Saturday, September 12Punjabi People

ਨਸ਼ਿਆਂ ਖ਼ਿਲਾਫ਼ ਵੱਡੀ ਸਫਲਤਾ: ਫਿਰੋਜ਼ਪੁਰ ’ਚ 30 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ, 11 ਅਗਸਤ 2026: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਦੀ ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24), ਵਾਸੀ ਕਸੂਰੀ ਗੇਟ, ਫਿਰੋਜ਼ਪੁਰ; ਅਕਾਸ਼ ਸਿੰਘ ਉਰਫ਼ ਅਕਾਸ਼ (22), ਵਾਸੀ ਪਿੰਡ ਗੁਲਾਮ ਪੱਤਰਾ, ਫਿਰੋਜ਼ਪੁਰ ਅਤੇ ਮੌਜੂਦਾ ਵਾਸੀ ਸੰਤ ਕਬੀਰ ਨਗਰ, ਫਿਰੋਜ਼ਪੁਰ; ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25), ਵਾਸੀ ਰਾਜਘਾਟ, ਫਿਰੋਜ਼ਪੁਰ ਵਜੋਂ ਹੋਈ ਹੈ।ਪੁਲਿਸ ਨੇ ਹੈਰੋਇਨ ਦੀ ਵੱਡੀ ਖੇਪ ਤੋਂ ਇਲਾਵਾ ਤਸਕਰੀ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ (PB-77-5973) ਵੀ ਜ਼ਬਤ ਕੀਤੀ ਹੈ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ (BSF) ਨਾਲ ਸਾਂਝੇ ਆਪਰੇਸ਼ਨ ਦੌਰਾਨ 30.200 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹੋਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਵਿਦੇਸ਼ ਸਥਿਤ ਇੱਕ ਨਸ਼ਾ ਤਸਕਰ ਵੱਲੋਂ ਕੌਮਾਂਤਰੀ ਸਰਹੱਦ ਪਾਰੋਂ ਭੇਜੀ ਗਈ ਸੀ। ਇਸ ਤੋਂ ਬਾਅਦ ਇੱਕ ਭਾਰਤੀ ਤਸਕਰ ਨੇ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਇਲਾਕੇ ਵਿੱਚੋਂ ਇਹ ਖੇਪ ਹਾਸਲ ਕੀਤੀ ਸੀ, ਜਿਸ ਨੂੰ ਅੱਗੇ ਸਪਲਾਈ ਕੀਤਾ ਜਾਣਾ ਸੀ।

ਉਨ੍ਹਾਂ ਕਿਹਾ ਕਿ ਸਰਹੱਦ ਪਾਰ ਬੈਠੇ ਹੈਂਡਲਰਾਂ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਨੈੱਟਵਰਕ ਦੇ ਅਗਲੇ ਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਏਡੀਜੀਪੀ ਏਐਨਟੀਐਫ ਨੀਲਭ ਕਿਸ਼ੋਰ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਵੱਡੀ ਖੇਪ ਹਾਸਲ ਕਰਨ ਤੋਂ ਬਾਅਦ ਇਸ ਨੂੰ ਲਿਜਾਣ ਦੀ ਕੋਸ਼ਿਸ਼ ਸਬੰਧੀ ਮਿਲੀ ਠੋਸ ਮਨੁੱਖੀ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ। ਐਸਪੀ ਏਐਨਟੀਐਫ ਫਿਰੋਜ਼ਪੁਰ ਰੇਂਜ ਗੁਰਿੰਦਰਬੀਰ ਸਿੰਘ ਦੀ ਅਗਵਾਈ ਹੇਠ ਏਐਨਟੀਐਫ ਟੀਮਾਂ ਨੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਵਿਸ਼ੇਸ਼ ਆਪਰੇਸ਼ਨ ਚਲਾਇਆ।

ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਤਿੰਨ ਸ਼ੱਕੀ ਵਿਅਕਤੀਆਂ ਨੂੰ ਰੋਕਿਆ। ਵਾਹਨ ਦੀ ਤਲਾਸ਼ੀ ਲੈਣ ’ਤੇ 30.672 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ।

ਏਡੀਜੀਪੀ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੈੱਟਵਰਕ ਨਾਲ ਜੁੜੀਆਂ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 177, ਮਿਤੀ 10 ਅਗਸਤ 2026 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਥਾਣਾ ਏਐਨਟੀਐਫ, ਐਸਏਐਸ ਨਗਰ ਵਿਖੇ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *