
ਜਲੰਧਰ, 29 ਸਤੰਬਰ 2026: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਾਲ ਹੀ ਵਿੱਚ ਵਾਪਰੀ ਹਿੰਸਾ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਇਸ ਸਬੰਧੀ ਅਦਾਲਤ ਵਿੱਚ ਇੱਕ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ।
ਮੰਗਲਵਾਰ ਨੂੰ ਪਟੀਸ਼ਨ ਨੂੰ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਸਾਹਮਣੇ ਤੁਰੰਤ ਸੁਣਵਾਈ ਲਈ ਪੇਸ਼ ਕੀਤਾ ਗਿਆ। ਬੈਂਚ ਨੇ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਕਰਨ ਲਈ ਸਹਿਮਤੀ ਦਿੱਤੀ ਹੈ।
ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਯੂਨੀਵਰਸਿਟੀ ਕੈਂਪਸ ਵਿੱਚ ਹੋਈ ਹਿੰਸਾ ਦੌਰਾਨ ਕਥਿਤ ਤੌਰ ’ਤੇ ਦੰਗੇ, ਅੱਗਜ਼ਨੀ ਅਤੇ ਲੁੱਟਮਾਰ ਦੀਆਂ ਘਟਨਾਵਾਂ ਵਾਪਰੀਆਂ। ਪਟੀਸ਼ਨਰ ਵੱਲੋਂ ਅਦਾਲਤ ਨੂੰ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਅਤੇ ਪੂਰੇ ਘਟਨਾਕ੍ਰਮ ਦੀ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਪਟੀਸ਼ਨ ਵਿੱਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਹਿੰਸਾ ਦੌਰਾਨ ਯੂਨੀਵਰਸਿਟੀ ਕੈਂਪਸ ਵਿੱਚ ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਕੁਝ ਦੁਕਾਨਾਂ ਵਿੱਚ ਲੁੱਟਮਾਰ ਅਤੇ ਅੱਗਜ਼ਨੀ ਹੋਣ ਦੇ ਵੀ ਦਾਅਵੇ ਕੀਤੇ ਗਏ ਹਨ। ਪ੍ਰਦਰਸ਼ਨਾਂ ਕਾਰਨ ਦਿੱਲੀ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ਵੀ ਕਰੀਬ 18 ਘੰਟਿਆਂ ਤੱਕ ਪ੍ਰਭਾਵਿਤ ਰਹਿਣ ਦਾ ਦਾਅਵਾ ਕੀਤਾ ਗਿਆ ਹੈ।
ਕੈਂਪਸ ਵਿੱਚ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਨੇ 28 ਸਤੰਬਰ ਤੋਂ ਅਗਲੇ 10 ਦਿਨਾਂ ਲਈ ਸਾਰੀਆਂ ਕਲਾਸਾਂ ਅਤੇ ਅਕਾਦਮਿਕ ਗਤੀਵਿਧੀਆਂ ਮੁਅੱਤਲ ਕਰ ਦਿੱਤੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਵਿਦਿਆਰਥੀਆਂ ਵਿੱਚ ਰੋਸ ਵਧ ਗਿਆ ਸੀ। ਹਾਲਾਂਕਿ, ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਵੱਲੋਂ ਅਜੇ ਤੱਕ ਅਜਿਹੀ ਕਿਸੇ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
