ ਝਿਜਕ ਆਪਣੇ ਮੁੱਦੇ ਸਿੱਧੇ ਸਰਕਾਰ ਦੇ ਧਿਆਨ ਵਿੱਚ ਲਿਆ ਸਕਦੇ ਹਨ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਆਪਣੀਆਂ ਸਮੱਸਿਆਵਾਂ ਹੀ ਨਹੀਂ, ਸਗੋਂ ਆਪਣੇ ਪਿੰਡਾਂ ਅਤੇ ਇਲਾਕਿਆਂ ਦੇ ਵਿਕਾਸ ਲਈ ਉਸਾਰੂ ਸੁਝਾਅ ਵੀ ਸਰਕਾਰ ਤੱਕ ਪਹੁੰਚਾਉਣ, ਤਾਂ ਜੋ ਲੋਕ ਭਾਗੀਦਾਰੀ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੱਤੀ ਜਾ ਸਕੇ।
ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਪਾਣੀ, ਸੜਕਾਂ, ਸੀਵਰੇਜ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਦਰ ‘ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਆਮ ਲੋਕਾਂ ਨੂੰ ਆਪਣੀ ਗੱਲ ਸਿੱਧੇ ਤੌਰ ‘ਤੇ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਮਿਲਦਾ ਹੈ।
ਇਸ ਮੌਕੇ ਪੰਚਾਇਤ ਨੁਮਾਇੰਦੇ, ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਰਹੇ, ਜਿਨ੍ਹਾਂ ਨੇ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਸਰਗਰਮ ਭਾਗੀਦਾਰੀ ਕਰਦਿਆਂ ਆਪਣੇ ਇਲਾਕੇ ਦੇ ਵਿਕਾਸ ਸਬੰਧੀ ਸੁਝਾਅ ਵੀ ਸਾਂਝੇ ਕੀਤੇ।
